ਵੋਟਾਂ ਦੀ ਗਿਣਤੀ ਵਾਲੇ ਦਿਨ 10 ਮਾਰਚ ਨੂੰ ਡਰਾਈ ਡੇ ਘੋਸ਼ਿਤ – ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਤੇ ਵੀ ਪਾਬੰਦੀਆਂ

ਨਿਊਜ਼ ਪੰਜਾਬ

ਮੋਗਾ, 9 ਮਾਰਚ: – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਮਿਤੀ 10 ਮਾਰਚ, 2022 ਨੂੰ ਕੀਤੀ ਜਾ ਰਹੀ ਹੈ।  ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਦੌਰਾਨ ਅਮਨ ’ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ 10 ਮਾਰਚ, 2022 ਨੂੰ ਡਰਾਈ ਡੇ ਘੋਸ਼ਿਤ ਕੀਤਾ ਜਾਣਾ ਜਰੂਰੀ ਹੈ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਜ਼ਿਲਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ਼) ਮੋਗਾ ਸ੍ਰੀ ਹਰਚਰਨ ਸਿੰਘ ਨੇ ਦੱਸਿਆ ਕਿ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ਦੀ ਹਦੂਦ ਅੰਦਰ ਚੋਣਾਂ ਦੀ ਗਿਣਤੀ ਵਾਲੇ ਦਿਨ ਮਿਤੀ 10 ਮਾਰਚ, 2022 ਨੂੰ ਡਰਾਈ ਡੇ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਬਗੈਰ ਲਾਇਸੰਸ ਅਨੁਮਤ ਮਾਤਰਾ ਤੋਂ ਵੱਧ ਸ਼ਰਾਬ ਸਟੋਰ ਕਰਨ ’ਤੇ ਪੂਰਨ ਤੌਰ ’ਤੇ ਰੋਕ ਲਗਾਈ ਜਾਂਦੀ ਹੈ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜ਼ਤ ਹੈ ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।