ਡਾ. ਵਿਜੈ ਸਿੰਗਲਾ ਵੱਲੋਂ ਪੰਜਾਬ ਰਾਜ ਦੇ ਬਾਸ਼ਿੰਦਿਆਂ ਨੂੰ ਕਿਫ਼ਾਇਤੀ ਸਿਹਤ ਸੇਵਾਵਾਂ ਦੇਣ ਲਈ ਨੀਤੀ ਬਣਾਉਣ ਦੇ ਹੁਕਮ
ਨਿਊਜ਼ ਪੰਜਾਬ
ਚੰਡੀਗੜ੍ਹ, 17 ਮਈ:
ਪੰਜਾਬ ਰਾਜ ਦੇ ਬਾਸ਼ਿੰਦਿਆਂ ਨੂੰ ਕਿਫ਼ਾਇਤੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਡਾ. ਵਿਜੈ ਸਿੰਗਲਾ ਵੱਲੋਂ ਵਿਭਾਗ ਨੂੰ ਨੀਤੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ।
ਅੱਜ ਇਸ ਸਬੰਧੀ ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਈ ਉੱਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਕਿਫ਼ਾਇਤੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਾਡੀ ਪਾਰਟੀ ਵੱਲੋਂ ਪੰਜਾਬ ਰਾਜ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਗਾਰੰਟੀਆਂ ਵਿੱਚ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸ਼ਾਮਲ ਹੈ।
ਮੀਟਿੰਗ ਦੌਰਾਨ ਹਸਪਤਾਲਾਂ ਵਿੱਚ ਦਿੱਤੀਆਂ ਜਾਂਦੀਆਂ ਮੁੱਖ ਸੇਵਾਵਾਂ ਦੇ ਰੇਟ ਤੈਅ ਕਰਨ ‘ਤੇ ਵੀ ਵਿਚਾਰ ਕੀਤਾ ਗਿਆ ਤਾਂ ਜੋ ਲੋਕਾਂ ਨੂੰ ਇਕ ਸਮਾਨ ਰੇਟ ਉੱਤੇ ਵਧੀਆ ਸਿਹਤ ਸੇਵਾਵਾਂ ਮਿਲ ਸਕਣ। ਇਸ ਦੇ ਨਾਲ ਹੀ ਬਾਕੀ ਸੇਵਾਵਾਂ ਦੇ ਵੀ ਰੇਟ ਤੈਅ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ।
ਸਿਹਤ ਮੰਤਰੀ ਨੇ ਕਿਹਾ ਕਿ ਕਿਫ਼ਾਇਤੀ ਸਿਹਤ ਸੇਵਾਵਾਂ ਦੇਣ ਲਈ ਨੀਤੀ ਬਣਾਉਣ ਸਮੇਂ ‘ਵਨ ਪੰਜਾਬ ਵਨ ਪ੍ਰਾਈਸ ਇੰਨ ਹੈਲਥ ਕੇਅਰ’ ਨੂੰ ਧਿਆਨ ਵਿੱਚ ਰੱਖਿਆ ਜਾਵੇ। ਇਸ ਦੇ ਨਾਲ ਹੀ ਇਸ ਗੱਲ ਦਾ ਵੀ ਧਿਆਨ ਰੱਖਿਆ ਜਾਵੇ ਕਿ ਸੇਵਾਵਾਂ ਦੇ ਰੇਟ ਤੈਅ ਕਰਨ ਸਮੇਂ ਸ਼ਹਿਰ ਅਤੇ ਹਸਪਤਾਲ ਦੀ ਸਮਰੱਥਾ ਨੂੰ ਵੀ ਧਿਆਨ ਵਿੱਚ ਰੱਖਦੇ ਹੋਏ ਰੇਟ ਤੈਅ ਕੀਤੇ ਜਾਣ।
ਡਾ. ਸਿੰਗਲਾ ਨੇ ਇਸ ਮੌਕੇ ਐਲੋਪੈਥੀ ਤੋਂ ਇਲਾਵਾ ਆਯੂਰਵੈਦਿਕ ਅਤੇ ਹੋਮਿਊਪੈਥੀ ਨੂੰ ਵੀ ਹੁਲਾਰਾ ਦੇਣ ਲਈ ਯਤਨ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਹਨਾਂ ਦਵਾਈਆਂ ਦੇ ਰੇਟਾਂ ਅਤੇ ਬਦਲ ਸਬੰਧੀ ਇਕ ਐਪ ਤਿਆਰ ਕਰਨ ਸਬੰਧੀ ਵੀ ਹੁਕਮ ਦਿੱਤੇ ਤਾਂ ਜੋ ਲੋਕਾਂ ਨੂੰ ਦਵਾਈ ਦੇ ਰੇਟ ਅਤੇ ਉਸ ਦੇ ਬਦਲ ਸਬੰਧੀ ਇਕ ਸਹੀ ਜਾਣਕਾਰੀ ਮਿਲ ਸਕੇ।
ਇਸ ਮੀਟਿੰਗ ਵਿੱਚ ਮੈਂਬਰ ਰਾਜ ਸਭਾ ਸ੍ਰੀ ਸੰਜੀਵ ਅਰੋੜਾ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਸ੍ਰੀ ਹੁਸਨ ਲਾਲ, ਸਕੱਤਰ ਸਿਹਤ ਤੇ ਪਰਿਵਾਰ ਭਲਾਈ ਸ੍ਰੀ ਅਜੋਏ ਸ਼ਰਮਾ, ਸ੍ਰੀਮਤੀ ਨੀਲਿਮਾ ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਐਮ.ਡੀ. ਐਨ.ਐਚ.ਐਮ., ਡਾ. ਅਵਨੀਸ਼ ਕੁਮਾਰ ਡਾਇਰੈਕਟਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ, ਡਾ. ਜੀ.ਵੀ. ਸਿੰਘ ਡਾਇਰੈਕਟ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਹਾਜ਼ਰ ਸਨ।
ਫੋਟੋ ਕੈਪਸ਼ਨ : ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਾ. ਵਿਜੈ ਸਿੰਗਲਾ।