ਮੱਧ ਪ੍ਰਦੇਸ਼ ਦੇ ਇੰਦੌਰ ਵਿਚਲੇ ਇਕ ਇਤਿਹਾਸਕ ਗੁਰਦੁਆਰੇ ‘ਤੇ ਤਿਰੰਗਾ ਝੰਡਾ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਖਤ ਇਤਰਾਜ਼
ਨਿਊਜ਼ ਪੰਜਾਬ
ਮੱਧ ਪ੍ਰਦੇਸ਼ ਦੇ ਇੰਦੌਰ ਵਿਚਲੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਕ ਇਤਿਹਾਸਕ ਗੁਰਦੁਆਰੇ ‘ਤੇ ਤਿਰੰਗਾ ਝੰਡਾ ਲਗਾਉਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗੁਰਦੁਆਰੇ ‘ਤੇ ਸਿਰਫ਼ ਖ਼ਾਲਸਾਈ ਨਿਸ਼ਾਨ ਹੀ ਲਹਿਰਾਇਆ ਜਾ ਸਕਦਾ ਹੈ। ਜਾਣਕਾਰੀ ਮੁਤਾਬਕ ਮਾਮਲਾ ਇੰਦੌਰ ਦੇ ਇਮਲੀ ਸਾਹਿਬ ਗੁਰਦੁਆਰਾ ਦਾ ਹੈ। ਸ਼੍ਰੀ ਗੁਰੂ ਸਿੰਘ ਸਭਾ ਨਾਲ ਜੁੜੇ ਇਕ ਸੇਵਾਦਾਰ ਦਾ ਕਹਿਣਾ ਹੈ ਕਿ ਆਜ਼ਾਦੀ ਦੇ ਤਿਉਹਾਰ ਦੇ ਮੱਦੇਨਜ਼ਰ 12 ਅਗਸਤ ਨੂੰ ਇੰਦੌਰ ਦੇ ਰਜਵਾੜਾ ਤੋਂ ਤਿਰੰਗਾ ਯਾਤਰਾ ਕੱਢੀ ਗਈ ਸੀ। ਇਸ ਦੌਰਾਨ ਇਲਾਕੇ ਵਿੱਚ ਝੰਡੇ ਵੀ ਵੰਡੇ ਗਏ। ਕੁਝ ਬੱਚਿਆਂ ਨੇ ਇਹ ਝੰਡਾ ਗੁਰਦੁਆਰੇ ‘ਤੇ ਲਗਾਇਆ। ਹਾਲਾਂਕਿ ਇਸ ਨੂੰ ਤੁਰੰਤ ਹਟਾ ਦਿੱਤਾ ਗਿਆ ਸੀ, ਪਰ ਫੋਟੋਆਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈਆਂ। ਸੇਵਾਦਾਰ ਨੇ ਕਿਹਾ ਕਿ ਤਿਰੰਗੇ ਦਾ ਪੂਰਾ ਸਤਿਕਾਰ ਹੈ। ਪਰ ਗੁਰਦੁਆਰੇ ਦੇ ਕੁਝ ਨਿਯਮ ਹਨ।
ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਟਵੀਟ ਕਰਕੇ ਇਤਰਾਜ਼ ਜਤਾਇਆ ਹੈ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕੀਤਾ ਕਿ ਸੋਸ਼ਲ ਮੀਡੀਆ ਰਾਹੀਂ ਮੇਰੇ ਧਿਆਨ ਵਿੱਚ ਆਇਆ ਹੈ ਕਿ ਇਤਿਹਾਸਕ ਗੁਰਦੁਆਰਾ ਇਮਲੀ ਸਾਹਿਬ, ਇੰਦੌਰ ਵਿਖੇ ਤਿਰੰਗਾ ਲਹਿਰਾਇਆ ਗਿਆ ਹੈ। ਮੈਂ ਇਸ ਦੀ ਸਖ਼ਤ ਨਿਖੇਧੀ ਕਰਦਾ ਹਾਂ। ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਇਤਿਹਾਸਕ ਗੁਰਦੁਆਰਾ ਇਮਲੀ ਸਾਹਿਬ ਵਿੱਚ ਸਿਰਫ਼ ਖਾਲਸੇ ਦਾ ਨਿਸ਼ਾਨ ਸਾਹਿਬ ਹੀ ਲਹਿਰਾਇਆ ਜਾ ਸਕਦਾ ਹੈ।
ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਗੇ ਲਿਖਿਆ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਗੁਰਦੁਆਰਾ ਪ੍ਰਬੰਧਕ ਜਾਂ ਪ੍ਰਸ਼ਾਸਨ, ਜਿਸ ਨੇ ਵੀ ਇਹ ਗਲਤੀ ਕੀਤੀ ਹੈ, ਉਹ ਘਟਨਾ ਲਈ ਜ਼ਿੰਮੇਵਾਰ ਹੈ। ਅਸੀਂ ਇਸ ਘਟਨਾ ਦੀ ਤੁਰੰਤ ਜਾਂਚ ਕਰ ਰਹੇ ਹਾਂ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਵਿਰੁੱਧ ਅਗਲੀ ਕਾਰਵਾਈ ਕੀਤੀ ਜਾਵੇਗੀ।