ਲੁਧਿਆਣਾ ਵਿੱਚ ਪਲਾਟਾ ਦੀ ਰਜਿਸਟਰੀਆਂ ਲਈ ‘ਨਕਲੀ ਐਨ.ਓ.ਸੀ’ ਵਰਤੀਆਂ ਜਾ ਰਹੀਆਂ ਹਨ? ਮਾਲ ਮੰਤਰੀ ਜਿੰਪਾ ਨੇ ਦੇ ਦਿੱਤਾ ਜਾਂਚ ਦਾ ਹੁਕਮ
– ਪ੍ਰਾਪਰਟੀ ਡੀਲਰਾਂ, ਕਲੋਨਾਈਜ਼ਰਾਂ ਅਤੇ ਜਨਤਾ ਦੀਆਂ ਸੁਣੀਆਂ ਸ਼ਿਕਾਇਤਾਂ
– ਮਾਲ ਮੰਤਰੀ ਵੱਲੋਂ ਸਬ-ਰਜਿਸਟਰਾਰ ਦਫ਼ਤਰਾਂ ਦਾ ਵੀ ਨਿਰੀਖਣਨਿਊਜ਼ ਪੰਜਾਬ
ਲੁਧਿਆਣਾ, 18 ਅਕਤੂਬਰ – ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ‘ਫੇਕ ਐਨ.ਓ.ਸੀ’ ਦੀ ਵਰਤੋਂ ਕੀਤੇ ਜਾਣ ਦੀਆਂ ਕੁਝ ਸ਼ਿਕਾਇਤਾਂ ਨੂੰ ਦੇਖਦਿਆਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਇਸ ਸਬੰਧੀ ਜਲਦ ਤੋਂ ਜਲਦ ਜਾਂਚ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ।
ਕੈਬਨਿਟ ਮੰਤਰੀ ਸ੍ਰੀ ਜਿੰਪਾ ਵੱਲੋਂ ਲੁਧਿਆਣਾ ਪੱਛਮੀ ਅਤੇ ਲੁਧਿਆਣਾ ਕੇਂਦਰੀ ਦੇ ਸਬ ਰਜਿਸਟਰਾਰ ਦਫਤਰਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਰਜਿੰਦਰਪਾਲ ਕੌਰ ਛੀਨਾ ਅਤੇ ਜੀਵਨ ਸਿੰਘ ਸੰਗੋਵਾਲ, ਵਧੀਕ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਸ੍ਰੀ ਜਿੰਪਾ ਨੇ ਦੁਹਰਾਇਆ ਕਿ ਸਰਕਾਰੀ ਦਫਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀਆਂ ਖਿਲਾਫ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜ਼ਮੀਨ ਦੀ ਰਜਿਸਟਰੀ ਲਈ ‘ਫੇਕ ਐਨ.ਓ.ਸੀ’ ਦੀ ਵਰਤੋਂ ਸਬੰਧੀ ਕੁਝ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨਿੱਜੀ ਤੌਰ ‘ਤੇ ਮਾਮਲੇ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਭ੍ਰਿਸ਼ਟਾਚਾਰੀਆਂ ‘ਤੇ ਨਕੇਲ ਕੱਸੀ ਜਾਵੇਗੀ।
ਕੈਬਨਿਟ ਮੰਤਰੀ ਵੱਲੋਂ ਕਲੋਨਾਈਜ਼ਰਾਂ ਅਤੇ ਪ੍ਰਾਪਰਟੀ ਡੀਲਰਾਂ ਨਾਲ ਵੀ ਵਿਸਤ੍ਰਿਤ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਵੀ ਜਲਦ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ।