ਮੁੱਖ ਮੰਤਰੀ ਨੇ ਕਿਹਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣ ਲਈ ਯਤਨਸ਼ੀਲ- ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ ਕੀਤੀ
ਨਿਊਜ਼ ਪੰਜਾਬ
ਲੁਧਿਆਣਾ ਵਿੱਚ ਰਾਜ ਪੱਧਰੀ ਸਮਾਗਮ ਦੌਰਾਨ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੂੰ ਉੱਦਮਤਾ ਅਤੇ ਅਗਵਾਈ ਦੇ ਗੁਣਾਂ ਦੀ ਬਖ਼ਸ਼ਿਸ਼ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਗੁਣਾਂ ਸਦਕਾ ਹੀ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣਾ ਵੱਖਰਾ ਸਥਾਨ ਬਣਾਇਆ ਹੈ।
ਲੁਧਿਆਣਾ, 25 ਅਕਤੂਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਆਮ ਆਦਮੀ ਸਰਕਾਰ ਸੂਬੇ ਦੀ ਸਮੁੱਚੀ ਵਿਵਸਥਾ ਵਿੱਚ ਸੁਧਾਰ ਕਰੇਗੀ ਤਾਂ ਜੋ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।
ਇੱਥੇ ਰਾਮਗੜ੍ਹੀਆ ਕਾਲਜ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਬ੍ਰਹਿਮੰਡ ਵਿੱਚ ਰਚਨਾਤਮਕਤਾ, ਇੰਜਨੀਅਰਿੰਗ, ਨਿਰਮਾਣ ਸ਼ੈਲੀ ਅਤੇ ਤਕਨਾਲੋਜੀ ਦੇ ਮੋਢੀ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਦੌਰਾਨ ਉਨ੍ਹਾਂ ਨੇ ਇਸ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਉਹ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਨਾਲ ਸੂਬੇ ਨੂੰ ਹੋਏ ਨੁਕਸਾਨ ਦੀ ਪੂਰਤੀ ਯਕੀਨੀ ਬਣਾਉਣ ਲਈ ਯਤਨਸ਼ੀਲ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵਿਸ਼ਵ ਭਰ ਵਿੱਚ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਵਿੱਚ ਜੋ ਵਿਕਾਸ ਹੋਇਆ ਹੈ, ਉਹ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਸਦਕਾ ਹੀ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਯੁੱਗਾਂ ਤੋਂ ਸਾਰੇ ਬ੍ਰਹਿਮੰਡ ਦੇ ਰਚਨਾਕਾਰ ਭਗਵਾਨ ਵਿਸ਼ਵਕਰਮਾ ਨੂੰ ਸਾਰੀਆਂ ਉਦਯੋਗਿਕ ਗਤੀਵਿਧੀਆਂ ਵਿੱਚ ਲੋਕਾਂ ਵੱਲੋਂ ਵਰਤੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਉਪਕਰਨਾਂ ਦਾ ਸਵਾਮੀ ਮੰਨਿਆ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਕਾਰੀਗਰਾਂ ਅਤੇ ਇਮਾਰਤਸਾਜ਼ਾਂ ਦੇ ਇਸ ਮਹਾਨ ਦੇਵਤੇ ਨੇ ਸਾਡੇ ਕਾਰੀਗਰਾਂ, ਕਿਰਤੀਆਂ ਅਤੇ ਮਜ਼ਦੂਰ ਵਰਗ ਨੂੰ ਦੇਸ਼ ਦੇ ਵਿਕਾਸ ਲਈ ਸਖ਼ਤ ਮਿਹਨਤ ਕਰਨ ਦੇ ਨਾਲ-ਨਾਲ ਕਿਰਤ ਦੇ ਮਾਣ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਹੈ।
ਮਜ਼ਦੂਰਾਂ ਅਤੇ ਕਾਰੀਗਰਾਂ ਨੂੰ ਸੂਬੇ ਅਤੇ ਰਾਸ਼ਟਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਅਤੇ ਢੁਕਵੀਂ ਸ਼ਰਧਾਂਜਲੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੀ ਵਿਚਾਰਧਾਰਾ ਅਤੇ ਸਿੱਖਿਆਵਾਂ ਅਨੁਸਾਰ ਪੰਜਾਬ ਸਰਕਾਰ, ਰਾਜ ਭਰ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇਣ ‘ਤੇ ਜ਼ੋਰ ਦੇ ਰਹੀ ਹੈ ਤਾਂ ਜੋ ਉਹ ਸਵੈ-ਮਾਣ ਅਤੇ ਸਤਿਕਾਰ ਨਾਲ ਜੀਵਨ ਬਤੀਤ ਕਰ ਸਕਣ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਲੁਧਿਆਣਾ ਸ਼ਹਿਰ ਨਾਲ ਭਾਵਨਾਤਮਕ ਸਾਂਝ ਦੀ ਗੱਲ ਕਰਦਿਆਂ ਕਿਹਾ ਕਿ ਜੇ ਪਿੰਡ ਸਤੌਜ ਉਨ੍ਹਾਂ ਦੀ ਜਨਮ ਭੂਮੀ ਹੈ ਤਾਂ ਲੁਧਿਆਣਾ ਕਰਮ ਭੂਮੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਪਹਿਲਾਂ ਹੀ ਸਖ਼ਤ ਯਤਨ ਕਰ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।
ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਗੁਰਪ੍ਰੀਤ ਬੱਸੀ ਗੋਗੀ, ਦਲਜੀਤ ਸਿੰਘ ਭੋਲਾ ਗਰੇਵਾਲ, ਮਦਨ ਲਾਲ ਬੱਗਾ, ਹਾਕਮ ਸਿੰਘ ਠੇਕੇਦਾਰ, ਜੀਵਨ ਸਿੰਘ ਸੰਗੋਵਾਲ, ਰਜਿੰਦਰਪਾਲ ਕੌਰ ਛੀਨਾ, ਮਨਵਿੰਦਰ ਸਿੰਘ ਗਿਆਸਪੁਰਾ, ਜਗਤਾਰ ਸਿੰਘ ਦਿਆਲਪੁਰਾ, ਹਰਦੀਪ ਸਿੰਘ ਮੁੰਡੀਆਂ, ‘ਆਪ’ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਪੰਜਾਬ ਰਾਜ ਕਿਸਾਨ ਕਮਿਸ਼ਨ ਡਾ. ਸੁਖਪਾਲ ਸਿੰਘ, ਚੇਅਰਮੈਨ ਮਾਰਕਫੈੱਡ ਅਮਨਦੀਪ ਸਿੰਘ ਮੋਹੀ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ, ਵਣ ਵਿਕਾਸ ਨਿਗਮ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ‘ਆਪ’ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ, ‘ਆਪ’ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ, ਉੱਘੇ ਪੰਜਾਬੀ ਕਵੀ ਪ੍ਰੋ: ਗੁਰਭਜਨ ਸਿੰਘ ਗਿੱਲ,ਸ੍ਰ. ਉਪਕਾਰ ਸਿੰਘ ਅਹੂਜਾ ਪ੍ਰਧਾਨ CICU,ਰਾਮਗੜ੍ਹੀਆ ਸਿੱਖਿਆ ਕੌਂਸਲ ਦੇ ਪ੍ਰਧਾਨ ਉਦਯੋਗਪਤੀ ਰਣਜੋਧ ਸਿੰਘ, ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲੀਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਅਤੇ ਹੋਰ ਹਾਜ਼ਰ ਸਨ।