ਵਿਧਾਇਕ ਸਿੱਧੂ ਤੇ ਗੋਗੀ ਵੱਲੋਂ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਸਾਂਝੇ ਤੌਰ ‘ਤੇ ਉਦਘਾਟਨ
ਨਿਊਜ਼ ਪੰਜਾਬ
ਲੁਧਿਆਣਾ, 06 ਜੂਨ – ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਅਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਸਾਂਝੇ ਤੌਰ ‘ਤੇ ਸੜ੍ਹਕ ਦੇ ਮੁਰੰਮਤ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ‘ਤੇ ਕਰੀਬ 2.14 ਕਰੋੜ ਰੁਪਏ ਦੀ ਲਾਗਤ ਆਵੇਗੀ।
ਇਸ ਮੌਕੇ ਉਨ੍ਹਾਂ ਦੇ ਨਾਲ ਐਕਸੀਅਨ ਸ. ਜਸਪਾਲ ਸਿੰਘ, ਐਸ.ਡੀ.ਓ. ਸ੍ਰੀ ਜਿਤਿਨ ਕਾਂਸਲ, ਜੇ.ਈ. ਸ. ਸਿਮਰਜੀਤ ਸਿੰਘ ਵੀ ਮੌਜੂਦ ਸਨ।
ਦੋਵੇਂ ਵਿਧਾਇਕਾਂ ਵੱਲੋਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਇਸ ਪ੍ਰੋਜੈਕਟ ਤਹਿਤ ਇਸ਼ਮੀਤ ਚੌਂਕ ਤੋਂ ਮਾਡਲ ਟਾਊਨ ਐਕਸਟੈਂਸ਼ਨ ਰੋਡ, ਨਿਊ ਜਨਤਾ ਨਗਰ ਵਾਲੀ ਦਾਣਾ ਮੰਡੀ ਤੱਕ ਵਾਲੀ ਕਰੀਬ 4 ਕਿਲੋਮੀਟਰ ਲੰਬੀ ਸੜ੍ਹਕ ਦੀ ਦੋਵੇਂ ਪਾਸਿਆਂ ਤੋਂ ਮੁਰੰਮਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 2.14 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਦੇ ਮੁਕੰਮਲ ਹੋਣ ‘ਤੇ ਸ਼ਹਿਰ ਵਾਸੀਆਂ ਲਈ ਆਵਾਜਾਈ ਸੁਖਾਂਵੀ ਹੋ ਜਾਵੇਗੀ।
ਉਨ੍ਹਾਂ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਇਹ ਪ੍ਰਾਜੈਕਟ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਹੋ ਜਾਵੇਗਾ ਅਤੇ ਉਹ ਰੋਜ਼ਾਨਾ ਨਿੱਜੀ ਤੌਰ ‘ਤੇ ਇਸ ਪ੍ਰੋਜੈਕਟ ਦੀ ਨਿਗਰਾਨੀ ਕਰਨਗੇ। ਉਨ੍ਹਾਂ ਵਸਨੀਕਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਇਸ ਪ੍ਰੋਜੈਕਟ ਲਈ ਉੱਤਮ ਕੁਆਲਟੀ ਦੀ ਸਮੱਗਰੀ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਹਿਲੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜਨਤਕ ਫੰਡਾਂ ਦਾ ਇੱਕ-ਇੱਕ ਪੈਸਾ ਵਿਅਰਥ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਹਲਕਾ ਨਿਵਾਸੀਆਂ ਨੇ ਉਨ੍ਹਾਂ ‘ਤੇ ਵਿਸ਼ਵਾਸ਼ ਕਰਕੇ ਸੇਵਾ ਦਾ ਮੌਕਾ ਦਿੱਤਾ ਹੈ ਅਤੇ ਹੁਣ ਸਾਡੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਢਾਂਚੇ ਦੇ ਅਪਗ੍ਰੇਡਿੰਗ, ਸਾਫ਼ ਅਤੇ ਸੁਰੱਖਿਅਤ ਵਾਤਾਵਰਣ ਅਤੇ ਲੋਕਾਂ ਲਈ ਮੁੱਢਲੀਆਂ ਸਹੂਲਤਾਂ ਦੀ ਵਿਵਸਥਾ ਦੁਆਰਾ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰੀਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਇਲਾਕਾ ਨਿਵਾਸੀ ਵੀ ਮੌਜੂਦ ਸਨ।