ਕੁਲਦੀਪ ਸਿੰਘ ਧਾਲੀਵਾਲ ਨੇ ਜਨਤਾ ਦਰਬਾਰ’ ਦੌਰਾਨ ਸੁਣੀਆਂ ਲੋਕਾਂ ਦੀਆਂ 120 ਤੋਂ ਵੱਧ ਸ਼ਿਕਾਇਤਾਂ
ਨਿਊਜ਼ ਪੰਜਾਬ
ਚੰਡੀਗੜ੍ਹ, 24 ਜਨਵਰੀ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਕਰਵਾਏ ਹਫ਼ਤਾਵਾਰੀ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਕੀਤਾ।
ਸ. ਧਾਲੀਵਾਲ ਨੇ ਸਬੰਧਤ ਮੁੱਖ ਦਫ਼ਤਰ, ਚੰਡੀਗੜ੍ਹ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਨਿਪਟਾਰਾ ਬਿਨ੍ਹਾਂ ਦੇਰੀ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।
ਸ. ਧਾਲੀਵਾਲ ਨੇ ਦੱਸਿਆ ਕਿ ਅੱਜ 120 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ ਹੈ ਅਤੇ ਮੌਕੇ `ਤੇ ਸਬੰਧਤ ਅਧਿਕਾਰੀਆਂ ਨੂੰ ਫੋਨ ਰਾਹੀਂ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਕਰਮਚਾਰੀਆਂ / ਅਧਿਕਾਰੀਆਂ ਨੂੰ ਲੋਕ ਹਿੱਤ ਵਿੱਚ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।
ਸ. ਧਾਲੀਵਾਲ ਅੱਗੇ ਦੱਸਿਆ ਕਿ ਸੂਬਾ ਸਰਕਾਰ ਲੋਕਾਂ ਦੇ ਮਾਮਲਿਆਂ ਦੇ ਹੱਲ ਤੋਂ ਇਲਾਵਾ ਪੰਜਾਬ ਦੇ ਚਹੁੰਮੁਖੀ ਵਿਕਾਸ ਵਿੱਚ ਉਨ੍ਹਾਂ ਨੂੰ ਸਰਗਰਮ ਭਾਈਵਾਲ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਲੋਕਾਂ ਦੀਆਂ ਸ਼ਿਕਾਇਤਾਂ ‘ਤੇ ਪੰਚਾਇਤੀ ਹੀ ਜ਼ਮੀਨਾਂ ‘ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲ਼ਈ ਦੂਜੀ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੀ ਮੁਹਿੰਮ ਦੌਰਾਨ ਲਗਭੱਗ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ।