ਪੰਜਾਬ ਸਰਕਾਰ ਉਦਯੋਗ ਮੁਖੀ ਰੋਜ਼ਗਾਰ ਕੋਰਸ ਪ੍ਰਦਾਨ ਕਰਕੇ ਪ੍ਰਤਿਭਾ ਪਲਾਇਨ ਨੂੰ ਰੋਕਣ ਲਈ ਵਚਨਬੱਧ-ਭਗਵੰਤ ਮਾਨ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) ਦੇ ਪਹਿਲੇ ਕਨਵੋਕੇਸ਼ਨ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਵੱਕਾਰੀ ਸੰਸਥਾ ਤੋਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਕੇ ਸੂਬੇ `ਚੋਂ ਪ੍ਰਤਿਭਾ ਪਲਾਇਨ ਨੂੰ ਰੋਕਣ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿਦੇਸ਼ਾਂ ਵਿੱਚ ਜਾਣ ਦੀ ਲੋੜ ਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਅਜਿਹਾ ਮਾਹੌਲ ਸਿਰਜਾਂਗੇ ਕਿ ਵਿਦੇਸ਼ਾਂ ਤੋਂ ਲੋਕ ਕੰਮ ਕਰਨ ਲਈ ਪੰਜਾਬ ਆਉਣਗੇ।
ਭਗਵੰਤ ਮਾਨ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਖਾਸ ਕਰਕੇ ਲੜਕੀਆਂ ਨੂੰ ਆਪਣੀ ਪਸੰਦ ਦੇ ਖੇਤਰ ਵਿੱਚ ਮੱਲਾਂ ਮਾਰਨ ਦੀ ਆਜ਼ਾਦੀ ਦੇਣ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਉਨ੍ਹਾਂ `ਤੇ ਨਿਰਭਰ ਹੋਣ ਦੀ ਬਜਾਏ ਖੁਦ ਨੂੰ ਸਾਬਤ ਕਰਨ ਲਈ ਖੁੱਲ੍ਹਾ ਮਾਹੌਲ ਪ੍ਰਦਾਨ ਕਰਨ ਜਿਸ ਨਾਲ ਉਨ੍ਹਾਂ ਦੇ ਹੁਨਰ ਨੂੰ ਮਜ਼ਬੂਤੀ ਮਿਲ ਸਕੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਵਰਸਿਟੀ ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਗੋਲਡ ਮੈਡਲ ਪ੍ਰਦਾਨ ਕੀਤੇ ਜਦੋਂਕਿ ਯੂਨੀਵਰਸਿਟੀ ਦੇ ਬੋਰਡ ਆਫ਼ ਸਟੱਡੀਜ਼ ਦੇ ਚੇਅਰਮੈਨ ਵਿਕਾਸ ਗਰਗ ਨੇ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਮਆਰਐਸਪੀਟੀਯੂ ਦੁਆਰਾ ਉੱਨਤ ਤਕਨੀਕਾਂ ਵਿੱਚ ਸ਼ੁਰੂ ਕੀਤੇ ਗਏ 75 ਆਨਲਾਈਨ ਸਰਟੀਫਿਕੇਟ ਕੋਰਸਾਂ ਦਾ ਉਦਘਾਟਨ ਵੀ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਜਗਰੂਪ ਸਿੰਘ ਗਿੱਲ, ਬਲਜਿੰਦਰ ਕੌਰ, ਗੁਰਮੀਤ ਸਿੰਘ ਖੁੱਡੀਆਂ, ਗੁਰਪ੍ਰੀਤ ਸਿੰਘ ਬਣਾਂਵਾਲੀ, ਅਮਿਤ ਰਤਨ, ਮਾਸਟਰ ਜਗਸੀਰ ਸਿੰਘ ਅਤੇ ਬਲਕਾਰ ਸਿੱਧੂ, ਐੱਮ.ਆਰ.ਐੱਸ.ਪੀ.ਟੀ.ਯੂ. ਦੇ ਵਾਈਸ ਚਾਂਸਲਰ ਬੂਟਾ ਸਿੰਘ ਸਿੱਧੂ, ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਵਾਈਸ ਚਾਂਸਲਰ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਪ੍ਰੋ. ਰਘਵੇਂਦਰਨ ਪੀ. ਤਿਵਾੜੀ ਤੇ ਹੋਰ ਹਾਜ਼ਰ ਸਨ।