ਪੰਜਾਬ ਦੇ ਮੁੱਖ ਸਕੱਤਰ ਨੇ ਪ੍ਰਧਾਨ ਮੰਤਰੀ ਨੂੰ ਕੋਵਿਡ-19 ਨਾਲ ਨਜਿੱਠਣ ਲਈ ਸੂਬੇ ਦੇ ਸਿਹਤ ਅਮਲੇ ਦੇ ਪੂਰੀ ਤਰ੍ਹਾਂ ਤਿਆਰ ਹੋਣ ਦਾ ਭਰੋਸਾ ਦਿਵਾਇਆ
ਚੰਡੀਗੜ੍ਹ, 2 ਅਪ੍ਰੈਲ: ( ਨਿਊਜ਼ ਪੰਜਾਬ )
ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਰੋਸਾ ਦਿਵਾਇਆ ਕਿ ਸੂਬੇ ਦਾ ਸਿਹਤ ਅਮਲਾ ਮਾਰੂ ਕੋਰੋਨਾ ਵਾਇਰਸ ਦੇ ਟਾਕਰੇ ਲਈ ਪੂਰੀ ਤਰ੍ਹਾਂ ਤਿਆਰ ਹੈ।
ਉਹ ਪ੍ਰਧਾਨ ਮੰਤਰੀ ਦੁਆਰਾ ਕੋਵਿਡ -19 ਬਾਰੇ ਬੁਲਾਈ ਸਾਰੇ ਮੁੱਖ ਮੰਤਰੀਆਂ ਦੀ ਵੀਡੀਓ ਕਾਨਫ਼ਰੰਸ ਵਿਚ ਹਿੱਸਾ ਲੈ ਰਹੇ ਸਨ, ਜਿਸ ਵਿਚ ਕੈਪਟਨ ਅਮਰਿੰਦਰ ਸਿੰਘ ਸੀ.ਡਬਲਿਊ.ਸੀ ਦੀ ਮੀਟਿੰਗ ਕਰਕੇ ਸ਼ਾਮਲ ਨਹੀਂ ਹੋ ਸਕੇ।
ਕਰਨ ਅਵਤਾਰ ਸਿੰਘ ਜਿਨ੍ਹਾਂ ਨਾਲ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੀ ਮੌਜੂਦ ਸਨ, ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਰਾਜ ਵਿੱਚ ਕੋਵਿਡ -19 ਦੇ ਫੈਲਾਅ ਨੂੰ ਰੋਕਣ ਲਈ ਵਿਸਥਾਰਤ ਪ੍ਰਬੰਧ ਕੀਤੇ ਗਏ ਹਨ। ਮੁੱਖ ਸਕੱਤਰ ਨੇ ਇਹ ਵੀ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੁਆਰਾ ਕਰਫਿਊ ਦੇ ਸਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਲੋਕ ਘਰਾਂ ਵਿਚ ਰਹਿਣ ਅਤੇ ਇੱਕ-ਦੂਜੇ ਤੋਂ ਸਮਾਜਿਕ ਦੂਰੀ ਬਣਾ ਰੱਖਦਿਆਂ ਸਿਹਤ ਪ੍ਰੋਟੋਕੋਲ ਦੀ ਪਾਲਣਾ ਕਰਨ।
ਮੁੱਖ ਸਕੱਤਰ ਨੇ ਸ੍ਰੀ ਮੋਦੀ ਨੂੰ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸੂਬੇ ਭਰ ਵਿੱਚ ਸਥਿਤੀ ‘ਤ ਨਿੱਜੀ ਤੌਰ ‘ਤੇ ਨਿਗਰਾਨੀ ਰੱਖ ਰਹੇ ਹਨ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਜ਼ਰੂਰੀ ਵਸਤਾਂ ਅਤੇ ਸੇਵਾਵਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਤਾਂ ਜੋ ਕਰਫਿਊ ਦੇ ਮੱਦੇਨਜ਼ਰ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਘੱਟ ਕੀਤਾ ਜਾ ਸਕੇ। ਇਸ ਤੋਂ ਇਲਾਵਾ ਰੋਜ਼ਾਨਾ ਆਧਾਰ ‘ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਇੱਕ ਮੰਤਰੀ ਸਮੂਹ ਦਾ ਗਠਨ ਕੀਤਾ ਗਿਆ ਹੈ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਕੋਵਿਡ -19 ਨਾਲ ਜੁੜੇ ਸਾਰੇ ਮੁੱਦਿਆਂ ਦੇ ਹੱਲ ਲਈ ਇੱਕ ਸਟੇਟ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।
ਇਲਾਜ ਦੇ ਪਹਿਲੂਆਂ ਬਾਰੇ ਗੱਲ ਕਰਦਿਆਂ ਮੁੱਖ ਸਕੱਤਰ ਨੇ ਸ੍ਰੀ ਮੋਦੀ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਕੋਰੋਨਾਵਾਇਰਸ ਦੇ ਸ਼ੱਕੀ ਅਤੇ ਇਨਫੈਕਟਡ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਟਰਸ਼ਰੀ ਕੇਅਰ ਸੈਂਟਰਾਂ ਅਤੇ ਹਸਪਤਾਲਾਂ ਦਾ ਸਹਿਯੋਗ ਲਿਆ ਹੈ। ਕੋਵਿਡ -19 ਦੇ ਪਾਜ਼ੇਟਿਵ ਮਰੀਜ਼ਾਂ ਦੀ ਦੇਖਭਾਲ ਲਈ ਫਰੀਦਕੋਟ, ਅੰਮ੍ਰਿਤਸਰ ਅਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਹਸਪਤਾਲਾਂ ਵਿੱਚ 1380 ਬੈੱਡਾਂ ਅਤੇ 101 ਵੈਂਟੀਲੇਟਰਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਇਹ ਵੀ ਦੱਸਿਆ ਕਿ ਹੁਣ ਤੱਕ 51 ਪ੍ਰਾਈਵੇਟ ਲੈਬਾਟਰੀਆਂ ਨੂੰ ਸੂਬੇ ਵਿੱਚ ਕੋਰੋਨਾ ਟੈਸਟਿੰਗ ਦੀ ਆਗਿਆ ਦਿੱਤੀ ਗਈ ਹੈ।
ਸੂਬੇ ਵਿੱਚ ਵਾਢੀ ਦੇ ਸੀਜ਼ਨ ਬਾਰੇ ਪ੍ਰਧਾਨ ਮੰਤਰੀ ਨੂੰ ਜਾਣੂੰ ਕਰਵਾਉਂਦਿਆਂ ਕਰਨ ਅਵਤਾਰ ਸਿੰਘ ਨੇ ਕਿਹਾ ਕਿ ਕੁਝ ਥਾਵਾਂ ‘ਤੇ ਵਾਢੀ ਸ਼ੁਰੂ ਵੀ ਹੋ ਗਈ ਹੈ ਜਿਸ ਲਈ ਕਿਸਾਨਾਂ ਨੂੰ ਕੁਝ ਢਿੱਲ ਦਿੱਤੀ ਜਾ ਰਹੀ ਹੈ। ਉਨ੍ਹਾਂ ਨੂੰ ਵਾਢੀ ਸਮੇਂ ਇੱਕ -ਦੂਜੇ ਤੋਂ ਸਮਾਜਿਕ ਦੂਰੀ ਬਣਾਏ ਰੱਖਣ ਲਈ ਕਿਹਾ ਗਿਆ ਹੈ।
ਮੁੱਖ ਸਕੱਤਰ ਨੇ ਕਿਹਾ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰਾਜ ਸਰਕਾਰ ਕਿਸਾਨਾਂ ਦੀ ਉਪਜ ਦੀ ਢੋਆ ਢੁਆਈ ਲਈ ਉਬਰ ਦੀ ਕਿਸਮ ਦੇ ਪਲੇਟਫਾਰਮਾਂ ਦੀ ਵਰਤੋਂ ਕਰਕੇ ਅਨਾਜ ਖਰੀਦ ਵਿੱਚ ਨਵੀਨਤਾ ਲਿਆਉਣ ਬਾਰੇ ਵਿਚਾਰ ਕਰ ਰਹੀ ਹੈ।
ਦਿਨਕਰ ਗੁਪਤਾ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਸੂਬੇ ਦੀ ਪੁਲਿਸ ਲਾਕਡਾਊਨ/ਕਰਫਿਊ ਪਾਬੰਦੀਆਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਨਾਲ-ਨਾਲ ਲੋਕਾਂ ਨੂੰ ਜ਼ਰੂਰੀ ਵਸਤਾਂ / ਸੇਵਾਵਾਂ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਕੰਮ ਕਰ ਰਹੀ ਹੈ।
ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸੂਬਾ ਪ੍ਰਸ਼ਾਸਨ ਨੂੰ ਸ਼ੱਕੀ ਮਾਮਲਿਆਂ ਦੀ ਟੈਸਟਿੰਗ, ਟਰੇਸਿੰਗ, ਆਈਸੋਲੇਸ਼ਨ ਅਤੇ ਕੁਆਰੰਨਟਾਈਨ ਕਰਨ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ, ਜੋ ਅਗਲੇ ਕੁਝ ਹਫ਼ਤਿਆਂ ਲਈ ਬਹੁਤ ਅਹਿਮ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਦਵਾਈਆਂ ਦੀ ਨਿਰੰਤਰ ਸਪਲਾਈ, ਮੈਡੀਕਲ ਉਪਕਰਣ, ਦਵਾਈਆਂ ਲਈ ਕੱਚੇ ਮਾਲ ਦੀ ਢੋਆ-ਢੁਆਈ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਡਾਕਟਰਾਂ, ਸਿਹਤ ਅਮਲੇ ਸਮੇਤ ਨਰਸਿੰਗ ਅਤੇ ਪੈਰਾ ਮੈਡੀਕਲ ਵਿਭਾਗਾਂ ਦੀ ਵਿਸ਼ੇਸ਼ ਦੇਖਭਾਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਸਾਰਿਆਂ ਨੂੰ ਲੋੜੀਂਦੇ ਪੀਪੀਈਜ਼, ਦਸਤਾਨੇ, ਮਾਸਕ ਆਦਿ ਮੁਹੱਈਆ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਕੋਵਿਡ -19 ਦੇ ਮਰੀਜ਼ਾਂ ਲਈ ਵੱਖਰੇ/ਵਿਸ਼ੇਸ਼ ਹਸਪਤਾਲਾਂ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।
ਇਸੇ ਤਰ੍ਹਾਂ ਕੋਵਿਡ -19 ਦੇ ਮਰੀਜ਼ਾਂ ਦਾ ਇਲਾਜ ਕਰਨ ਲਈ ਸੂਬੇ ਵਿੱਚ ਆਯੂਸ਼ ਡਾਕਟਰਾਂ ਨੂੰ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ ਜਿਨ੍ਹਾਂ ਨੂੰ ਪੇਸ਼ੇਵਰ ਡਾਕਟਰੀ ਦੇਖਭਾਲ ਦੀ ਲੋੜ ਨਹੀਂ ਹੁੰਦੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੇ ਡਾਕਟਰਾਂ ਦੀ ਭਰਤੀ ਅਤੇ ਸਿਖਲਾਈ ਤੁਰੰਤ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਮੋਦੀ ਨੇ ਅੱਗੇ ਕਿਹਾ ਕਿ ਕੋਵਿਡ – 19 ਆਈਸੋਲੇਸ਼ਨ ਸੈਂਟਰਾਂ/ਹਸਪਤਾਲਾਂ ਦੇ ਨਾਲ ਡਾਕਟਰਾਂ/ਸਿਹਤ ਕਰਮਚਾਰੀਆਂ/ਕਰਮਚਾਰੀਆਂ ਦੀ ਮੈਪਿੰਗ ਦੀ ਯੋਜਨਾ ਵੀ ਤੁਰੰਤ ਤਿਆਰ ਕੀਤੀ ਜਾਣੀ ਚਾਹੀਦੀ ਹੈ।
ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਆਯੂਸ਼ ਵਿਭਾਗ ਵੱਲੋਂ ਦੱਸੇ ਸੁਰੱਖਿਆ ਨਿਰਦੇਸ਼ਾਂ ਨੂੰ ਸਾਰੇ ਨਾਗਰਿਕਾਂ ਨਾਲ ਸਾਂਝਾ ਕੀਤਾ ਜਾਣਾ ਚਾਹੀਦਾ ਹੈ ਅਤੇ ਇਹਨਾਂ ਦਾ ਵਿਆਪਕ ਪ੍ਰਚਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੇਵਾਮੁਕਤ ਰੱਖਿਆ ਅਮਲੇ/ਜੀ.ਓ.ਜੀ., ਐਨ.ਜੀ.ਓਜ਼, ਐਨ.ਸੀ.ਸੀ., ਐਨ.ਐੱਸ.ਐੱਸ., ਵਲੰਟੀਅਰਾਂ ਨੂੰ ਕੋਵਿਡ -19 ਦੇ ਬਿਹਤਰ ਪ੍ਰਬੰਧਨ ਲਈ ਸਥਾਨਕ ਪੱਧਰ ‘ਤੇ ਸ਼ਾਮਲ ਹੋਣਾ ਚਾਹੀਦਾ ਹੈ।
ਅਧਿਕਾਰਤ ਲੈਬਾਂ ਤੋਂ ਕੀਤੇ ਗਏ ਟੈਸਟਾਂ ਸਬੰਧੀ ਅੰਕੜੇ ਰੋਜ਼ਾਨਾ ਕੇਂਦਰ ਸਰਕਾਰ ਨਾਲ ਸਾਂਝੇ ਕੀਤੇ ਜਾਣੇ ਚਾਹੀਦੇ ਹਨ। ਸ੍ਰੀ ਮੋਦੀ ਨੇ ਕਿਹਾ ਕਿ ਮੌਜੂਦਾ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਜਲ੍ਹਾ ਨਿਗਰਾਨੀ ਅਧਿਕਾਰੀਆਂ ਦੀ ਭਰਤੀ ਕੀਤੀ ਜਾਣੀ ਚਾਹੀਦੀ ਹੈ।
——-