ਵਿਧਾਇਕ ਸਿੱਧੂ ਵਲੋਂ 100 ਤੋਂ ਵੱਧ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ

ਨਿਊਜ਼ ਪੰਜਾਬ 

ਲੁਧਿਆਣਾ, 28 ਜਨਵਰੀ  – ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ  ਕੁਲਵੰਤ ਸਿੰਘ ਸਿੱਧੂ ਵਲੋਂ ਆਪਣੇ ਸਥਾਨਕ ਗਿੱਲ ਨਹਿਰ ਦਫ਼ਤਰ ਵਿਖੇ 100 ਦੇ ਕਰੀਬ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਪ੍ਰਦਾਨ ਕੀਤੀ ਗਈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਹਲਕੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਦੇ ਤੁਰੰਤ ਨਿਪਟਾਰੇ ਲਈ ਜਿੱਥੇ ਮੋਬਾਇਲ ਵੈਨ, ਸਿਹਤ ਸਹੂਲਤਾਂ ਲਈ ਮੋਬਾਇਲ ਕਲੀਨਿਕ ਅਤੇ ਮੁਹੱਲਾ ਕਲੀਨਿਕ ਵਰਗੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਦੇ ਨਾਲ-ਨਾਲ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵਲੋਂ ਜਾਰੀ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਲੋਕਾਂ ਦੀ ਸਰਗਰਮ ਸ਼ਮੂਲੀਅਤ ਹੀ ਇਸ ਉਪਰਾਲੇ ਨੂੰ ਸਫਲ ਬਣਾ ਸਕਦੀ ਹੈ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਬੁਢਾਪਾ ਪੈਨਸ਼ਨ ਦੇ ਯੋਗ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਧਾਰ ਨੰਬਰ, ਬੈਂਕ ਖਾਤਾ ਨੰਬਰ, ਦੋ ਪਾਸਪੋਰਟ-ਸਾਈਜ਼ ਤਸਵੀਰਾਂ ਨਾਲ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਜਾਂ ਉਨ੍ਹਾਂ ਦੇ ਨਿੱਜੀ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਤਾਂ ਜੋ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਰਕਾਰ ਵਲੋਂ ਜਾਰੀ ਵੱਖ-ਵੱਖ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ।