ਤਰਸੇਮ ਸਿੰਘ ਭਿੰਡਰ ਨੇਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁੱਦਾ

ਕਿਹਾ! ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਨਿਪਟਾਰਾ
– ਨਗਰ ਸੁਧਾਰ ਟਰੱਸਟ ‘ਚ ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ – ਭਿੰਡਰ

ਨਿਊਜ਼ ਪੰਜਾਬ

ਲੁਧਿਆਣਾ, 7 ਦਸੰਬਰ – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤਰਸੇਮ ਸਿੰਘ ਭਿੰਡਰ ਵਲੋਂਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਹਾਜ਼ਰੀ ਵਿੱਚ ਆਪਣਾ ਅਹੁੱਦਾ ਸੰਭਾਲਿਆ।
ਅਹੁਦਾ ਸੰਭਾਲਣ ਤੋਂ ਬਾਅਦ ਭਿੰਡਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

ਭਿੰਡਰ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਲੁਧਿਆਣਾ ਦੇ ਲੋਕਾਂ ਲਈ ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਸਖ਼ਤ ਉਪਰਾਲੇ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਲੋਕਾਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਚੇਅਰਮੈਨ ਨੇ ਸਪੱਸ਼ਟ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਬਦਲੇ ਭ੍ਰਿਸ਼ਟਾਚਾਰ ਕਰਨ ਵਾਲੇ ਅਤੇ ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲੇ ਵਿਅਕਤੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ।

ਕੈਬਨਿਟ ਮੰਤਰੀਆਂ ਨੇ ਇਹ ਵੀ ਭਰੋਸਾ ਪ੍ਰਗਟਾਇਆ ਕਿ ਤਰਸੇਮ ਸਿੰਘ ਭਿੰਡਰ ਲੋਕਾਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਪ੍ਰਦਾਨ ਕਰਨਗੇ ਅਤੇ ਲੁਧਿਆਣਾ ਸ਼ਹਿਰ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈਕੇ ਜਾਣਗੇ।

ਇਸ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਕੁਲਵੰਤ ਸਿੰਘ ਸਿੱਧੂ, ਗੁਰਪ੍ਰੀਤ ਬੱਸੀ ਗੋਗੀ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।