ਪਾਇਲ ਹਲਕੇ ‘ਚ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ – ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ
ਨਿਊਜ਼ ਪੰਜਾਬ
ਦੋਰਾਹਾ (ਲੁਧਿਆਣਾ), 03 ਫਰਵਰੀ – ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਇਲ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਹਨ।
ਰੈਸਟ ਹਾਊਸ ਦੋਰਾਹਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਲਕਾ ਪਾਇਲ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਸੋਂ ਸੂਬੇ ਦੇ ਲੋਕਾਂ ਨੂੰ ਨਵੀਂ ਆਸ ਬੱਝੀ ਹੈ ਅਤੇ ਲੋਕਾਂ ਨੂੰ ਦਿੱਤੀ ਹਰ ਗਾਰੰਟੀ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਇਲ ਹਲਕੇ ਲਈ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਨਗਰ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪ੍ਰਸਿੱਧ ਦੋਰਾਹਾ ਕਿਲ੍ਹੇ ਦੀ ਮੁਰੰਮਤ ਲਈ 6 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਰਾਮਪੁਰ, ਰੌਣੀ ਅਤੇ ਸਿਆੜ ਪਿੰਡਾਂ ਵਿੱਚ ਖੋਲ੍ਹੇ ਗਏ ਤਿੰਨ ਆਮ ਆਦਮੀ ਕਲੀਨਿਕ, ਪਾਇਲ ਹਸਪਤਾਲ ਵਿੱਚ ਮੋਰਚਰੀ ਨੂੰ ਮੁੜ ਚਾਲੂ ਕਰਨ, ਦੋਰਾਹਾ ਵਿੱਚ ਸਕੂਲ ਆਫ ਐਮੀਨੈਂਸ, ਇੰਟਰਨੈਸ਼ਨਲ ਡਰਾਈਵਿੰਗ ਟਰੇਨਿੰਗ ਇੰਸਟੀਚਿਊਟ, ਨਵਾਂ ਪਾਰਕ ਅਤੇ ਸਿੱਖ ਕ੍ਰਾਂਤੀਕਾਰੀ ਬਾਬਾ ਮਹਾਰਾਜ ਸਿੰਘ ਦੇ ਬੁੱਤ ਦੇ ਆਲੇ-ਦੁਆਲੇ ਚਾਰਦੀਵਾਰੀ, ਵੱਖ-ਵੱਖ ਪੈਨਸ਼ਨ ਸਕੀਮਾਂ ਦੇ 1200 ਨਵੇਂ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਦੇ ਨਾਲ ਅਨੇਕਾਂ ਕੰਮ ਕਰਵਾਏ ਗਏ ਹਨ।
ਵਿਧਾਇਕ ਗਿਆਸਪੁਰਾ ਅੱਗੇ ਕਿਹਾ ਕਿ ਦੋਰਾਹਾ ਕਮਿਊਨਿਟੀ ਸੈਂਟਰ ਮਾਮਲੇ ਵਿੱਚ 58.85 ਲੱਖ ਰੁਪਏ ਦੇ ਘਪਲੇ ਦਾ ਪਰਦਾਫਾਸ਼ ਹੋਇਆ ਹੈ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਟਰੀਟਮੈਂਟ ਪਲਾਂਟਾਂ ਦਾ ਮੁੱਦਾ ਵਿਧਾਨ ਸਭਾ ਵਿੱਚ ਉਠਾਉਣ ਦਾ ਵੀ ਐਲਾਨ ਕੀਤਾ ਅਤੇ ਚਿੱਟੇ ਹਾਥੀ ਸਾਬਤ ਹੋ ਰਹੇ ਇਨ੍ਹਾਂ ਪਲਾਂਟਾਂ ਦੀ ਉਸਾਰੀ ਦੀ ਮੁਕੰਮਲ ਜਾਂਚ ਦੀ ਮੰਗ ਕਰਨਗੇ।
ਉਨ੍ਹਾਂ ਬੀਤੇ 10 ਮਹੀਨਿਆਂ ਦੇ ਕਾਰਜਕਾਲ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਵੀ ਸੂਚੀਬੱਧ ਕੀਤਾ, ਜਿਸ ਵਿੱਚ 600 ਮੁਫਤ ਬਿਜਲੀ ਯੂਨਿਟ, ਇੱਕ ਵਿਧਾਇਕ-ਇੱਕ ਪੈਨਸ਼ਨ, 500 ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ ਦਿੱਤੀਆਂ ਗਈਆਂ 26454 ਸਰਕਾਰੀ ਨੌਕਰੀਆਂ, ਭ੍ਰਿਸ਼ਟਾਚਾਰ ਵਿਰੁੱਧ ਜੰਗ ਅਤੇ ਸੂਬੇ ਵਿੱਚ ਕਈ ਹੋਰ ਲੋਕ ਪੱਖੀ ਲਏ ਗਏ ਫੈਸਲੇ ਸ਼ਾਮਲ ਹਨ।
ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸਮਾਜ ਵਿਰੋਧੀ ਕੰਮ ਜਾਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਖ਼ਿਲਾਫ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ, ਚਾਹੇ ਉਹ ਪਾਰਟੀ ਦਾ ਵਰਕਰ ਹੋਵੇ ਜਾਂ ਕਿਸੇ ਵੀ ਸੰਵਿਧਾਨਕ ਅਹੁਦੇ ‘ਤੇ ਵਿਰਾਜਮਾਨ ਵਿਅਕਤੀ ਦਾ ਰਿਸ਼ਤੇਦਾਰ ਹੋਵੇ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ, ਨਗਰ ਨਿਗਮ ਦੇ ਪ੍ਰਧਾਨ ਸੁਦਰਸ਼ਨ ਕੁਮਾਰ ਸ਼ਰਮਾ, ਗੁਰਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।