ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਨਾਜ ਮੰਡੀ ਖੰਨਾ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਨਿਊਜ਼ ਪੰਜਾਬ
ਖੰਨਾ (ਲੁਧਿਆਣਾ), ਅਕਤੂਬਰ 4:
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਤੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਪਹੁੰਚ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੇ ਸੰਤੁਸ਼ਟੀ ਜ਼ਾਹਰ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਦ ਵੀ ਸ਼ਾਮਲ ਸਨ।
ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਵੱਲੋਂ ਦਿੱਤੇ ਨਿਰਦੇਸ਼ਾਂ ਦੇ ਮੁਤਾਬਕ ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਚੈਕ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿਸਾਨਾਂ ਦੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 48 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੰਡੀ ਵਿੱਚ ਝੋਨਾ ਲੈ ਕੇ ਆ ਰਹੇ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਤੁਰੰਤ ਖਰੀਦ ਹੋ ਸਕੇ।
ਪੱਤਰਕਾਰਾਂ ਵੱਲੋਂ ਕੈਬਨਿਟ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪਰਾਲੀ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆ ਕਿਹਾ ਕਿ ਸਾਡੀ ਸਰਕਾਰ ਨੇ 1 ਲੱਖ, 22 ਹਜ਼ਾਰ ਤੋਂ ਵੱਧ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਸਬਸਿਡੀ ਉੱਤੇ ਦਿੱਤੀਆ ਹਨ ਅਤੇ ਛੋਟੇ ਕਿਸਾਨਾਂ ਲਈ ਵੀ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਅਸੀ ਪੰਜਾਬ ਦੀਆਂ ਤਿੰਨ ਵੱਡੀਆਂ ਯੂਨੀਵਰਸਿਟੀਆਂ ਜਿਨ੍ਹਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਐਨ.ਐਸ.ਐਸ ਗਰੁੱਪ ਦੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਪੰਜਾਬ ਵਿੱਚ ਵਾਤਾਵਰਣ ਬਚਾਉਣ ਸਬੰਧੀ ਜਾਗਰੂਕ ਮੁਹਿੰਮ ਵੀ ਚਲਾ ਰਹੇ ਹਨ। ਉਹਨਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਕਿਸਾਨ ਪਾਰਲੀ ਨਹੀਂ ਸਾੜਨਗੇ ਅਤੇ ਸਾਨੂੰ ਪੰਜਾਬ ਦਾ ਵਾਤਾਵਰਣ ਬਚਾਉਣ ਵਿੱਚ ਵੱਡੀ ਕਾਮਯਾਬੀ ਮਿਲੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣਾ ਸਾਡਾ ਪਹਿਲਾ ਫਰਜ ਹੈ, ਉਹਨਾਂ ਕਿਹਾ ਜੋ ਸੱਚਾ ਪੰਜਾਬੀ ਹੈ ਉਹ ਇਹਨਾਂ ਤਿੰਨ ਚੀਜ਼ਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਹਰ ਕੁਰਬਾਨੀ ਕਰੇਗਾ। ਪੱਤਰਕਾਰਾਂ ਵੱਲੋਂ ਲੇਬਰ ਯੂਨੀਅਨ ਦੇ ਮਸਲਿਆਂ ਬਾਰੇ ਇੱਕ ਹੋਰ ਪੁੱਛੇ ਸਵਾਲ ਦਾ ਜਵਾਬ ਦਿੰਦਿਆ ਕੈਬਨਿਟ ਮੰਤਰੀ ਨੇ ਕਿਹਾ ਕਿ ਲੇਬਰ ਯੂਨੀਅਨ ਵਾਲੇ ਸਾਡੇ ਹੀ ਭਰਾ ਹਨ ਇਹਨਾਂ ਦੇ ਮਸਲਿਆਂ ਦੇ ਹੱਲ ਲਈ 6 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਨਾਲ ਬੈਠ ਕੇ ਮਸਲੇ ਹੱਲ ਕਰ ਲਏ ਜਾਣਗੇ।
ਇਸ ਤੋਂ ਬਾਅਦ ਕੈਬਨਿਟ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਾਰਕੀਟ ਕਮੇਟੀ ਖੰਨਾ ਦੇ ਮੀਟਿੰਗ ਹਾਲ ਵਿੱਚ ਖੰਨਾ ਦੇ ਆੜ੍ਹਤੀਆ ਐਸੋਸੀਏਸ਼ਨ ਨਾਲ ਮੀਟਿੰਗ ਵੀ ਕੀਤੀ ਅਤੇ ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਜਦੋਂ ਦੀ ਸਰਕਾਰ ਬਣੀ ਹੈ ਕਿਸਾਨ ਮੰਡੀਆਂ ਵਿੱਚ ਜਦ ਵੀ ਫਸਲ ਲੈ ਕੇ ਆਉਂਦੇ ਹਨ ਤਾਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਗਈ ਅਤੇ ਇਸ ਝੋਨੇ ਦੇ ਸੀਜ਼ਨ ਵਿੱਚ ਵੀ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਝੋਨੇ ਦੀ ਢੋਆ ਢੋਆਈ ਅਤੇ ਸਟੋਰੇਜ਼ ਵਿੱਚ ਵੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ ਜਿਥੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਉਨ੍ਹਾਂ ਦਾ ਸਵਾਗਤ ਵੀ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਸ.ਪੀ. ਖੰਨਾ ਸ੍ਰੀ ਦਾਮਿਆ ਹਰੀਸ਼ ਕੁਮਾਰ ਓਮ ਪ੍ਰਕਾਸ਼, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਸ, ਉਪ ਮੰਡਲ ਮੈਜਿਸਟੇ੍ਰਟ ਸ੍ਰੀਮਤੀ ਮਨਜੀਤ ਕੌਰ, ਜਿ਼ਲ੍ਹਾ ਖੁਰਾਕ ਸਪਲਾਈ ਕੰਟਰੋਲਰ (ਪੂਰਬੀ) ਸ੍ਰੀਮਤੀ ਸਿਫਾਲੀ ਚੋਪੜਾ,ਪ੍ਰਧਾਨ ਆੜਤੀਆ ਐਸੋਸੀਏਸ਼ਨ ਖੰਨਾ ਸ੍ਰ. ਹਰਬੰਸ ਸਿੰਘ ਰੋਸ਼ਾ, ਪ੍ਰਧਾਨ ਸ਼ੈਲਰ ਐਸੋਸੀਏਸ਼ਨ ਖੰਨਾ ਸ੍ਰੀ ਗੁਰਦਿਆਲ ਸਿੰਘ, ਜਿ਼ਲ੍ਹਾ ਮੰਡੀ ਅਫਸਰ ਲੁਧਿਆਣਾ ਸ੍ਰੀ ਬੀਰ ਇੰਦਰ ਸਿੰਘ ਸਿੱਧੂ, ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।