ਰੂਸ ਅਤੇ ਯੂਕਰੇਨ ਦੀ ਲੜਾਈ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ – ਭਾਰਤ ਸਰਕਾਰ ਨੇ ਵਿਦਿਆਰਥੀਆਂ ਨੂੰ ਦਿੱਤੀ ਸਲਾਹ
ਨਿਊਜ਼ ਪੰਜਾਬ
ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਮੰਗਲਵਾਰ ਨੂੰ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਟਵੀਟ ਕਰਕੇ ਇਸ ਦੀ ਪੁਸ਼ਟੀ ਕੀਤੀ। ਯੂਕਰੇਨ ‘ਤੇ ਰੂਸ ਦੇ ਹਮਲੇ ਦੇ ਛੇਵੇਂ ਦਿਨ ਮਾਰਿਆ ਗਿਆ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਕਰਨਾਟਕ ਦੇ ਹਵੇਰੀ ਦੇ ਚਾਲਗੇਰੀ ਦਾ ਰਹਿਣ ਵਾਲਾ ਸੀ। ਨਵੀਨ ਖਾਰਕਿਵ ਨੈਸ਼ਨਲ ਮੈਡੀਕਲ ਯੂਨੀਵਰਸਿਟੀ ‘ਚ ਮੈਡੀਕਲ ਦੀ ਪੜ੍ਹਾਈ ਕਰ ਰਿਹਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਜਦੋਂ ਉਹ ਆਪਣੇ ਅਪਾਰਟਮੈਂਟ ਤੋਂ ਸਟੇਸ਼ਨ ਵੱਲ ਜਾ ਰਿਹਾ ਸੀ ਤਾਂ ਰੂਸੀ ਹਮਲੇ ਕਾਰਨ ਉਹ ਅੱਗ ਦੀ ਲਪੇਟ ‘ਚ ਆ ਗਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਵੀ ਟਵੀਟ ਕਰਕੇ ਨਵੀਨ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਹ ਕਰਨਾਟਕ ਦਾ ਰਹਿਣ ਵਾਲਾ ਸੀ।
ਕਰਨਾਟਕ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (SDMA) ਦੇ ਕਮਿਸ਼ਨਰ ਮਨੋਜ ਰਾਜਨ ਨੇ ਕਿਹਾ, ”ਅਸੀਂ ਵਿਦੇਸ਼ ਮੰਤਰਾਲੇ ਤੋਂ ਨਵੀਨ ਸ਼ੇਖਰੱਪਾ ਦੀ ਯੂਕਰੇਨ ‘ਚ ਮੌਤ ਦੀ ਪੁਸ਼ਟੀ ਕੀਤੀ ਹੈ। ਉਹ ਹਵੇਰੀ ਦੇ ਚਲਗੇਰੀ ਦਾ ਰਹਿਣ ਵਾਲਾ ਸੀ।
ਯੂਕਰੇਨ ਵਿੱਚ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਮੌਤ ਤੋਂ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਉਸਦੇ ਪਿਤਾ ਨਾਲ ਗੱਲ ਕੀਤੀ। ਬੋਮਈ ਨੇ ਕਿਹਾ ਕਿ ਨਵੀਨ ਦੀ ਦੇਹ ਨੂੰ ਭਾਰਤ ਵਾਪਸ ਲਿਆਉਣ ਲਈ ਸਾਰੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਗੱਲਬਾਤ ਕਰ ਰਹੇ ਹਨ।
ਮਹੱਤਵਪੂਰਨ ਗੱਲ ਇਹ ਹੈ ਕਿ ਯੂਕਰੇਨ ਦੇ ਖਾਰਕਿਵ ਵਿੱਚ ਅਜੇ ਵੀ ਕਈ ਭਾਰਤੀ ਵਿਦਿਆਰਥੀ ਫਸੇ ਹੋਏ ਹਨ। ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਲਈ ਯਤਨ ਜਾਰੀ ਹਨ। ਭਾਰਤੀਆਂ ਨੂੰ ਵਾਪਸ ਲਿਆਉਣ ਲਈ ਸਰਕਾਰ ਆਪਰੇਸ਼ਨ ਗੰਗਾ ਚਲਾ ਰਹੀ ਹੈ। 26 ਫਰਵਰੀ ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਹੁਣ ਤੱਕ 2 ਹਜ਼ਾਰ ਤੋਂ ਵੱਧ ਭਾਰਤੀਆਂ ਨੂੰ ਵਾਪਸ ਲਿਆਂਦਾ ਜਾ ਚੁੱਕਾ ਹੈ।