ਸਿੱਧੂ ਦੀ ਚਣੋਤੀ ਕਬੂਲ ਕਰਨ ਵਾਲੇ ਮਾਝੇ ਦੇ ਜਰਨੈਲ ਮਜੀਠੀਆ ਨੂੰ ਅਦਾਲਤ ਨੇ 8 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ – ਕਲ ਹੋਵੇਗੀ ਸੁਣਵਾਈ
NEWS PUNJAB
ਮਾਝੇ ਦੇ ਜਰਨੈਲ ਵਜੋਂ ਮਸ਼ਹੂਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਇਸ ਵਾਰ ਅੰਮ੍ਰਿਤਸਰ ਪੂਰਬੀ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜ ਰਹੇ ਹਨ। ਇਸ ਤੋਂ ਪਹਿਲਾਂ ਉਹ ਮਜੀਠਾ ਤੋਂ ਅਕਾਲੀ ਦਲ ਦੇ ਉਮੀਦਵਾਰ ਸਨ। ਸਿੱਧੂ ਨੇ ਉਨ੍ਹਾਂ ਦੇ ਸਾਹਮਣੇ ਚੋਣ ਲੜਨ ਦੀ ਚੁਣੌਤੀ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਮਜੀਠਾ ਸੀਟ ਛੱਡ ਕੇ ਅੰਮ੍ਰਿਤਸਰ ਪੂਰਬੀ ਤੋਂ ਹੀ ਚੋਣ ਲੜਨ ਦਾ ਐਲਾਨ ਕਰ ਦਿੱਤਾ। ਉਨ੍ਹਾਂ ਦੀ ਪਤਨੀ ਗਨੀਵ ਕੌਰ ਨੂੰ ਮਜੀਠਾ ਤੋਂ ਉਮੀਦਵਾਰ ਬਣਾਇਆ ਗਿਆ ਹੈ। ਉਹਨਾਂ ਵਲੋਂ ਚੁਣੌਤੀ ਕਬੂਲ ਕਰਨ ਨਾਲ ਪੰਜਾਬ ਵਿੱਚ ਅਕਾਲੀ ਦਲ ਮਜ਼ਬੂਤ ਸਥਿਤੀ ਵਿੱਚ ਆ ਗਿਆ ਸੀ।
ਨਿਊਜ਼ ਪੰਜਾਬ
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀਰਵਾਰ ਨੂੰ ਮੁਹਾਲੀ ਅਦਾਲਤ 8 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਵੇਗੀ। ਜਾਣਕਾਰੀ ਮੁਤਾਬਕ ਵੀਰਵਾਰ ਨੂੰ ਜਿਵੇਂ ਹੀ ਬਿਕਰਮ ਸਿੰਘ ਮਜੀਠੀਆ ਜ਼ਿਲਾ ਅਦਾਲਤ ‘ਚ ਪੁੱਜੇ ਤਾਂ ਪੰਜਾਬ ਪੁਲਸ ਦੀਆਂ ਟੀਮਾਂ ਪਹਿਲਾਂ ਤੋਂ ਹੀ ਉਥੇ ਪਹੁੰਚ ਗਈਆਂ ਸਨ। ਇਸ ਤੋਂ ਬਾਅਦ ਮਜੀਠੀਆ ਨੇ ਆਤਮ ਸਮਰਪਣ ਕਰ ਦਿੱਤਾ ਅਤੇ ਜ਼ਮਾਨਤ ਲਈ ਪਟੀਸ਼ਨ ਪਾਈ ਗਈ। ਇਸ ਦੌਰਾਨ ਅਦਾਲਤ ਵਿੱਚ ਬਕਾਇਦਾ ਕੇਸਾਂ ਦੀ ਸੁਣਵਾਈ ਹੋ ਰਹੀ ਸੀ। ਅਦਾਲਤ ਨੇ ਪੁਲਿਸ ਨੂੰ ਪੁੱਛਿਆ ਕਿ ਕੀ ਤੁਸੀਂ ਮਜੀਠੀਆ ਤੋਂ ਪੁੱਛਗਿੱਛ ਕਰਨਾ ਚਾਹੁੰਦੇ ਹੋ। ਇਸ ‘ਤੇ ਪੁਲਸ ਨੇ ਕਿਹਾ ਕਿ ਸਾਡੇ ਕੋਲ ਕਈ ਸਵਾਲ ਹਨ, ਜਿਨ੍ਹਾਂ ਬਾਰੇ ਅਸੀਂ ਮਜੀਠੀਆ ਦਾ ਪੱਖ ਜਾਨਣਾ ਚਾਹੁੰਦੇ ਹਾਂ। ਇਸ ਤੋਂ ਬਾਅਦ ਅਦਾਲਤ ਨੇ ਪੁਲਿਸ ਨੂੰ ਅਦਾਲਤ ਦੇ ਨਾਲ ਵਾਲੇ ਕਮਰੇ ਵਿੱਚ ਮਜੀਠੀਆ ਤੋਂ ਪੁੱਛਗਿੱਛ ਕਰਨ ਲਈ ਇੱਕ ਘੰਟੇ ਦਾ ਸਮਾਂ ਦਿੱਤਾ। ਜਿਸ ਤੋਂ ਬਾਅਦ ਅਦਾਲਤ ਵੱਲੋਂ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ।
ਇਸ ਦੇ ਨਾਲ ਹੀ ਜਿਵੇਂ ਹੀ ਅਕਾਲੀ ਸਮਰਥਕਾਂ ਨੂੰ ਪਤਾ ਲੱਗਾ ਕਿ ਮਜੀਠੀਆ ਨੇ ਆਤਮ ਸਮਰਪਣ ਕਰ ਦਿੱਤਾ ਹੈ ਤਾਂ ਵੱਡੀ ਗਿਣਤੀ ਵਿਚ ਅਕਾਲੀ ਵਿਧਾਇਕ ਅਤੇ ਸਮਰਥਕ ਅਦਾਲਤ ਦੇ ਬਾਹਰ ਪਹੁੰਚ ਗਏ। ਮਾਮਲੇ ਦੀ ਜਾਂਚ ਕਰ ਰਹੀ ਟੀਮ ਨੇ ਸਾਰੇ ਸਮਰਥਕਾਂ ਨੂੰ ਅਦਾਲਤ ਦੇ ਬਾਹਰ ਰੋਕ ਦਿੱਤਾ।
ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਨੂੰ 23 ਫਰਵਰੀ ਤੱਕ ਬਿਕਰਮ ਮਜੀਠੀਆ ਨੂੰ ਕਥਿਤ ਡਰੱਗਜ਼ ਮਾਮਲੇ ਵਿੱਚ ਗ੍ਰਿਫ਼ਤਾਰ ਨਾ ਕਰਨ ਦੇ ਨਿਰਦੇਸ਼ ਦਿੱਤੇ ਸਨ। ਮਜੀਠੀਆ ਨੂੰ 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੇਠਲੀ ਅਦਾਲਤ ਅੱਗੇ ਆਤਮ ਸਮਰਪਣ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਸਨ।