ਖੇਡਾਂ ਵਤਨ ਪੰਜਾਬ ਦੀਆਂ – ਮੁੱਖ ਮੰਤਰੀ ਭਗਵੰਤ ਮਾਨ ਖਿਡਾਰੀਆਂ ਨੂੰ ਇਨਾਮਾਂ ਨਾਲ ਕਰਨਗੇ ਸਨਮਾਨਿਤ

ਨਿਊਜ਼ ਪੰਜਾਬ

ਲੁਧਿਆਣਾ, 16 ਨਵੰਬਰ  – ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਭਲਕੇ ਵੀਰਵਾਰ ਨੂੰ ਖੇਡਾਂ ਵਤਨ ਪੰਜਾਬ ਦੀਆਂ ਦੇ ਮੈਗਾ ਸਮਾਪਨ ਸਮਾਰੋਹ ਲਈ ਪ੍ਰਸ਼ਾਸ਼ਨ ਪੱਬਾਂ ਭਾਰ ਹੈ।

ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਡਾਰੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕਰਨਗੇ।

ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਨਾਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਕਿਹਾ।

ਮਲਿਕ ਨੇ ਕਿਹਾ ਕਿ ਇਸ ਮੈਗਾ ਈਵੈਂਟ ਦੇ ਸਾਰੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ ਤਾਂ ਜੋ ਇਹ ਸਮਾਗਮ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਦੱਸਿਆ ਕਿ ਐਵਾਰਡ ਸਮਾਰੋਹ ਤੋਂ ਇਲਾਵਾ ਕਬੱਡੀ ਮੈਚ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਮੈਗਾ ਈਵੈਂਟ ਦਾ ਹਿੱਸਾ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਇਸ ਮੈਗਾ ਈਵੈਂਟ ਨੂੰ ਸਫ਼ਲ ਬਣਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਲੋਕਾਂ ਨੂੰ ਬੈਠਣ, ਵਾਹਨਾਂ ਦੀ ਪਾਰਕਿੰਗ, ਮੈਡੀਕਲ ਅਤੇ ਫਾਇਰ ਫਾਈਟਿੰਗ ਟੀਮਾਂ ਦੀ ਤਾਇਨਾਤੀ, ਸੁਰੱਖਿਆ ਅਤੇ ਹੋਰਾਂ ਸਬੰਧੀ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਪਤਵੰਤੇ, ਵਿਦਿਆਰਥੀਆਂ, ਆਮ ਲੋਕਾਂ ਆਦਿ ਨੂੰ ਸਮਾਗਮ ਵਿੱਚ ਸ਼ਮੂਲੀਅਤ ਦੌਰਾਨ ਕਿਸੇ ਕਿਸਮ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਰਾਹੁਲ ਚਾਬਾ, ਅਮਰਜੀਤ ਬੈਂਸ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।