ਗੁਰੂ ਨਾਨਕ ਭਵਨ ਵਿਖੇ, ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ ਸਮਾਗਮ 23 ਦਸੰਬਰ ਨੂੰ
ਨਿਊਜ਼ ਪੰਜਾਬ
ਲੁਧਿਆਣਾ, 21 ਦਸੰਬਰ – ਪੰਜਾਬ ਸਰਕਾਰ ਵਲੋਂ ਪ੍ਰਵਾਸੀ ਭਾਰਤੀਆਂ ਨਾਲ ਬਿਹਤਰੀਨ ਤਾਲਮੇਲ ਸਥਾਪਤ ਕਰਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਵਿਚ ਭਾਈਵਾਲ ਬਣਾਉਣ ਤੇ ਜੜ੍ਹਾਂ ਨਾਲ ਜੋੜਨ ਦੇ ਮੰਤਵ ਨਾਲ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਦਾ ਆਯੋਜਨ 23 ਦਸੰਬਰ ਨੂੰ ਸਥਾਨਕ ਗੁਰੂ ਨਾਨਕ ਭਵਨ, ਫਿਰੋਜ਼ਪੁਰ ਰੋਡ, ਲੁਧਿਆਣਾ ਵਿਖੇ ਹੋਵੇਗਾ। ਡਿਪਟੀ ਕਮਿਸ਼ਨਰ ਲੁਧਿਆਣਾ (ਵਾਧੂ ਚਾਰਜ) ਸ. ਜਸਪ੍ਰੀਤ ਸਿੰਘ ਵਲੋਂ ਅਗਾਊਂ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।
ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ, ਮੁੱਖ ਮੰਤਰੀ ਦੇ ਫੀਲਡ ਅਫ਼ਸਰ ਡਾ. ਪੂਨਮਪ੍ਰੀਤ ਕੌਰ, ਸ੍ਰੀ ਸੂਰਜ ਕੁਮਾਰ ਪੀ.ਸੀ.ਐਸ. (ਯੂ.ਟੀ.) ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਸ. ਜਸਪ੍ਰੀਤ ਸਿੰਘ ਵਲੋਂ ਬੀਤੇ ਕੱਲ 20 ਦਸੰਬਰ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਦਾ ਵਾਧੂ ਚਾਰਜ਼ ਸੰਭਾਲਿਆ ਗਿਆ ਹੈ। ਮੌਜੂਦਾ ਸਮੇਂ ਉਹ ਡਿਪਟੀ ਕਮਿਸ਼ਨਰ ਜਲੰਧਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ।
ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵਲੋਂ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਲੁਧਿਆਣਾ ਦੇ ਨਾਲ-ਨਾਲ ਮਲੇਰਕੋਟਲਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਭਾਰਤੀ ਵੀ ਇਸੇ ਦਿਨ ਮਿਲਣੀ ਵਿੱਚ ਸ਼ਾਮਲ ਹੋ ਸਕਣਗੇ, ਜਿਸ ਦੌਰਾਨ ਉੱਚ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਦੀ ਸੁਣਵਾਈ ਕਰਕੇ ਮੌਕੇ ‘ਤੇ ਹੱਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ 23 ਦਸੰਬਰ ਨੂੰ ਸਵੇਰੇ 10:30 ਵਜੇ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ, ਜਿਸ ਉਪਰੰਤ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਐਨ.ਆਰ.ਆਈਜ਼ ਨਾਲ ਵਿਚਾਰ ਵਟਾਂਦਰਾ ਕਰਨਗੇ।ਇਸ ਤੋਂ ਇਲਾਵਾ ਐਨ.ਆਰ.ਆਈਜ਼ ਪੰਜਾਬ ਸਰਕਾਰ ਦੇ ਪੋਰਟਲ https://eservices.punjab.gov.
ਰਾਹੀਂ ਵੀ ਆਨਲਾਇਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਐਨ.ਆਰ.ਆਈਜ਼ ਮਿਲਣੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਸਮਾਗਮ ਮੌਕੇ ਆਪਣੇ ਮਸਲੇ ਤੇ ਸੁਝਾਅ ਰੱਖਣ ਤਾਂ ਜੋ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਸਹੂਲਤ ਅਨੁਸਾਰ ਨੀਤੀ ਨਿਰਮਾਣ ਕੀਤਾ ਜਾ ਸਕੇ।