ਪੰਜਾਬ ਦੇ ਹੱਕ ਲੈਣ ਲਈ ਕਰਾਂਗੇ ਡਟ ਕੇ ਸੰਘਰਸ਼ : ਭਗਵੰਤ ਮਾਨ
ਚੰਡੀਗੜ੍ਹ, 28 ਮਾਰਚ
ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰ ਸਰਕਾਰ ਦੇ ਨੇਮ ਲਾਗੂ ਕਰਨ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਸੂਬੇ ਦੀਆਂ ਪ੍ਰਮੁੱਖ ਰਾਜਨੀਤਕ ਪਾਰਟੀਆਂ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸੇਧਿਆ ਹੈ। ਸੂਬੇ ਦੀਆਂ ਵਿਰੋਧੀ ਧਿਰਾਂ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਵੀ ਇਸ ਮਾਮਲੇ ਉਤੇ ਘੇਰਿਆ ਹੈ। ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਗੈਰ-ਸਿਆਸੀ ਸੰਗਠਨਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਐਲਾਨ ਨੂੰ ਪੰਜਾਬ ਅਤੇ ਪੰਜਾਬੀਅਤ ਨਾਲ ਧੱਕਾ ਕਰਾਰ ਦਿੱਤਾ ਹੈ। ਰਾਜਸੀ ਪਾਰਟੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਚੰਡੀਗੜ੍ਹ ਤੋਂ ਪੰਜਾਬ ਦਾ ਹੱਕ ਸਦਾ ਲਈ ਖ਼ਤਮ ਕਰਦੇ ਹੋਏ ਇਸ ਸ਼ਹਿਰ ਨੂੰ ਸੰਪੂਰਨ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਲਈ ਅੱਗੇ ਵਧ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਮੁਲਾਜ਼ਮਾਂ ’ਤੇ ਕੇਂਦਰੀ ਨੇਮ ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਇਕ ਟਵੀਟ ਵਿੱਚ ਕਿਹਾ ਕਿ, ‘ਕੇਂਦਰ ਸਰਕਾਰ ਪੜਾਅਵਾਰ (ਗਿਣੀ-ਮਿੱਥੀ ਸਾਜ਼ਿਸ਼ ਤਹਿਤ) ਹੋਰਨਾਂ ਰਾਜਾਂ ਦੇ ਅਧਿਕਾਰੀਆਂ ਅਤੇ ਅਮਲੇ ਨੂੰ ਚੰਡੀਗੜ੍ਹ ਪ੍ਰਸ਼ਾਸਨ ਹਵਾਲੇ ਕਰ ਰਹੀ ਹੈ ਜੋ ਕਿ ਪੰਜਾਬ ਪੁਨਰਗਠਨ ਐਕਟ 1966 ਦੇ ਵਿਰੁੱਧ ਹੈ। ਪੰਜਾਬ, ਚੰਡੀਗੜ੍ਹ ਉੱਤੇ ਆਪਣੇ ਜਾਇਜ਼ ਹੱਕ ਦੀ ਲੜਾਈ ਨੂੰ ਮਜ਼ਬੂਤੀ ਨਾਲ ਲੜਦਾ ਰਹੇਗਾ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ‘ਆਪ’ ਦੇ ਵਧਦੇ ਸਿਆਸੀ ਘੇਰੇ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਬੁਖਲਾਹਟ ਵਿਚ ਇਹ ਕਦਮ ਚੁੱਕਿਆ ਹੈ। ਸਿਆਸੀ ਧਿਰਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਪੰਜਾਬ ਸੇਵਾਵਾਂ ਨਿਯਮ ਲਾਗੂ ਹੋਣਾ ਇਸ ਗੱਲ ਦਾ ਪ੍ਰਤੀਕ ਸੀ ਕਿ ਚੰਡੀਗੜ੍ਹ ਉੱਤੇ ਮੁੱਢਲਾ ਹੱਕ ਪੰਜਾਬ ਦਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਕੋਈ ਹੋਰ ਰਾਹ ਕੱਢ ਸਕਦੀ ਸੀ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾ ਕੇ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਲੈ ਰਹੀ ਹੈ।
ਕੇਂਦਰ ਦਾ ਫ਼ੈਸਲਾ ਪੰਜਾਬ ਪੁਨਰਗਠਨ ਐਕਟ ਦੀ ਉਲੰਘਣਾ: ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ਲਈ ਕੇਂਦਰੀ ਸਿਵਲ ਸੇਵਾਵਾਂ ਨਿਯਮ ਲਾਗੂ ਕਰਨ ਦਾ ਫ਼ੈਸਲਾ ਨਾ ਸਿਰਫ਼ ਪੰਜਾਬ ਪੁਨਰਗਠਨ ਐਕਟ ਦੀ ਉਲੰਘਣਾ ਹੈ ਬਲਕਿ ਇਹ ਰਾਜੀਵ ਗਾਂਧੀ ਅਤੇ ਸੰਤ ਹਰਚੰਦ ਸਿੰਘ ਲੌਂਗੋਵਾਲ ਦਰਮਿਆਨ ਹੋਏ ਸਮਝੌਤੇ ਅਤੇ ਇਸ ਤੋਂ ਬਾਅਦ ਦੇ ਸਾਰੇ ਕਮਿਸ਼ਨਾਂ ਦੀ ਉਲੰਘਣਾ ਹੈ। ਉਨ੍ਹਾਂ ਵਿਚ ਕਿਹਾ ਗਿਆ ਸੀ ਕਿ ਪੰਜਾਬ ਦਾ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਵੱਡਾ ਹਿੱਸਾ ਬਣਦਾ ਹੈ। ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਮਾਮਲਾ ਭਾਵਨਾਵਾਂ ਦਾ ਹੈ ਅਤੇ ਪੰਜਾਬ ਤੇ ਪੰਜਾਬੀਆਂ ਦੀ ਚੰਡੀਗੜ੍ਹ ਨਾਲ ਡੂੰਘੀ ਸਾਂਝ ਹੈ।
ਪੰਜਾਬ ਸਰਕਾਰ ਕਾਨੂੰਨੀ ਬਦਲ ਤਲਾਸ਼ੇ: ਬਾਜਵਾ
ਸਾਬਕਾ ਰਾਜ ਸਭਾ ਮੈਂਬਰ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਦਾ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਨਿਯਮ ਲਾਗੂ ਕਰਨ ਦਾ ਫ਼ੈਸਲਾ ਸੰਘੀ ਢਾਂਚੇ ਨੂੰ ਸੱਟ ਮਾਰਨ ਵਾਲਾ ਹੈ। ਇਸ ਖ਼ਿਲਾਫ਼ ਲੜਾਈ ਲਈ ਕਾਨੂੰਨੀ ਬਦਲ ਤਲਾਸ਼ੇ ਜਾਣੇ ਚਾਹੀਦੇ ਹਨ। ਮੁੱਖ ਮੰਤਰੀ ਨੂੰ ਫ਼ੌਰੀ ਐਡਵੋਕੇਟ ਜਨਰਲ ਨਾਲ ਮਸ਼ਵਰਾ ਕਰਨਾ ਚਾਹੀਦਾ ਹੈ।