ਨੈਸ਼ਨਲ ਲੋਕ ਅਦਾਲਤ ਵਲੋਂ 24671 ਕੇਸਾਂ ਦਾ ਨਿਪਟਰਾ – ਜਿਲ੍ਹਾ ਤੇ ਸੈਸ਼ਨ ਜੱਜ ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ – ਨੈਸ਼ਨਲ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਜਲਦੀ
ਨਿਊਜ਼ ਪੰਜਾਬ –
ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਸਾਹਿਬ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।ਉਹਨਾਂ ਕਿਹਾ! – ਨੈਸ਼ਨਲ ਲੋਕ ਅਦਾਲਤ ਰਾਹੀਂ ਕੀਤੇ ਗਏ ਫੈਸਲੇ ਦੇ ਖਿਲਾਫ ਕੋਈ ਵੀ ਅਪੀਲ ਨਹੀਂ ਹੁੰਦੀ
ਨਿਊਜ਼ ਪੰਜਾਬ
ਲੁਧਿਆਣਾ, 13 ਅਗਸਤ – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਮੁਨੀਸ਼ ਸਿੰਗਲ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਪ੍ਰਧਾਨਗੀ ਅਤੇ ਸ੍ਰੀ ਰਮਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ ਰੇਖ ਹੇਠ ਅੱਜ ਜ਼ਿਲ੍ਹਾ ਕਚਹਿਰੀ, ਲੁਧਿਆਣਾ ਅਤੇ ਉਪ ਮੰਡਲ ਪੱਧਰ ਜਗਰਾਉਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਨੈਸ਼ਨਲ ਲੋਕ ਅਦਾਲਤ ਵਿੱਚ ਲੰਬਿਤ ਕੇਸ ਅਤੇ ਪ੍ਰੀ – ਲੀਟੀਗੇਟਿਵ ਕੇਸ (ਅਜਿਹੇ ਝਗੜੇ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਜਿਨ੍ਹਾਂ ਵਿੱਚ ਵੱਖ-ਵੱਖ ਕੇਸ ਸ਼ਾਮਲ ਸਨ ਆਦਿ ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਪੱਧਰ ਤੇ ਕੁੱਲ 31 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ ਤੇ ਕੁੱਲ 09 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀ ਸਾਹਿਬਾਨ ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਇੱਕ ਸੀਨੀਅਰ ਐਡਵੋਕੇਟ ਅਤੇ ਇੱਕ ਉੱਘੇ ਸਮਾਜ ਸੇਵਕ ਨੂੰ ਬਤੌਰ ਮੈਂਬਰ ਨਾਮਜ਼ਦ ਕੀਤਾ ਗਿਆ ਸੀ।
ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 52845 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 24671 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 98,21,64030/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਇਸ ਮੌਕੇ ਸ਼੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ-ਜ਼ੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਲੋਕਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਭਾਰੀ ਉਤਸ਼ਾਹ ਦਿਖਾਇਆ ਗਿਆ। ਲੋਕ ਅਦਾਲਤ ਦੀ ਮਹੱਤਤਾ ਬਾਰੇ ਦੱਸਦੇ ਹੋਏ ੳਨ੍ਹਾਂ ਵੱਲੋਂ ਦੱਸਿਆ ਗਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿੱਚ ਲਗਾਈ ਗਈ ਕੋਰਟ ਫੀਸ ਵਾਪਸ ਕੀਤੀ ਜਾਂਦੀ ਹੈ, ਦੋਵਾਂ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ, ਧਿਰਾਂ ਵਿੱਚ ਆਪਸੀ ਦੁਸ਼ਮਣੀ ਘਟਦੀ ਹੈ ਅਤੇ ਪਿਆਰ ਵਧਦਾ ਹੈ ਅਤੇ ਲੋਕ ਅਦਾਲਤ ਰਾਹੀਂ ਕੀਤੇ ਗਏ ਫੈਸਲੇ ਦੇ ਖਿਲਾਫ ਅੱਗੇ ਕੋਈ ਅਪੀਲ ਨਹੀਂ ਹੁੰਦੀ ਜਿਸ ਨਾਲ ਝਗੜਾ ਹਮੇਸ਼ਾਂ ਲਈ ਖਤਮ ਹੋ ਜਾਂਦਾ ਹੈ। ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਸਾਹਿਬ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।
ਇਸ ਮੌਕੇ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਵਿੱਚ ਇੱਕ ਵਿਸ਼ੇਸ਼ ਮੈਗਾ ਕੈਂਪ ਕੋਰਟ ਦਾ ਵੀ ਆਯੋਜਨ ਕਰਵਾਇਆ ਗਿਆ। ਇਸ ਮੈਗਾ ਕੈਂਪ ਕੋਰਟ ਵਿੱਚ 8 ਜੂਡੀਸ਼ਿਅਲ ਮੈਜਿਸਟਰੇਟ ਸਾਹਿਬਾਨ ਵੱਲੋਂ ਸਪੈਸ਼ਲ ਕੈਂਪ ਕੋਰਟਾਂ ਲਗਾ ਕੇ ਛੋਟੇ ਜ਼ੁਰਮਾਂ ਅਧੀਨ ਜੇਲ੍ਹ ਵਿੱਚ ਬੰਦ 53 ਅਜਿਹੇ ਹਵਾਲਾਤੀਆਂ ਜਿਨ੍ਹਾਂ ਵੱਲੋਂ ਆਪਣੇ ਜੁਰਮ ਦਾ ਇਕਬਾਲ ਕੀਤਾ ਗਿਆ ਅਤੇ ਭਵਿੱਖ ਵਿੱਚ ਅਜਿਹੀ ਗਲਤੀ ਦੁਬਾਰਾ ਨਾ ਕਰਨ ਦਾ ਭਰੋਸਾ ਦਿਵਾਇਆ ਗਿਆ, ਦੇ ਕੇਸਾਂ ਦਾ ਮੌਕੇ ਤੇ ਹੀ ਫੈਸਲਾ ਕੀਤਾ ਗਿਆ ।