ਮੁੱਖ ਮੰਤਰੀ ਵੱਲੋਂ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਲਈ ਹੇਠਲੇ ਪੱਧਰ ਤੱਕ ਯਕੀਨੀ ਬਣਾਉਣ ਦੇ ਨਿਰਦੇਸ਼
ਨਿਊਜ਼ ਪੰਜਾਬ
ਚੰਡੀਗੜ੍ਹ, 12 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਲਈ ਹੇਠਲੇ ਪੱਧਰ ਤੱਕ ਯਕੀਨੀ ਬਣਾਉਣ ਲਈ ਕਿਹਾ।
ਅੱਜ ਸਥਾਨਕ ਪੰਜਾਬ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਕਈ ਲੋਕ ਪੱਖੀ ਅਤੇ ਵਿਕਾਸ ਪੱਖੀ ਸਕੀਮਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਚੇਅਰਮੈਨਾਂ ਇਹ ਯਕੀਨੀ ਬਣਾਉਣ ਕਿ ਇਹ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚਣ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਵੱਧ ਤੋਂ ਵੱਧ ਲੋਕਾਂ ਨੂੰ ਸੂਬਾ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਲਾਭ ਮਿਲੇ।
ਇਕ ਹੋਰ ਏਜੰਡੇ ‘ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਚੇਅਰਮੈਨਾਂ ਨੂੰ ਆਪੋ-ਆਪਣੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਖਾਲੀ ਪਈਆਂ ਅਸਾਮੀਆਂ ਦੀ ਵਿਸਥਾਰਤ ਸੂਚੀ ਸੌਂਪਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਦੇ ਆਧਾਰ ‘ਤੇ ਸੂਬਾ ਸਰਕਾਰ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਖਾਲੀ ਅਸਾਮੀਆਂ ਨੂੰ ਭਰਨ ਲਈ ਜਲਦੀ ਹੀ ਇਕ ਵੱਡੀ ਭਰਤੀ ਮੁਹਿੰਮ ਸ਼ੁਰੂ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਖਾਲੀ ਪਈਆਂ ਅਸਾਮੀਆਂ ਦਾ ਇਨ੍ਹਾਂ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਕੰਮਕਾਜ ’ਤੇ ਮਾੜਾ ਅਸਰ ਪੈ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਰਤੀ ਮੁਹਿੰਮ ਇੱਕ ਪਾਸੇ ਇਨ੍ਹਾਂ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰੇਗੀ ਅਤੇ ਦੂਜੇ ਪਾਸੇ ਸੂਬੇ ਦੇ ਨੌਜਵਾਨਾਂ ਨੂੰ ਰੈਗੂਲਰ ਆਧਾਰ ‘ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕਰੇਗੀ। ਉਨ੍ਹਾਂ ਨੇ ਚੇਅਰਮੈਨਾਂ ਨੂੰ ਕਿਹਾ ਕਿ ਉਹ ਆਪਣੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਕੰਮਕਾਜ ਦੀ ਨਿਯਮਤ ਤੌਰ ‘ਤੇ ਨਿਗਰਾਨੀ ਰੱਖਣ ਤਾਂ ਜੋ ਲੋਕਾਂ ਨੂੰ ਵੱਡੇ ਪੱਧਰ ‘ਤੇ ਲਾਭ ਮਿਲ ਸਕੇ। ਭਗਵੰਤ ਮਾਨ ਨੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।