ਤਿੰਨ ਰੋਜ਼ਾ ਪਲਸ ਪੋਲੀਓ ਅਭਿਆਨ ਦੌਰਾਨ 14 ਲੱਖ ਤੋਂ ਵੱਧ ਬੱਚਿਆਂ ਨੂੰ ਪਿਲਾਈਆਂ ਬੂੰਦਾਂ: ਚੇਤਨ ਸਿੰਘ ਜੌੜਾਮਾਜਰਾ

ਨਿਊਜ਼ ਪੰਜਾਬ
ਚੰਡੀਗੜ੍ਹ, 21 ਸਤੰਬਰ:

 

ਪੰਜਾਬ ਦੀ ਪੋਲੀਓ ਮੁਕਤ ਸਥਿਤੀ ਨੂੰ ਬਰਕਰਾਰ ਰੱਖਣ ਲਈ, ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਦੇ ਸਿਹਤ ਵਿਭਾਗ ਨੇ ਆਪਣੀ ਤਿੰਨ ਰੋਜ਼ਾ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ (ਐਸ.ਐਨ.ਆਈ.ਡੀ.) ਤਹਿਤ 14,24,142 ਬੱਚਿਆਂ ਨੂੰ ਪੋਲੀਓ ਤੋਂ ਬਚਾਅ ਲਈ ਬੂੰਦਾਂ ਪਿਲਾਈਆਂ ਹਨ। ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ।

 

ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਉਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਘਰ-ਘਰ ਜਾ ਕੇ ਇਹ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਇੱਟਾਂ ਦੇ ਭੱਠਿਆਂ, ਰੇਲਵੇ ਸਟੇਸ਼ਨ, ਬੱਸ ਅੱਡਿਆਂ, ਉਸਾਰੀ ਵਾਲੀਆਂ ਥਾਵਾਂ ਅਤੇ ਝੁੱਗੀਆਂ ਝੌਂਪੜੀਆਂ ਆਦਿ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।

 

ਵਲੰਟੀਅਰਾਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਿਹਤ ਵਿਭਾਗ ਵੱਲੋਂ 11,865 ਪੋਲੀਓ ਵੈਕਸੀਨ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਸਾਰਿਆਂ ਨੇ ਇਸ ਮੁਹਿੰਮ ਦੀ ਸਫਲਤਾ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਹਨ। ਟੀਮਾਂ ਨੇ ਘਰ-ਘਰ ਜਾ ਕੇ ਹਰ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਏ ਜਾਣ ਨੂੰ ਯਕੀਨੀ ਬਣਾਇਆ। ਸਿਹਤ ਵਿਭਾਗ ਪੰਜਾਬ ਅਤੇ ਵਿਸ਼ਵ ਸਿਹਤ ਸੰਗਠਨ ਨੇ ਵੱਖ-ਵੱਖ ਪੱਧਰਾਂ ‘ਤੇ ਨਿਗਰਾਨੀ ਲਈ ਅੰਦਰੂਨੀ ਸੁਪਰਵਾਈਜ਼ਰ ਅਤੇ ਬਾਹਰੀ ਨਿਗਰਾਨ ਤਾਇਨਾਤ ਕੀਤੇ ਸਨ।

 

ਸ. ਜੌੜਾਮਾਜਰਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 14,83,072 ਦਾ ਟੀਚਾ ਰੱਖਿਆ ਗਿਆ ਸੀ ਅਤੇ ਇਹ ਮੁਹਿੰਮ ਆਪਣੇ ਨਿਰਧਾਰਤ ਟੀਚੇ ਦਾ 96.03 ਫੀਸਦੀ ਹਾਸਲ ਕਰਨ ਵਿੱਚ ਕਾਮਯਾਬ ਰਹੀ ਹੈ ਅਤੇ ਸਿਹਤ ਅਧਿਕਾਰੀਆਂ ਨੂੰ ਬਾਕੀ ਬਚੇ ਬੱਚਿਆਂ ਨੂੰ ਘਰਾਂ ਵਿੱਚ ਜਾ ਕੇ ਪੋਲੀਓ ਬੂੰਦਾਂ ਪਿਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੁਹਿੰਮ ਦੌਰਾਨ ਬੂੰਦਾਂ ਪੀਣ ਤੋਂ ਖੁੰਝ ਗਏ ਬੱਚਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਪੋਲੀਓ ਬੂੰਦਾਂ ਪਿਲਾਉਣ ਲਈ ਘਰ-ਘਰ ਜਾਣ ਦੀ ਮੁਹਿੰਮ ਪੰਜ ਦਿਨਾਂ ਤੱਕ ਜਾਰੀ ਰਹੇਗੀ। ਇਸ ਮੁਹਿੰਮ ਨੂੰ ਵਿਸ਼ਵ ਸਿਹਤ ਸੰਸਥਾ (ਡਬਲਿਯੂ.ਐਚ.ਓ.), ਰੋਟਰੀ ਅਤੇ ਹੋਰ ਸਿਵਲ ਸੁਸਾਇਟੀ ਸੰਸਥਾਵਾਂ ਦੇ ਤਕਨੀਕੀ ਭਾਈਵਾਲਾਂ ਅਤੇ ਵਲੰਟੀਅਰਾਂ ਦੁਆਰਾ ਸਹਿਯੋਗ ਦਿੱਤਾ ਗਿਆ।

 

ਜ਼ਿਕਰਯੋਗ ਹੈ ਕਿ ਬੱਚਿਆਂ ਦੀ ਕਵਰੇਜ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਕਾਰਗੁਜ਼ਾਰੀ, ਐਸ.ਬੀ.ਐਸ. ਨਗਰ 100 ਫੀਸਦੀ, ਫਾਜ਼ਿਲਕਾ 99.58 ਫੀਸਦੀ, ਤਰਨਤਾਰਨ 99.40 ਫੀਸਦੀ, ਸ੍ਰੀ ਮੁਕਤਸਰ ਸਾਹਿਬ 98.74 ਫੀਸਦੀ, ਬਠਿੰਡਾ 97.53 ਫੀਸਦੀ, ਪਠਾਨਕੋਟ 96.82 ਫੀਸਦੀ, ਮੋਗਾ 95.47 ਫੀਸਦੀ, ਅੰਮ੍ਰਿਤਸਰ 94.41 ਫੀਸਦੀ, ਫਰੀਦਕੋਟ 94.14 ਫੀਸਦੀ, ਸ੍ਰੀ ਫਤਿਹਗੜ੍ਹ ਸਾਹਿਬ 94.06 ਫੀਸਦੀ, ਪਟਿਆਲਾ 92.66 ਫੀਸਦੀ ਅਤੇ ਮਾਨਸਾ 92.63 ਫੀਸਦੀ ਰਹੀ ਹੈ।