ਫੌਜ ਵਿੱਚ ਭਰਤੀ – ਹਿੰਸਕ ਪ੍ਰਦਰਸ਼ਨ ਜਾਰੀ – ਦੋ ਨੌਜਵਾਨਾਂ ਦੀ ਮੌਤ – 2 ਰੇਲ ਗੱਡੀਆਂ ਨੂੰ ਅੱਗ ਲਾਈ – 200 ਟਰੇਨਾਂ ਪ੍ਰਭਾਵਿਤ – ਪੜ੍ਹੋ ਰੱਖਿਆ ਮੰਤਰੀ ਨੇ ਕੀ ਕਿਹਾ

ਨਿਊਜ਼ ਪੰਜਾਬ
ਫੌਜ ਵਿੱਚ ਭਰਤੀ ਸਬੰਧੀ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਬਿਹਾਰ ਤੇ ਉੱਤਰ ਪ੍ਰਦੇਸ਼ ਵਿੱਚ ਸ਼ੁੱਕਰਵਾਰ ਨੂੰ ਵੀ ਹਿੰਸਕ ਪ੍ਰਦਰਸ਼ਨ ਜਾਰੀ ਹਨ। ਹਿੰਸਕ ਪ੍ਰਦਰਸ਼ਨ ਵਿੱਚ 2 ਨੌਜਵਾਨਾਂ ਦੀ ਮੌਤ ਹੋਣ ਦੀ ਸੂਚਨਾ ਹੈ। ਅਗਨੀਪੱਥ ਯੋਜਨਾ ਦੀ ਅੱਗ ਪੂਰੇ ਦੇਸ਼ ਵਿੱਚ ਫੈਲ ਗਈ ਹੈ। ਯੂਪੀ-ਬਿਹਾਰ ਅਤੇ ਹਰਿਆਣਾ ਤੋਂ ਲੈ ਕੇ ਤੇਲੰਗਾਨਾ ਤੱਕ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ ਹਨ। ਸਥਿਤੀ ਚਿੰਤਾਜਨਕ ਬਣਦੀ ਜਾ ਰਹੀ ਹੈ। ਕਈ ਥਾਵਾਂ ‘ਤੇ ਟਰੇਨਾਂ ਨੂੰ ਅੱਗ ਲਗਾ ਦਿੱਤੀ ਗਈ ਹੈ, ਹਿੰਸਕ ਅੰਦੋਲਨ ਕਾਰਨ ਦੇਸ਼ ਭਰ ‘ਚ ਲਗਭਗ 200 ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਇਸ ਦੇ ਨਾਲ ਹੀ ਤੇਲੰਗਾਨਾ ਅਤੇ ਬਿਹਾਰ ਵਿੱਚ ਹਿੰਸਕ ਪ੍ਰਦਰਸ਼ਨਾਂ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ।ਹੁਣ ਤੱਕ ਦੋ ਲੋਕਾਂ ਦੀ ਜਾਨ ਜਾ ਚੁੱਕੀ ਹੈ। ਪਹਿਲੀ ਮੌਤ ਤੇਲੰਗਾਨਾ ਵਿੱਚ ਹੋਈ ਹੈ। ਦੰਗਿਆਂ ਨੇ ਇੱਥੋਂ ਦੇ ਸਿਕੰਦਰਾਬਾਦ ਰੇਲਵੇ ਸਟੇਸ਼ਨ ‘ਤੇ ਕਈ ਟਰੇਨਾਂ ਨੂੰ ਅੱਗ ਲਾ ਦਿੱਤੀ। ਉਨ੍ਹਾਂ ਨੇ ਯਾਤਰੀਆਂ ‘ਤੇ ਪਥਰਾਅ ਵੀ ਕੀਤਾ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਲਾਠੀਚਾਰਜ ਅਤੇ ਗੋਲੀਬਾਰੀ ਕੀਤੀ। ਇਸ ਵਿੱਚ ਇੱਕ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ। ਦੂਜੇ ਪਾਸੇ ਬਿਹਾਰ ਦੇ ਲਖੀਸਰਾਏ ‘ਚ ਵੀ ਕਾਫੀ ਹੰਗਾਮਾ ਹੋਇਆ। ਇੱਥੇ ਪ੍ਰਦਰਸ਼ਨਕਾਰੀਆਂ ਨੇ ਵਿਕਰਮਸ਼ਿਲਾ ਐਕਸਪ੍ਰੈਸ ਨੂੰ ਅੱਗ ਲਗਾ ਦਿੱਤੀ। ਦਮ ਘੁਟਣ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ।

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਹਜ਼ਾਰਾਂ ਨੌਜਵਾਨਾਂ ਵਲੋਂ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿੱਚ ਪੋਸਟਰ ਚੁੱਕੇ ਹੋਏ ਸਨ, ਜਿਨ੍ਹਾਂ ’ਤੇ ‘ਅਸੀਂ ਚਾਰ ਸਾਲ ਲਈ ਭਰਤੀ ਨਹੀਂ ਹੋਵਾਂਗਾ, ਫੌਜ ਕਿਸੇ ਦੇ ਬਾਪ ਦੀ ਨਹੀਂ ਹੈ’ ਨਾਅਰੇ ਲਿਖੇ ਹੋਏ ਸਨ। ਨੌਜਵਾਨਾਂ ਦੇ ਹੱਥਾਂ ਵਿੱਚ ਤਿਰੰਗੇ ਝੰਡੇ ਅਤੇ ਭਗਤ ਸਿੰਘ ਦੀ ਫੋਟੋ ਵਾਲੇ ਝੰਡੇ ਵੀ ਚੁੱਕੇ ਹੋਏ ਸਨ। ਹਜ਼ਾਰਾਂ ਨੌਜਵਾਨਾਂ ਵਲੋਂ ਸ਼ਹਿਰ ਤੋਂ ਮੁੱਖ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਵੀ ਕੀਤਾ ਗਿਆ। 

ਹਵਾਈ ਸੈਨਾ ‘ਚ ਭਰਤੀ ਪ੍ਰਕਿਰਿਆ 24 ਜੂਨ ਤੋਂ ਸ਼ੁਰੂ ਹੋਵੇਗੀ – 
ਕਈ ਰਾਜਾਂ ਵਿੱਚ ਚੱਲ ਰਹੇ ਹੰਗਾਮੇ ਦਰਮਿਆਨ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ, ”ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਇਸ ਸਾਲ ਭਰਤੀ ਲਈ ਉਮਰ ਸੀਮਾ ਵਧਾ ਕੇ 23 ਸਾਲ ਕਰ ਦਿੱਤੀ ਗਈ ਹੈ। ਇਸ ਨਾਲ ਨੌਜਵਾਨਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ, ਭਾਰਤੀ ਹਵਾਈ ਸੈਨਾ ਲਈ ਭਰਤੀ ਪ੍ਰਕਿਰਿਆ 24 ਜੂਨ ਤੋਂ ਸ਼ੁਰੂ ਹੋਵੇਗੀ।

ਬਿਹਾਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਕਈ ਥਾਈਂ ਰੇਲ ਤੇ ਸੜਕੀ ਆਵਾਜਾਈ ਨੂੰ ਰੋਕਿਆ ਅਤੇ ਭਾਗਲਪੂੁਰ-ਨਵੀਂ ਦਿੱਲੀ ਵਿਕਰਮਸ਼ਿਲਾ ਐਕਸਪ੍ਰੈਸ ਅਤੇ ਜੰਮੂ ਤਵੀ-ਗੁਹਾਟੀ ਐਕਸਪ੍ਰੈਸ ਗੱਡੀਆਂ ਨੂੰ ਅੱਗ ਲਗਾ ਦਿੱਤੀ। ਲਖੀਸਰਾਏ ਵਿੱਚ ਰੋਹ ਵਿੱਚ ਆਏ ਵਿਦਿਆਰਥੀਆਂ ਨੇ ਜਿਵੇਂ ਹੀ ਭਾਗਲਪੁਰ-ਨਵੀਂ ਦਿੱਲੀ ਵਿਕਰਮਸ਼ਿਲਾ ਐਕਸਪ੍ਰੈਸ ਗੱਡੀ ਰੇਲਵੇ ਸਟੇਸ਼ਨ ’ਤੇ ਪਹੁੰਚੀ ਤਾਂ ਉਸ ਨੂੰ ਅੱਗ ਲਗਾ ਦਿੱਤੀ। ਵਿਦਿਆਰਥੀਆਂ ਨੇ ਗੱਡੀ ਵਿੱਚ ਅੱਗ ਲਾਉਣ ਤੋਂ ਪਹਿਲਾਂ ਸਵਾਰੀਆਂ ਨੂੰ ਉਤਾਰ ਦਿੱਤਾ ਸੀ। ਇਸੇ ਤਰ੍ਹਾਂ ਵਿਦਿਆਰਥੀਆਂ ਨੇ ਬੇਗੂਸਰਾਏ ਵਿੱਚ ਲਖਮੀਨੀਆ ਰੇਲਵੇ ਸਟੇਸ਼ਨ ਨੂੰ ਅੱਗ ਲਗਾ ਦਿੱਤੀ।

ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਕਿਹਾ

ਦਿੱਲੀ ( PIB ) ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਹੈ ਕਿ ਅਗਨੀਪੱਥ ਯੋਜਨਾ ਭਾਰਤੀ ਨੌਜਵਾਨਾਂ ਲਈ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਅਤੇ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਦਾ ਸੁਨਹਿਰੀ ਮੌਕਾ ਹੈ। ਸ਼੍ਰੀ ਰਾਜਨਾਥ ਸਿੰਘ, ਜੋ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ ‘ਤੇ ਹਨ, ਨੇ ਇੱਕ ਬਿਆਨ ਵਿੱਚ ਕਿਹਾ ਕਿ ਬਹੁਤ ਸਾਰੇ ਨੌਜਵਾਨਾਂ ਨੂੰ ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਣ ਦਾ ਮੌਕਾ ਨਹੀਂ ਮਿਲਿਆ ਕਿਉਂਕਿ ਪਿਛਲੇ ਦੋ ਸਾਲਾਂ ਤੋਂ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਨਹੀਂ ਬਣਾਇਆ ਜਾ ਸਕਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਹਦਾਇਤਾਂ ‘ਤੇ 2022 ਵਿੱਚ ਹੋਣ ਵਾਲੀ ਭਰਤੀ ਪ੍ਰਕਿਰਿਆ ਲਈ ਅਗਨੀਵੀਰਾਂ ਦੀ ਭਰਤੀ ਲਈ ਉਮਰ ਹੱਦ 21 ਸਾਲ ਤੋਂ ਵਧਾ ਕੇ 23 ਸਾਲ ਕਰ ਦਿੱਤੀ ਹੈ।ਰੱਖਿਆ ਮੰਤਰੀ ਨੇ ਕਿਹਾ ਕਿ ਉਮਰ ਵਿੱਚ ਛੋਟ ਦੇਣਾ ਇਸ ਗੱਲ ਦਾ ਸੰਕੇਤ ਹੈ ਕਿ ਸਰਕਾਰ ਦੇਸ਼ ਦੇ ਨੌਜਵਾਨਾਂ ਦੀ ਪਰਵਾਹ ਕਰਦੀ ਹੈ। 

 

ਪ੍ਰਦਰਸ਼ਨ ਕਾਰਨ ਹੁਣ ਤੱਕ 200 ਤੋਂ ਵੱਧ ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਰੇਲਵੇ ਨੇ ਕਿਹਾ ਕਿ ਬੁੱਧਵਾਰ ਨੂੰ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਬਾਅਦ 35 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ 13 ਟਰੇਨਾਂ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਰੋਕਣੀਆਂ ਪਈਆਂ।
ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੇਲਵੇ ਦੀ ਜਾਇਦਾਦ ਨੂੰ ਨੁਕਸਾਨ ਨਾ ਪਹੁੰਚਾਉਣ। ਉਨ੍ਹਾਂ ਕਿਹਾ ਕਿ ਮੈਂ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਹਿੰਸਕ ਪ੍ਰਦਰਸ਼ਨਾਂ ਵਿੱਚ ਸ਼ਾਮਲ ਨਾ ਹੋਣ ਅਤੇ ਰੇਲਵੇ ਦੀਆਂ ਜਾਇਦਾਦਾਂ ਨੂੰ ਨੁਕਸਾਨ ਨਾ ਪਹੁੰਚਾਉਣ।

 

ਤਸਵੀਰਾਂ – ਸੋਸ਼ਲ ਮੀਡੀਆ