ਆਪ ਨੇ ਰਾਜ ਸਭਾ ਲਈ ਹਰਭਜਨ, ਰਾਗਵ ਚੱਢਾ ਸਮੇਤ ਪੰਜ ਉਮੀਦਵਾਰ ਐਲਾਨੇ

ਪੰਜਾਬ ਵਿੱਚ ਰਾਜ ਸਭਾ ਦੀਆਂ ਪੰਜ ਸੀਟਾਂ ਲਈ 31 ਮਾਰਚ ਨੂੰ ਚੋਣਾਂ ਹੋਣ ਜਾ ਰਹੀਆਂ ਹਨ। 21 ਮਾਰਚ ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੈ। ਇਹ ਸਾਰੀਆਂ ਪੰਜ ਸੀਟਾਂ ਆਮ ਆਦਮੀ ਪਾਰਟੀ ਨੂੰ ਮਿਲ ਸਕਦੀਆਂ ਹਨ, ਜਿਸ ਨੇ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਆਮ ਆਦਮੀ ਪਾਰਟੀ ਨੇ ਸੋਮਵਾਰ ਨੂੰ ਰਾਜ ਸਭਾ ਜਾਣ ਵਾਲੇ ਪੰਜਾਂ ਨਾਵਾਂ ‘ਤੇ ਮੋਹਰ ਲਗਾ ਦਿੱਤੀ ਹੈ। ਇਨ੍ਹਾਂ ਵਿਚ ਡਾ. ਸੰਜੀਵ ਪਾਠਕ, ਕ੍ਰਿਕਟਰ ਹਰਭਜਨ ਸਿੰਘ, ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਜੀਵ ਅਰੋੜਾ ਦੇ ਨਾਂ ਸ਼ਾਮਲ ਹਨ।

ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਜਿੱਤ ਵਿੱਚ ਡਾ. ਸੰਦੀਪ ਪਾਠਕ (Sandeep Pathak) ਦਾ ਅਹਿਮ ਯੋਗਦਾਨ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਡਾ: ਸੰਦੀਪ ਪਾਠਕ ਨੇ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਦੀ ਰਣਨੀਤੀ ਬਣਾਈ ਹੈ। ਸੰਜੀਵ ਅਰੋੜਾ ਪੰਜਾਬ ਦੇ ਵੱਡੇ ਸਨਅਤਕਾਰ ਹਨ ਤੇ ਅਸ਼ੋਕ ਮਿੱਤਲ ਐੱਲਪੀਯੂ ਦੇ ਚਾਂਸਲਰ ਹਨ। ਹਰਭਜਨ ਸਿੰਘ ਜਲੰਧਰ ਦੇ ਰਹਿਣ ਵਾਲੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ। ਇਸ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਦੌਰਾਨ ਹਰਭਜਨ ਸਿੰਘ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਵੀ ਚਰਚਾਵਾਂ ਚੱਲ ਰਹੀਆਂ ਸਨ। ਇਹ ਚਰਚਾ ਉਸ ਸਮੇਂ ਹੋਈ ਜਦੋਂ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨਾਲ ਇੱਕ ਫੋਟੋ ਟਵੀਟ ਕੀਤੀ।