ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਤੇ ਸਤਿਕਾਰ ਨਾਲ ਐਤਵਾਰ ਮਨਾਇਆ ਜਾਵੇਗਾ – ਸ਼੍ਰੀ ਦਰਬਾਰ ਸਾਹਿਬ ਵਿੱਚ ਭਾਰੀ ਰੌਣਕਾਂ – ਹਰ ਪਾਸੇ ਫੁੱਲਾਂ ਦੀ ਸਜਾਵਟ
ਨਿਊਜ਼ ਪੰਜਾਬਪਟਿਆਲਾ , 27 ਅਗਸਤ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੇ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਵੇਗਾ
ਜਿਸ ਦੇ ਸਬੰਧ ਵਿਚਸਮੁੱਚੇ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ ।ਪ੍ਰੋ. ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਸ੍ਰੀ ਆਦਿ ਗ੍ਰੰਥ ਸਾਹਿਬ ਦੇ ਰੂਪ ਦੇ ਵਿੱਚ ਪੰਜਵੇਂ ਪਾਤਸ਼ਾਹ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਵੱਲੋਂ 1604 ਈਸਵੀ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਕੀਤਾ ਗਿਆ ।ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਰਾਮਸਰ ਸਾਹਿਬ ਦੇ ਅਸਥਾਨ ਤੇ ਭਾਈ ਗੁਰਦਾਸ ਜੀ ਨੂੰ ਲਿਖਾਰੀ ਲਗਾ ਕੇ ਗੁਰੂ ਸਾਹਿਬਾਨ, ਭੱਟ ਸਾਹਿਬਾਨ ਅਤੇ ਭਗਤ ਸਾਹਿਬਾਨ ਜੀ ਦੀ ਬਾਣੀ ਸ੍ਰੀ ਆਦਿ ਗ੍ਰੰਥ ਸਾਹਿਬ ਜੀ ਦੇ ਵਿਚ ਸੰਕਲਿਤ ਕੀਤੀ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਬਾਬਾ ਬੁੱਢਾ ਸਾਹਿਬ ਜੀ ਨੂੰ ਪਹਿਲੇ ਗ੍ਰੰਥੀ ਨਿਯੁਕਤ ਕੀਤਾ ਗਿਆ ।ਪ੍ਰੋ ਬਡੂੰਗਰ ਨੇ ਦੱਸਿਆ ਕਿ ਜਿਸ ਦਿਨ ਸ੍ਰੀ ਆਦਿ ਗ੍ਰੰਥ ਸਾਹਿਬ ਜੀ ਦਾ ਪਹਿਲੀ ਵਾਰ ਪ੍ਰਕਾਸ਼ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਕੀਤਾ ਗਿਆ ਸੀ, ਉਸ ਦਿਨ ਨੂੰ ਸੰਗਤਾਂ ਵੱਲੋਂ ਪਹਿਲੇ ਪ੍ਰਕਾਸ਼ ਪੁਰਬ ਦੇ ਰੂਪ ਵਿੱਚ ਹਰ ਸਾਲ ਮਨਾਇਆ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਸ੍ਰੀ ਆਦਿ ਗ੍ਰੰਥ ਸਾਹਿਬ ਦੇ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਵੱਲੋਂ 30 ਰਾਗਾਂ ਵਿੱਚ ਬਾਣੀ ਦਰਜ ਕੀਤੀ ਗਈ ਸੀ ਤੇ 31ਵਾਂ ਰਾਗ ਜੈਜਾਵੰਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨਤਾ ਵੇਲੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਦਰਜ ਕਰਨ ਸਮੇਂ ਅੰਕਿਤ ਕੀਤਾ ਗਿਆ ਤੇਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿੱਚ ਇਕੱਤੀ ਰਾਗਾਂ ਦੇ ਵਿੱਚ 6 ਗੁਰੂ ਸਾਹਿਬਾਨ,15 ਭਗਤ ਸਾਹਿਬਾਨ, 11 ਭੱਟ ਸਾਹਿਬਾਨ ਦੀ ਬਾਣੀ ਦਰਜ ਹੈ ।ਪ੍ਰੋ. ਬਡੂੰਗਰ ਵੱਲੋਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਨਾਏ ਜਾਣ ਵਾਲੇ ਪਹਿਲੇ ਪ੍ਰਕਾਸ਼ ਪੁਰਬ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ।