ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ ਹੀ ਹੋਵੇਗਾ ਆਰੰਭ – ਪੰਜਾਬ ਸਰਕਾਰ ਨੇ ਸਾਲਿਸਟਰ ਜਨਰਲ ਰਹੀ ਸੁਪਰੀਮ ਕੋਰਟ ਨੂੰ ਦਿੱਤੀ ਜਾਣਕਾਰੀ – ਅੱਜ ਬਾਅਦ ਦੁਪਹਿਰ ਸੁਪਰੀਮ ਕੋਰਟ ਨੇ ਕਰਨੀ ਸੀ ਸੁਣਵਾਈ

  • ਐਡਵੋਕੇਟ ਕਰਨਦੀਪ ਸਿੰਘ ਕੈਰੋਂ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ ਆਰੰਭ ਹੋਵੇਗਾ । ਪੰਜਾਬ ਸਰਕਾਰ ਦੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਇਹ ਜਾਣਕਾਰੀ ਦਿੱਤੀ। ਸਾਲਿਸਟਰ ਜਨਰਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਰਾਜਪਾਲ ਨੇ 3 ਮਾਰਚ ਨੂੰ ਸਵੇਰੇ 10 ਵਜੇ ਵਿਧਾਨ ਸਭਾ ਬੁਲਾਉਣ ਦਾ ਹੁਕਮ ਦਿੱਤਾ ਹੈ।
ਪੰਜਾਬ ‘ਚ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਨਾ ਮਿਲਣ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਸੁਣਵਾਈ ਦਾ ਸਮਾਂ ਬਾਅਦ ਦੁਪਹਿਰ ਲਈ ਤੈਅ ਕੀਤਾ ਸੀ ।
ਪੰਜਾਬ ‘ਚ ਬਜਟ ਸੈਸ਼ਨ ਨੂੰ ਲੈ ਕੇ ਕੀ ਹੈ ਵਿਵਾਦ?
ਪੰਜਾਬ ਸਰਕਾਰ ਨੇ ਸੋਮਵਾਰ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਸ਼ਾਦਾਨ ਫਰਾਸਾਤ ਰਾਹੀਂ ਭਾਰਤੀ ਸੰਵਿਧਾਨ ਦੀ ਧਾਰਾ 32 ਤਹਿਤ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ । ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਸੰਵਿਧਾਨਕ ਵਿਵਸਥਾਵਾਂ ਦੇ ਮੁਤਾਬਕ ਰਾਜਪਾਲ ਨੂੰ ਸਰਕਾਰ ਦੁਆਰਾ ਦਿੱਤੀ ਗਈ ਸਹਾਇਤਾ ਅਤੇ ਸਲਾਹ ਦੇ ਅਨੁਸਾਰ ਵਿਧਾਨ ਸਭਾ ਬੁਲਾਉਣੀ ਹੁੰਦੀ ਹੈ।
ਪੰਜਾਬ ਸਰਕਾਰ ਦੀ ਕੈਬਨਿਟ ਨੇ ਇੱਕ ਮਤਾ ਪਾਸ ਕਰਕੇ ਰਾਜਪਾਲ ਤੋਂ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ ਸੱਦਣ ਦੀ ਇਜਾਜ਼ਤ ਮੰਗੀ ਸੀ। ਹਾਲਾਂਕਿ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਇਹ ਬਜਟ ਸੈਸ਼ਨ ਬੁਲਾਉਣ ਤੋਂ ਇਨਕਾਰ ਕਰ ਦਿੱਤਾ, ਨਾਲ ਹੀ ਇਕ ਪੱਤਰ ਲਿਖ ਕੇ ਕਿਹਾ ਕਿ ਮੁੱਖ ਮੰਤਰੀ ਦੇ ਟਵੀਟ ਅਤੇ ਬਿਆਨ ਕਾਫੀ ਅਪਮਾਨਜਨਕ ਅਤੇ ਗੈਰ-ਸੰਵਿਧਾਨਕ ਹਨ। ਇਨ੍ਹਾਂ ਟਵੀਟਸ ‘ਤੇ ਕਾਨੂੰਨੀ ਸਲਾਹ ਲੈ ਰਹੇ ਹਨ। ਇਸ ਤੋਂ ਬਾਅਦ ਅਸੀਂ ਬਜਟ ਸੈਸ਼ਨ ਬੁਲਾਉਣ ‘ਤੇ ਵਿਚਾਰ ਕਰਾਂਗੇ।