ਕੇਂਦਰ ਸਰਕਾਰ ਦਾ ਸਾਫ਼ ਜਵਾਬ – ਕਰਮਚਾਰੀਆਂ ਨੂੰ ਡੇਢ ਸਾਲ ਦਾ ਮਹਿੰਗਾਈ ਭੱਤਾ (ਡੀਏ) ਨਹੀਂ ਮਿਲੇਗਾ – ਪੜ੍ਹੋ ਕਿੰਨੇ ਹਜ਼ਾਰ ਕਰੋੜ ਰੁਪਏ ਬਚਾਅ ਲਏ ਸਰਕਾਰ ਨੇ
ਨਿਊਜ਼ ਪੰਜਾਬ
ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਰੋਕਿਆ ਗਿਆ 18 ਮਹੀਨਿਆਂ ਦਾ 34,402.32 ਕਰੋੜ ਰੁਪਏ ਦਾ ਮਹਿੰਗਾਈ ਭੱਤਾ (ਡੀਏ) ਉਨ੍ਹਾਂ ਨੂੰ ਨਹੀਂ ਮਿਲੇਗਾ
ਕੇਂਦਰੀ ਵਿੱਤ ਰਾਜ ਮੰਤਰੀ ਨੇ ਲੋਕ ਸਭਾ ਨੂੰ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੌਰਾਨ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਰੋਕਿਆ ਗਿਆ 18 ਮਹੀਨਿਆਂ ਦਾ 34,402.32 ਕਰੋੜ ਰੁਪਏ ਦਾ ਮਹਿੰਗਾਈ ਭੱਤਾ (ਡੀਏ) ਉਨ੍ਹਾਂ ਨੂੰ ਨਹੀਂ ਦਿੱਤਾ ਜਾਵੇਗਾ। ਕੇਂਦਰੀ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਲਿਖਤੀ ਜਵਾਬ ਦਿੱਤਾ ਕਿ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਅਤੇ ਮਹਿੰਗਾਈ ਰਾਹਤ ਦੇ ਬਕਾਏ ਦੇਣ ਦੀ ਕੋਈ ਯੋਜਨਾ ਨਹੀਂ ਹੈ।
ਉਨ੍ਹਾਂ ਕਿਹਾ ਕਿ 1 ਜਨਵਰੀ, 2020, 1 ਜੁਲਾਈ, 2020 ਅਤੇ 1 ਜਨਵਰੀ, 2021 ਨੂੰ ਜਾਰੀ ਕੀਤੇ ਮਹਿੰਗਾਈ ਭੱਤੇ ਨੂੰ ਰੋਕਣ ਦਾ ਫੈਸਲਾ ਕਰੋਨਾ ਮਹਾਂਮਾਰੀ ਕਾਰਨ ਹੋਏ ਆਰਥਿਕ ਸੰਕਟ ਕਾਰਨ ਲਿਆ ਗਿਆ ਹੈ, ਤਾਂ ਜੋ ਸਰਕਾਰ ‘ਤੇ ਪਏ ਵਿੱਤੀ ਬੋਝ ਨੂੰ ਘੱਟ ਕੀਤਾ ਜਾ ਸਕੇ। ਸਰਕਾਰ ਨੇ ਇਸ ਰਾਹੀਂ 34,402.32 ਕਰੋੜ ਰੁਪਏ ਦੀ ਬਚਤ ਕੀਤੀ ਸੀ।