ਮੁੱਖ ਮੰਤਰੀ ਵੱਲੋਂ ਮਾਰਚ-2023 ਵਿਚ ਪਵਿੱਤਰ ਨਗਰੀ ਅੰਮ੍ਰਿਤਸਰ ’ਚ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ

ਨਿਊਜ਼ ਪੰਜਾਬ 

ਚੰਡੀਗੜ੍ਹ, 10 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਚ-2023 ਵਿਚ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੀ ਦਫ਼ਤਰ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਮਾਰਚ ਮਹੀਨੇ ਵਿਚ ਹੋਵੇਗਾ ਅਤੇ ਇਸ ਵਿਚ ਵਿਸ਼ਵ ਦੇ ਮੋਹਰੀ ਮੁਲਕ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਹਾਨ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣ ਉਤੇ ਸੂਬਾ ਆਪਣੇ ਆਪ ਨੂੰ ਸੁਭਾਗਾ ਸਮਝਦਾ ਹੈ ਜਿਸ ਵਿਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ ਸਿੱਖਿਆ ਬਾਰੇ ਵਿਚਾਰ-ਵਟਾਂਦਰਾ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਆਲਮੀ ਸਮਾਗਮ ਦੀ ਸਫਲਤਾ ਲਈ ਵਿਆਪਕ ਪੱਧਰ ਉਤੇ ਇਤਜ਼ਾਮ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪਾਵਨ ਸ਼ਹਿਰ ਨੂੰ ਪੰਜ ਪ੍ਰਮੁੱਖ ਸੈਕਟਰਾਂ ਵਿਚ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਖਤਾ ਪ੍ਰਬੰਧਨ ਲਈ ਸੂਬੇ ਦੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਇਨ੍ਹਾਂ ਸੈਕਟਰਾਂ ਵਿਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੰਮੇਲਨ ਦੌਰਾਨ ਇਹ ਅਧਿਕਾਰੀ ਹੀ ਆਪੋ-ਆਪਣੇ ਅਧਿਕਾਰ ਖੇਤਰ ਵਿਚ ਸਮੁੱਚੇ ਕਾਰਜ ਨੂੰ ਸੁਚਾਰੂ ਬਣਾਉਣ ਲਈ ਜ਼ਿੰਮੇਵਾਰ ਹੋਣਗੇ।
ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ’ਤੇ ਅਧਾਰਿਤ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ। ਉਨ੍ਹਾਂ ਕਿਹਾ ਕਿ ਇਹ ਕੈਬਨਿਟ ਸਬ-ਕਮੇਟੀ ਸੰਮੇਲਨ ਦੇ ਰੋਜ਼ਮੱਰਾ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗੀ ਤਾਂ ਕਿ ਇਸ ਨੂੰ ਨਿਰਵਿਘਨ ਰੂਪ ਵਿਚ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਇਸ ਸੰਮੇਲਨ ਨੂੰ ਬਿਨਾਂ ਕਿਸੇ ਅੜਚਣ ਤੋਂ ਨੇਪਰੇ ਚਾੜ੍ਹਨ ਲਈ ਕੈਬਨਿਟ ਸਬ-ਕਮੇਟੀ ਨੂੰ ਸਹਿਯੋਗ ਕਰਨ ਲਈ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਅਗਵਾਈ ਵਿਚ ਉਚ ਤਾਕਤੀ ਕਮੇਟੀ ਦਾ ਗਠਨ ਕੀਤਾ ਹੈ।