ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨੂੰ ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹਿਆਂ ‘ਚ ਵਿਕਾਸ ਨੂੰ ਹੁਲਾਰਾ ਦੇਣ ਲਈ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਨਿਊਜ਼ ਪੰਜਾਬ
ਚੰਡੀਗੜ੍ਹ, 21 ਸਤੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਅੱਜ ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹਿਆਂ ਦੇੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।
ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹਿਆਂ ਦੇ ਵਿਕਾਸ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਕੰਮ ਨੂੰ ਸਮਾਂਬੱਧ ਅਤੇ ਨਤੀਜਾ ਮੁਖੀ ਢੰਗ ਨਾਲ ਪੂਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੇ 28 ਰਾਜਾਂ ਦੇ 112 ਜ਼ਿਲ੍ਹਿਆਂ ਦੀ ਸਮਾਜਿਕ-ਆਰਥਿਕ ਸਥਿਤੀ ਵਿੱਚ ਤੇਜ਼ੀ ਨਾਲ ਸੁਧਾਰ ਕਰਨ ਦੇ ਉਦੇਸ਼ ਨਾਲ ਜਨਵਰੀ 2018 ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ (ਏ.ਡੀ.ਪੀ.) ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਪੰਜਾਬ ਦੇ ਦੋ ਜ਼ਿਲ੍ਹਿਆਂ ਮੋਗਾ ਅਤੇ ਫਿਰੋਜ਼ਪੁਰ ਦੀ ਚੋਣ ਕੀਤੀ ਗਈ ਹੈ।
ਮੁੱਖ ਸਕੱਤਰ ਨੇ ਕਿਹਾ ਕਿ ਇਨ੍ਹਾਂ ਜ਼ਿਲ੍ਹਿਆਂ ਦੀ ਸ਼ਨਾਖਤ ਕੰਪੋਜ਼ਿਟ ਇੰਡੈਕਸ ਦੇ ਆਧਾਰ ‘ਤੇ ਕੀਤੀ ਗਈ ਹੈ, ਜਿਸ ਵਿੱਚ ਗਰੀਬੀ, ਮਾੜੀ ਸਿਹਤ ਅਤੇ ਪੋਸ਼ਣ, ਸਿੱਖਿਆ ਦੀ ਸਥਿਤੀ ਅਤੇ ਘੱਟ ਢਾਂਚਾਗਤ ਵਿਕਾਸ ਸਬੰਧੀ ਚੁਣੌਤੀਆਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਏ.ਡੀ.ਪੀ ਪੰਜ ਖੇਤਰਾਂ:- ਸਿਹਤ ਅਤੇ ਪੋਸ਼ਣ, ਸਿੱਖਿਆ, ਖੇਤੀਬਾੜੀ ਅਤੇ ਜਲ ਸਰੋਤ, ਵਿੱਤੀ ਸਮਾਵੇਸ਼ ਅਤੇ ਹੁਨਰ ਵਿਕਾਸ ਅਤੇ ਬੁਨਿਆਦੀ ਢਾਂਚੇ ‘ਤੇ ਕੇਂਦਰਿਤ ਹੈ। ਮੁੱਖ ਸਕੱਤਰ ਨੇ ਕਿਹਾ ਕਿ ਓਵਰਆਲ ਕੈਟਾਗਰੀ/ਵੱਖ-ਵੱਖ ਥੀਮਾਂ ਦੇ ਵੱਖ-ਵੱਖ ਪ੍ਰਾਜੈਕਟਾਂ ਵਿੱਚ ਵਧੀਆ ਰੈਂਕ ਹਾਸਲ ਕਰਨ ਲਈ ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹੇ ਲਈ ਕ੍ਰਮਵਾਰ 18 ਕਰੋੜ ਅਤੇ 9 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਉਨ੍ਹਾਂ ਨੇ ਫਿਰੋਜ਼ਪੁਰ ਅਤੇ ਮੋਗਾ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਾਜੈਕਟਾਂ ਨੂੰ ਜਲਦੀ ਅਤੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਡਿਸਟ੍ਰਿਕਟ ਮਿਨਰਲ ਫਾਊਂਡੇਸ਼ਨ ਤਹਿਤ ਪ੍ਰਾਪਤ ਫੰਡਾਂ ਨੂੰ ਐਸਪੀਰੇਸਨਲ ਡਿਸਟ੍ਰਿਕਟ ਪ੍ਰੋਗਰਾਮ ਨੂੰ ਹੁਲਾਰਾ ਦੇਣ ਲਈ ਅਲਾਟਮੈਂਟ ਨਾਲ ਜੋੜਿਆ ਜਾਵੇ।