ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ।। ਸਂਗਰਾਦ ਭਾਦੋਂ ਮਹੀਨਾ – ਕਥਾ ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ

ਨਿਊਜ਼ ਪੰਜਾਬ

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ

 

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ਪਕਿੜ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥
(ਜਿਵੇਂ) ਭਾਦਰੋਂ ( Bhadon ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ,ਉਹ ਭਾਵੇਂ ਲੱਖਾਂ ਹਾਰ ਸਿੰਗਾਰ ਕਰੇ, (ਉਸ ਦੇ) ਕਿਸੇ ਕੰਮ ਨਹੀਂ ਆਉਂਦੇ। ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ (ਜਦੋਂ ਮਨੁੱਖ ਮਰ ਜਾਇਗਾ) ਉਸ ਵੇਲੇ (ਸਾਰੇ ਸਾਕ-ਅੰਗ) ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ ।

(ਲੋਥ ਅਪਵਿਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚੱਲੋ) ।ਜਮਦੂਤ (ਜਿੰਦ ਨੂੰ) ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ (ਇਹ) ਭੇਤ ਨਹੀਂ ਦੱਸਦੇ (ਕਿ ਕਿੱਥੇ ਲੈ ਚੱਲੇ ਹਾਂ)। (ਜਿਨ੍ਹਾਂ ਸੰਬੰਧੀਆਂ ਨਾਲ (ਸਾਰੀ ਉਮਰ ਬੜਾ) ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ ।(ਮੌਤ ਆਈ ਵੇਖ ਕੇ ਮਨੁੱਖ) ਬੜਾ ਪਛੁਤਾਂਦਾ ਹੈ, ਉਸ ਦਾ ਸਰੀਰ ਔਖਾ ਹੁੰਦਾ ਹੈ, ਉਹ ਕਾਲੁ ਤੋਂ ਚਿੱਟਾ ਪਿਆ ਹੁੰਦਾ ਹੈ (ਘਬਰਾਹਟ ਨਾਲ ਇਕ ਰੰਗ ਆਉਂਦਾ ਹੈ ਇਕ ਜਾਂਦਾ ਹੈ)।

ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ)। ਹੇ ਨਾਨਕ! (ਗੁਰੂ ਦੀ ਕਿਰਪਾ ਨਾਲ) ਉਹ ਪ੍ਰਭੂ ਦੀ ਸਰਨ ਵਿਚ ਆ ਜਾਂਦੇ ਹਨ, ਗੁਰੂ ਉਹਨਾਂ ਨੂੰ ਪ੍ਰਭੂ ਦੇ ਚਰਨ-ਰੂਪ ਜਹਾਜ਼ (ਵਿਚ ਚੜ੍ਹਾ) ਦੇਂਦਾ ਹੈ,ਜਿਨ੍ਹਾਂ ਦਾ ਰਾਖਾ ਤੇ ਹਿਤੂ ਗੁਰੂ ਬਣਦਾ ਹੈ, ਉਹ ਨਰਕ ਵਿਚ ਨਹੀਂ ਪਾਏ ਜਾਂਦੇ ।੭।