ਆਪਣੇ ਮਿੱਤਰਾਂ ਨੂੰ ਕਰੋੜਾਂ ਰੁਪਏ ਦਾ ਫਾਇਦਾ ਪਹੁੰਚਾਉਣ ਦੀ ਥਾਂ ਜੇਕਰ ਲੋਕਾਂ ਦੀ ਭਲਾਈ ‘ਤੇ ਖਰਚੇ ਜਾਣ ਤਾਂ ਕਿਤੇ ਚੰਗਾ ਹੋਵੇਗਾ – ਮੁੱਖ ਮੰਤਰੀ ਦੀ ਮੋਦੀ ਨੂੰ ਵੰਗਾਰ
ਈਸੜੂ (ਲੁਧਿਆਣਾ), 15 ਅਗਸਤ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੰਗਾਰਦਿਆਂ ਕਿਹਾ ਕਿ ਕਰਦਾਤਾਵਾਂ ਦੇ ਕਰੋੜਾਂ ਰੁਪਏ ਆਪਣੇ ਦੋਸਤਾਂ ਤੇ ਨਜ਼ਦੀਕੀਆਂ ਨੂੰ ਤੋਹਫਿਆਂ ਦੇ ਰੂਪ ਵਿੱਚ ਦੇਣ ਦੀ ਬਜਾਏ ਜੇਕਰ ਇਹੀ ਪੈਸਾ ਲੋਕਾਂ ਦੀ ਭਲਾਈ ‘ਤੇ ਖਰਚਿਆ ਜਾਵੇ ਤਾਂ ਇਸ ਨਾਲੋਂ ਕਿਤੇ ਬਿਰਤਰ ਹੋਵੇਗਾ।
ਅੱਜ ਇੱਥੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਗਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਰਦਾਤਾਵਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ ਅਤੇ ਸਹੂਲਤਾਂ ਪ੍ਰਦਾਨ ਕਰਨ ਲਈ ਸਮਝਦਾਰੀ ਨਾਲ ਵਰਤ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਰਕਾਰੀ ਖਜ਼ਾਨੇ ਦਾ ਸਾਰਾ ਪੈਸਾ ਦਿਨ-ਦਿਹਾੜੇ ਆਪਣੇ ਦੋਸਤਾਂ ਅਤੇ ਕਰੀਬੀਆਂ ਨੂੰ ਲੁਟਾ ਰਹੀ ਹੈ ਅਤੇ ਇਨ੍ਹਾਂ ਵਿੱਚੋਂ ਕਈ ਬੈਂਕਾਂ ਨਾਲ ਲੱਖਾਂ ਕਰੋੜ ਰੁਪਏ ਦੀ ਠੱਗੀ ਮਾਰ ਕੇ ਦੇਸ਼ ‘ਚੋਂ ਫਰਾਰ ਹੋ ਗਏ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਹਰ ਖਾਤੇ ਵਿੱਚ 15 ਲੱਖ ਰੁਪਏ ਦੇਣ ਦਾ ਵਾਅਦਾ ਸਿਰਫ਼ ਇੱਕ ਜੁਮਲਾ ਸੀ।
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਭਾਵਨਾਵਾਂ ਨੂੰ ਮਜ਼ਬੂਤ ਕਰਨ ਲਈ ਪਾਬੰਦ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕਿਸੇ ਵੀ ਕੀਮਤ ‘ਤੇ ਸੂਬੇ ਦੀ ਅਮਨ-ਸ਼ਾਂਤੀ ਭੰਗ ਨਾ ਹੋਵੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨੀਤੀ ਆਯੋਗ ਦੀ ਹਾਲ ਹੀ ਵਿੱਚ ਸਮਾਪਤ ਹੋਈ ਮੀਟਿੰਗ ਵਿੱਚ ਪਾਣੀ ਦੇ ਡਿੱਗਦੇ ਪੱਧਰ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਕਿਹਾ ਕਿ ਪਾਣੀ, ਜੋ ਕਿ ਪੰਜਾਬ ਦਾ ਇਕਲੌਤਾ ਕੀਮਤੀ ਕੁਦਰਤੀ ਸਰੋਤ ਹੈ, ਨੂੰ ਬਚਾਉਣ ਅਤੇ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿਥੋਂ ਤੱਕ ਪਾਣੀ ਦੇ ਪੱਧਰ ਦਾ ਸਵਾਲ ਹੈ, ਸੂਬੇ ਦੇ ਲਗਭਗ ਸਾਰੇ ਬਲਾਕ ਡਾਰਕ ਜ਼ੋਨ ਵਿੱਚ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਹੈਰਾਨੀ ਹੁੰਦੀ ਹੈ ਕਿ ਜੋ ਹਾਈ ਪਾਵਰ ਮੋਟਰਾਂ ਦੁਬਈ ਅਤੇ ਹੋਰ ਅਰਬ ਮੁਲਕਾਂ ਵਿੱਚ ਤੇਲ ਕੱਢਣ ਲਈ ਵਰਤੀਆਂ ਜਾਂਦੀਆਂ ਹਨ, ਉਹੀ ਪਾਵਰ ਦੀਆਂ ਮੋਟਰਾਂ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ‘ਤੇ ਤੁਰੰਤ ਰੋਕ ਲਗਾਉਣ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਲਈ ਤਰਸਣਾ ਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੇ ਪਾਣੀ ਨੂੰ ਬਚਾਇਆ ਜਾ ਸਕੇ।
ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਗੋਆ ਨੂੰ ਪੁਰਤਗਾਲੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਦੇ ਸੰਘਰਸ਼ ਦੇ ਨਾਇਕ ਸਨ। ਉਨ੍ਹਾਂ ਕਿਹਾ ਕਿ ਲੋਕ ਇਸ ਮਹਾਨ ਕੌਮੀ ਨਾਇਕ ਦੇ ਸਦਾ ਰਿਣੀ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਜਗ੍ਹਾ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਵਿਧਵਾ ਸ੍ਰੀਮਤੀ ਚਰਨਜੀਤ ਕੌਰ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ, ਜਗਤਾਰ ਸਿੰਘ ਦਿਆਲਪੁਰਾ ਅਤੇ ਜਸਵੰਤ ਸਿੰਘ ਗੱਜਣਮਾਜਰਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਐਸ.ਡੀ.ਐਮ ਮਨਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।