ਵਿਧਾਇਕ ਗੋਗੀ ਦੀ ਅਗਵਾਈ ‘ਚ ਸੀਵਰਮੈਨ ਸਫਾਈ ਕਰਮਚਾਰੀ ਸੰਘਰਸ਼ ਕਮੇਟੀ ਦੀ ਨਗਰ ਨਿਗਮ ਕਮਿਸ਼ਨਰ ਨਾਲ ਮੀਟਿੰਗ
ਨਿਊਜ਼ ਪੰਜਾਬ
ਲੁਧਿਆਣਾ, 31 ਅਗਸਤ – ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਦੀ ਰਹਿਨੁਮਾਈ ਵਿੱਚ ਸੀਵਰਮੈਨ ਸਫਾਈ ਕਰਮਚਾਰੀ ਸੰਘਰਸ਼ ਕਮੇਟੀ ਦੇ ਨਮਾਇੰਦਿਆਂ ਨਾਲ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਕਮੇਟੀ ਦੀਆਂ ਵੱਖ-ਵੱਖ ਮੰਗਾਂ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ।
ਜ਼ਿਕਰਯੋਗ ਹੈ ਕਿ ਵਿਧਾਇਕ ਗੋਗੀ ਦੇ ਉੱਦਮ ਸਦਕਾ ਪਿਛਲੇ ਮਹੀਨੇ ਸੰਘਰਸ਼ ਕਮੇਟੀ ਦੇ ਕੁੱਝ ਮੈਂਬਰਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਵਿਧਾਇਕ ਗੋਗੀ ਦੇ ਨਾਲ ਚੰਡੀਗੜ੍ਹ ਵਿਖੇ ਸਥਾਨਕ ਸਰਕਾਰ ਬਾਰੇ ਮੰਤਰੀ ਨਾਲ ਮੁਲਾਕਾਤ ਵੀ ਕੀਤੀ ਗਈ ਸੀ।
ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਕਿ ਪਿਛਲੀ ਸਰਕਾਰ ਅਤੇ ਲੁਧਿਆਣਾ ਦੀ ਸਥਾਨਕ ਸਰਕਾਰ ਦੀਆਂ ਗਲਤ ਨੀਤੀਆਂ ਸਦਕਾ ਅੱਜ ਇਨ੍ਹਾਂ ਮੁਲਾਜ਼ਮਾਂ ਨੂੰ ਅਜਿਹਾ ਸੰਘਰਸ਼ ਕਰਨਾ ਪਿਆ, ਜੋਕਿ ਨਹੀਂ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਲੋਕਾਂ ਵੱਲੋਂ ਹੀ ਚੁਣੀ ਹੋਈ, ਇਨ੍ਹਾਂ ਦੀ ਆਪਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਇਹ ਫੈਸਲਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕੋਈ ਵੀ ਕੰਮ ਅਜਿਹਾ ਨਹੀਂ ਹੋਵੇਗਾ ਜਿਸ ਨਾਲ ਆਮ ਲੋਕਾਂ ਜਾਂ ਮੁਲਾਜ਼ਮਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਹੋਵੇ।
ਇਸ ਤੋਂ ਇਲਾਵਾ ਵਿਧਾਇਕ ਸ੍ਰੀ ਗੋਗੀ ਵੱਲੋਂ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ, ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸ਼ਹਿਰ ਵਿੱਚ ਬੰਦ ਪਈਆਂ ਸਟਰੀਟ ਲਾਈਟਾਂ ਦੀਆਂ ਸ਼ਿਕਾਇਤਾਂ ਦਾ ਨਿਬੇੜਾ ਨਹੀਂ ਕੀਤਾ ਜਾਂਦਾ ਸਗੋਂ ਕਾਗਜ਼ੀ-ਪੱਤਰੀਂ ਹੀ ਲਾਈਟਾਂ ਨੂੰ ਦਰੁਸਤ ਕਰ ਦਿੱਤਾ ਜਾਂਦਾ ਹੈ ਜਿਸਦੀ ਜ਼ਮੀਨੀ ਪੱਧਰ ‘ਤੇ ਜਾਂਚ ਕਰਨ ਦੀ ਲੋੜ ਹੈ।
ਇਸ ਮੌਕੇ ਕੌਂਸਲਰ ਰਾਕੇਸ਼ ਪਰਾਸ਼ਰ, ਅਸ਼ਵਨੀ ਚੌਧਰੀ, ਵਿਜੇ ਦਾਨਵ, ਡੀ.ਪੀ. ਖੌਸਲਾ, ਨਰੇਸ਼ ਧੀਗਾਨ, ਨਵੀਨ ਗੋਗਨਾ, ਚੀਫ ਸੈਨਟਰੀ ਇੰਸਪੈਕਟਰ ਗੁਰਿੰਦਰ ਸਿੰਘ, ਆਮ ਆਦਮੀ ਪਾਰਟੀ ਆਗੂ ਸਤਨਾਮ ਸਿੰਘ (ਸੰਨੀ ਮਾਸਟਰ) ਅਤੇ ਸੋਨੂੰ ਬੰਗਾਲੀ ਵੀ ਮੌਜੂਦ ਸਨ।