ਚੰਡੀਗੜ੍ਹ ਸਥਿਤ ਕੌਮਾਂਤਰੀ ਹਵਾਈ ਅੱਡਾ ਹੋਇਆ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’ – ਮੁੱਖ ਮਹਿਮਾਨ ਵਜੋਂ ਪਹੁੰਚੇ ਕੇਂਦਰੀ ਵਿੱਤ ਮੰਤਰੀ
ਨਿਊਜ਼ ਪੰਜਾਬ
ਚੰਡੀਗੜ੍ਹ, 28 ਸਤੰਬਰ – ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਚੰਡੀਗੜ੍ਹ ਸਥਿਤ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਬਦਲ ਕੇ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’ ਰੱਖ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਝ ਦਿਨ ਪਹਿਲਾਂ ਇਸ ਬਾਰੇ ਐਲਾਨ ਕੀਤਾ ਸੀ।
ਇਸ ਸਬੰਧੀ ਪ੍ਰੋਗਰਾਮ ਵਿੱਚ ਅੱਜ ਮੁੱਖ ਮਹਿਮਾਨ ਵਜੋਂ ਪਹੁੰਚੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਮਾਰੋਹ ਵਿੱਚ ਪਹੁੰਚ ਕੇ ਕਾਫੀ ਮਾਣ ਮਹਿਸੂਸ ਹੋਇਆ। ਸੀਤਾਰਾਮਨ ਨੇ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਵਿੱਤ ਮੰਤਰੀ ਨੇ ਕਿਹਾ, ‘‘ਇਨ੍ਹਾਂ ਛੋਟੇ-ਛੋਟੇ ਸੰਕੇਤਾਂ ਰਾਹੀਂ ਅਸੀਂ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਹੀਦ ਹੋਏ ਭਗਤ ਸਿੰਘ ਵਰਗੇ ਨੌਜਵਾਨਾਂ ਵੱਲੋਂ ਦਿੱਤੇ ਗਏ ਬਲੀਦਾਨ ਨੂੰ ਯਾਦ ਰੱਖ ਸਕਾਂਗੇ।’’ ਉਨ੍ਹਾਂ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਹਾਮੀ ਭਰਨ ਲਈ ਪੰਜਾਬ ਤੇ ਹਰਿਆਣਾ ਸਰਕਾਰਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਕੇਂਦਰੀ ਮੰਤਰੀ ਜਨਰਲ ਵੀ.ਕੇ. ਸਿੰਘ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਅਤੇ ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਵੀ ਮੌਜੂਦ ਸਨ। ਸ੍ਰੀ ਮਾਨ ਨੇ ਵੀ ਹਵਾਈ ਅੱਡੇ ਦਾ ਨਾਮ ਬਦਲਣ ਲਈ ਪ੍ਰਧਾਨ ਮੰਤਰੀ ਸ੍ਰੀ ਮੋਦੀ ਦਾ ਧੰਨਵਾਦ ਕੀਤਾ।