ਸ਼ਹੀਦੀ ਜੋੜ ਮੇਲ ਮੌਕੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ’ਚ ਵੱਡੀ ਗਿਣਤੀ ’ਚ ਸੰਗਤ ਪੁੱਜੀ – ਵਿਸ਼ਾਲ ਸ਼ਹੀਦੀ ਨਗਰ ਕੀਰਤਨ ਸਜਾਇਆ ਗਿਆ

Imageਸ੍ਰੀ ਫਤਿਹਗੜ੍ਹ ਸਾਹਿਬ , 28 ਦਸੰਬਰ – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਮੌਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਵਿਸ਼ਾਲ ਸ਼ਹੀਦੀ ਨਗਰ ਕੀਰਤਨ ਸਜਾਇਆ ਗਿਆ। ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ, ਸ਼ਹੀਦੀ ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ’ਤੇ ਅਰਦਾਸ ਉਪਰੰਤ ਰਸਮੀ ਤੌਰ ’ਤੇ ਸੰਪੰਨ ਹੋਈ।
ਨਗਰ ਕੀਰਤਨ ਸਮੇਂ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਉਥੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਵੀ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਧਰਤੀ ’ਤੇ ਪੁੱਜੀਆਂ ਹੋਈਆਂ ਸਨ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ –

ਸ਼ਹੀਦੀ ਸਭਾ ਦੇ ਅੰਤਿਮ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਰਾਜਪਾਲ ਨੇ ਕਿਹਾ ਕਿ ਦਸਮਪਿਤਾ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆ ਵਿੱਚ ਕਿਧਰੇ ਨਹੀਂ ਮਿਲਦੀ।Image