ਬੀਬੀਐੱਮਬੀ ਮਾਮਲੇ ’ਚ ਭਾਕਿਯੂ ਏਕਤਾ (ਉਗਰਾਹਾਂ) ਵੱਲੋਂ 5 ਨੂੰ ਰਾਜ ਭਰ ਵਿੱਚ ਪ੍ਰਦਰਸ਼ਨ

ਨਿਊਜ਼ ਪੰਜਾਬ

ਮਾਨਸਾ, 1 ਮਾਰਚ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ 5 ਮਾਰਚ ਨੂੰ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚ ਪੰਜਾਬ-ਹਰਿਆਣ ਦਾ ਕੰਟਰੋਲ ਖ਼ਤਮ ਕਰ ਰਹੀ ਮੋਦੀ ਸਰਕਾਰ ਦੇ ਫ਼ੈਸਲੇ ਵਿਰੁੱਧ ਸੂਬਾ ਭਰ ਵਿੱਚ ਜ਼ਿਲ੍ਹੇ ਕੇਂਦਰਾਂ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਬਿਜਲੀ ਪੈਦਾਵਾਰ ਦੇ ਪ੍ਰਦੂਸ਼ਣ-ਰਹਿਤ ਭਾਖੜਾ ਡੈਮ ਪ੍ਰਾਜੈਕਟ ਵਿੱਚ ਪੰਜਾਬ-ਹਰਿਆਣ ਨੂੰ 60:40 ਨੁਮਾਇੰਦਗੀ ਦੇਣ ਦੇ ਦੋ ਠੋਸ ਆਧਾਰ ਸਨ। ਇੱਕ ਤਾਂ ਇਹ ਪ੍ਰਾਜੈਕਟ ਪੰਜਾਬ ਵਿੱਚ ਸਥਿਤ ਹੈ ਅਤੇ ਦੂਜਾ ਮੀਂਹ ਮੌਕੇ ਵਾਧੂ ਪਾਣੀ ਛੱਡਣ ਨਾਲ ਹੜ੍ਹ ਕਾਰਨ ਹੁੰਦੀ ਜਾਨ-ਮਾਲ ਦੀ ਭਾਰੀ ਤਬਾਹੀ ਦੀ ਮਾਰ ਪੰਜਾਬ ਵਾਸੀਆਂ ਨੂੰ ਹੀ ਝੱਲਣੀ ਪੈਂਦੀ ਹੈ। ਜਥੇਬੰਦੀ ਦੀ ਜ਼ੋਰਦਾਰ ਮੰਗ ਹੈ ਕਿ ਬੀਬੀਐੱਮਬੀ ਦੀ ਪਹਿਲੀ ਸਥਿਤੀ ਬਹਾਲ ਰੱਖੀ ਜਾਵੇ ਅਤੇ ਇਸ ਦਾ ਕੰਟਰੋਲ ਪੰਜਾਬ ਅਤੇ ਹਰਿਆਣਾ ਦੇ ਹੱਥਾਂ ਵਿੱਚ ਹੀ ਰਹਿਣ ਦੀ ਗਾਰੰਟੀ ਕੀਤੀ ਜਾਵੇ।