ਵਿਸ਼ਵ ਵਾਤਾਵਰਣ ਦਿਵਸ – ਜ਼ਿਲ੍ਹਾ ਵਾਸੀ ਪਾਣੀ, ਹਵਾ ਤੇ ਧਰਤੀ ਦੀ ਸ਼ੁੱਧਤਾ ਤੇ ਸਾਂਭ ਸੰਭਾਲ ਲਈ ਆਉਣ ਅੱਗੇ – ਸੁਰਭੀ ਮਲਿਕ
ਵਿਸ਼ਵ ਵਾਤਾਵਰਣ ਦਿਵਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਿੱਧਵਾਂ ਕਨਾਲ ਦੇ ਕੰਢਿਆਂ ‘ਤੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ
ਨਿਊਜ਼ ਪੰਜਾਬ
ਲੁਧਿਆਣਾ, 05 ਜੂਨ – ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਸਿੱਧਵਾਂ ਕਨਾਲ ਦੇ ਕੰਢਿਆਂ ‘ਤੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਉਨ੍ਹਾਂ ਲੁਧਿਆਣਾ ਵਾਸੀਆਂ ਕੁਦਰਤ ਦੀਆਂ ਸਭ ਤੋਂ ਅਨਮੋਲ ਵਸਤਾਂ ਪਾਣੀ, ਹਵਾ ਤੇ ਧਰਤੀ ਦੀ ਸ਼ੁੱਧਤਾ ਅਤੇ ਸਾਂਭ ਸੰਭਾਲ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਕੁਦਰਤੀ ਸਾਧਨ ਸਿਹਤਮੰਦ ਰਹਿਣਗੇ ਤਾਂ ਹੀ ਮਨੁੱਖ ਨਰੋਆ ਅਤੇ ਬਿਮਾਰੀਆਂ ਰਹਿਤ ਜੀਵਨ ਬਸਰ ਕਰ ਸਕਦਾ ਹੈ।
ਇਸ ਮੌਕੇ ਉਨ੍ਹਾਂ ‘ਲੈਟਸ ਕਲੀਨ ਲੁਧਿਆਣਾ ਫਾਊਂਡੇਸ਼ਨ (ਰਜਿ:)’ ਦੀ ਵੀ ਸ਼ਲਾਘਾ ਕੀਤੀ ਜਿਨ੍ਹਾਂ ਸਿੱਧਵਾਂ ਕਨਾਲ ਦੇ ਨੇੜੇ ਖਾਲੀ ਪਈ ਜ਼ਮੀਨ ਨੂੰ ਪੱਧਰ ਕਰਕੇ ਓਥੇ ਫੁੱਲਦਾਰ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ ਜੋ ਲੁਧਿਆਣਾ ਸ਼ਹਿਰ ਨੂੰ ਸਾਫ ਸੁੱਥਰਾ ਤੇ ਹਰਿਆ ਭਰਿਆ ਬਣਾਈ ਰੱਖਣ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।
ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਲੋਧੀ ਕਲੱਬ ਦੀ ਕਾਰਜ਼ਕਾਰੀ ਕਮੇਟੀ ਦੁਆਰਾ ਐਨ.ਜੀ.ਓ. ਸਿਟੀ ਨੀਡਜ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਡਿਪਟੀ ਕਮਿਸ਼ਨਰ ਵੱਲੋਂ ਆਪਣੇ ਸੰਬੋਧਨ ਵਿੱਚ ਕਿਹਾ ਗਿਆ ਕਿ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਅਜਿਹੇ ਕਾਰਜ ਕਰਨੇ ਚਾਹੀਦੇ ਹਨ ਜਿਹਨਾਂ ਨਾਲ ਅਸੀਂ ਪਾਣੀ, ਹਵਾ ਅਤੇ ਧਰਤੀ ਨੂੰ ਸਿਹਤਮੰਦ ਰੱਖ ਸਕੀਏ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇਹੀ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੋਵੇਗੀ ਜੇਕਰ ਅਸੀਂ ਆਪਣੇ ਕੁਦਰਤੀ ਸੋਮਿਆਂ ਨੂੰ ਪ੍ਰਦੂਸ਼ਣ ਅਤੇ ਹੋਰ ਵਿਗਾੜਾਂ ਤੋਂ ਬਚਾ ਸਕੀਏ।
ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਮਨੁੱਖ ਨੇ ਇਸ ਕਦਰ ਪਾਣੀ, ਹਵਾ ਅਤੇ ਧਰਤੀ ਤੇ ਪ੍ਰਦੂਸ਼ਣ ਫੈਲਾ ਦਿੱਤਾ ਹੈ ਕਿ ਨਿੱਤ ਨਵੀਆਂ ਬਿਮਾਰੀਆਂ ਮਨੁੱਖਾਂ ਸਮੇਤ ਹਰੇਕ ਜੀਵ ਜੰਤੂ ਨੂੰ ਆਪਣੀ ਜਕੜ ਵਿਚ ਲੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਫਸਲਾਂ ਦੇ ਨਾੜ ਨੂੰ ਅੱਗ ਲਗਾ ਕੇ ਅਸੀਂ ਧਰਤੀ ਦੇ ਪੌਸ਼ਟਿਕ ਤੱਤਾਂ ਨੂੰ ਵੀ ਮੁਕਾ ਰਹੇ ਹਾਂ ਅਤੇ ਅੱਗ ਨਾਲ ਹੋਣ ਵਾਲਾ ਧੂੰਆਂ ਜਿੱਥੇ ਹਵਾ ਨੂੰ ਪ੍ਰਦੂਸ਼ਿਤ ਕਰਦਾ ਹੈ ਉੱਥੇ ਸੜਕੀ ਦੁਰਘਟਨਾਵਾਂ ਨੂੰ ਵੀ ਸੱਦਾ ਦਿੰਦਾ ਹੈ। ਇਸੇ ਤਰ੍ਹਾਂ ਬਹੁਤ ਤਰ੍ਹਾਂ ਦੀ ਰਹਿੰਦ-ਖੂਹੰਦ ਨਾਲ ਅਸੀਂ ਪਾਣੀਆਂ ਨੂੰ ਵੀ ਗੰਧਲਾ ਕਰਦੇ ਜਾ ਰਹੇ ਹਾਂ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੁਦਰਤ ਦੀ ਸੰਭਾਲ ਅਤੇ ਕੁਦਰਤੀ ਸੋਮਿਆਂ ਦੀ ਯੋਗ ਵਰਤੋਂ ਨੂੰ ਯਕੀਨੀ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿਹਤਮੰਦ ਵਾਤਾਵਰਣ ਅਤੇ ਕੁਦਰਤ ਬਿਨਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਸ ਲਈ ਆਓ ਸਾਰੇ ਪ੍ਰਣ ਕਰੀਏ ਕਿ ਵਿਸ਼ਵ ਵਾਤਾਵਰਣ ਦਿਵਸ ਮੌਕੇ ਉਹ ਸਾਰੇ ਕਾਰਜ ਕਰੀਏ ਜਿਸ ਨਾਲ ਨਰੋਆ ਕੁਦਰਤੀ ਵਾਤਾਵਰਣ ਬਣਿਆਂ ਰਹੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ‘ਲੈਟਸ ਕਲੀਨ ਲੁਧਿਆਣਾ ਫਾਊਂਡੇਸ਼ਨ ਦੇਂ ਮੈਂਬਰ ਕਰਨਲ ਜੇ.ਐਸ. ਗਿੱਲ, ਰਾਧਿਕਾ ਜੈਤਵਾਨੀ, ਦੀਪਇੰਦਰ ਸਿੰਘ ਚਾਹਲ, ਡਾ. ਅਮਨਦੀਪ ਸਿੰਘ ਬੈਂਸ, ਮਨੀਤ ਦਿਵਾਨ, ਮਿਰਦੁਲਾ ਜੈਨ, ਰਾਕੇਸ਼ ਸਿੰਗਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
–