ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਜੇਲ੍ਹ ਵਿੱਚੋਂ ਆਏ ਬਾਹਰ – ਸਮਰਥਕਾਂ ਵਲੋਂ ਭਾਰੀ ਸਵਾਗਤ

ਨਿਊਜ਼ ਪੰਜਾਬ
ਪਟਿਆਲਾ –  ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਬੁੱਧਵਾਰ ਸ਼ਾਮ ਨੂੰ ਪਟਿਆਲਾ ਜੇਲ ‘ਚੋਂ ਰਿਹਾ ਕਰ ਦਿੱਤਾ ਗਿਆ । ਇਸ ਦੌਰਾਨ ਸਮਰਥਕਾਂ ਦੀ ਭਾਰੀ ਭੀੜ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਮਜੀਠੀਆ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਨਾਂ ਲਏ ਬਿਨਾਂ ਉਨ੍ਹਾਂ ‘ਤੇ ਦੋਸ਼ ਲਾਏ ਕਿ ਉਹ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕਾਰਵਾਈ ਕਰ ਰਹੇ ਸਨ ।

ਇਸ ਸਮੇ ਸ੍ਰ.ਮਜੀਠੀਆ ਨੇ ਕਿਹਾ ਕਿ ਦੇਸ਼ ਇਸ ਵਾਰ 75ਵਾਂ ਆਜ਼ਾਦੀ ਦਿਵਸ ਮਨਾਉਣ ਜਾ ਰਿਹਾ ਹੈ। ਇਸ ਵੱਡੇ ਮੌਕੇ ‘ਤੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੀਆਂ ਜੇਲ੍ਹਾਂ ‘ਚ ਬੰਦ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਬੰਦੀ 25-25 ਸਾਲ ਜਾਂ ਦੁੱਗਣੀ ਸਜ਼ਾ ਕੱਟ ਚੁੱਕੇ ਹਨ। ਅਜਿਹੇ ਵਿੱਚ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿੱਚੋਂ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਕੋਈ ਵੀ ਸੰਵਿਧਾਨ ਤੋਂ ਉੱਪਰ ਨਹੀਂ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਨਸ਼ਿਆਂ ਨਾਲ ਸਬੰਧਤ ਕੇਸ ਵਿੱਚ ਨਿਯਮਤ ਜ਼ਮਾਨਤ ਦੇ ਦਿੱਤੀ ਗਈ ਸੀ । ਜਸਟਿਸ ਐੱਮਐੱਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਨੇ ਪੰਦਰਵਾੜੇ ਤੋਂ ਵੀ ਘੱਟ ਸਮਾਂ ਪਹਿਲਾਂ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਮਜੀਠੀਆ ਨੇ ਪਿਛਲੇ ਸਾਲ 20 ਦਸੰਬਰ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੇ ਗਏ ਕੇਸ ਵਿੱਚ ਰੈਗੂਲਰ ਜ਼ਮਾਨਤ ਲਈ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਮਜੀਠੀਆ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਸੀ ਕਿ ਸੂਬੇ ਦੀ ਤਤਕਾਲੀ ਕਾਂਗਰਸ ਸਰਕਾਰ ਨੇ ਆਪਣੇ ਸਿਆਸੀ ਵਿਰੋਧੀਆਂ ਵਿਰੁੱਧ ਬਦਲਾ ਲੈਣ ਲਈ ਆਪਣੀ ਤਾਕਤ ਅਤੇ ਅਹੁਦੇ ਦੀ ਦੁਰਵਰਤੋਂ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ

ਤਸਵੀਰ – ਫਾਈਲ ਫੋਟੋ