ਬੇਮੌਸਮੀ ਬਾਰਸ਼ – ਕੇਂਦਰ ਸਰਕਾਰ ਸੋਮਵਾਰ ਨੂੰ ਸੂਬਾ ਸਰਕਾਰਾਂ ਨਾਲ ਮਿਲ ਕੇ ਬੇਮੌਸਮੀ ਮੀਂਹ ਕਾਰਨ ਕਣਕ ਅਤੇ ਹਾੜ੍ਹੀ ਦੀਆਂ ਫਸਲਾਂ ਨੂੰ ਹੋਏ ਨੁਕਸਾਨ ਦੀ ਸਮੀਖਿਆ ਕਰੇਗੀ – ਪੰਜਾਬ ਦੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਗਿਰਦਾਵਰੀ ਜਲਦੀ ਕਰਨ ਦੇ ਦਿੱਤੇ ਨਿਰਦੇਸ਼
ਉਤਰੀ ਭਾਰਤ ਦੇ ਕਈ ਰਾਜਾਂ ਵਿੱਚ ਬੇਮੌਸਮੀ ਬਾਰਸ਼ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜਾ ਲੈਣ ਲਈ ਕੇਂਦਰ ਸਰਕਾਰ ਕਲ ਤਿੰਨ ਅਪਰੈਲ ਨੂੰ ਸੂਬਾ ਸਰਕਾਰਾਂ ਨਾਲ ਮਿਲ ਕੇ ਪਿਛਲੇ ਦੋ-ਤਿੰਨ ਦਿਨਾਂ ਵਿੱਚ ਪਏ ਬੇਮੌਸਮੀ ਮੀਂਹ ਕਾਰਨ ਕਣਕ ਅਤੇ ਹਾੜ੍ਹੀ ਦੀਆਂ ਹੋਰ ਫਸਲਾਂ ਨੂੰ ਹੋਏ ਨੁਕਸਾਨ ਦੀ ਸਮੀਖਿਆ ਕਰੇਗੀ।
ਖ਼ਰਾਬ ਮੌਸਮ ਕਾਰਨ ਤਿੰਨ ਰਾਜਾਂ ਮੱਧ ਪ੍ਰਦੇਸ਼, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਲਗਪਗ 5.23 ਲੱਖ ਹੈਕਟੇਅਰ ਤੋਂ ਵੱਧ ਕਣਕ ਦੀ ਫਸਲ ਦਾ ਨੁਕਸਾਨ ਕਰ ਦਿੱਤਾ ਹੈ ਜਿਸ ਨਾਲ ਕਣਕ ਦਾ ਝਾੜ ਘਟਣ ਦਾ ਵੀ ਖਦਸ਼ਾ ਹੈ। ਜਦੋ ਕਿ ਪੰਜਾਬ ਅਤੇ ਹਰਿਆਣਾ ਵਿਚ ਕਣਕ ਦੀ ਫ਼ਸਲ ਦੇ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।
ਸਰਕਾਰ ਮੌਜੂਦਾ 2022-23 ਫਸਲੀ ਸਾਲ (ਜੁਲਾਈ-ਜੂਨ) ਵਿੱਚ ਰਿਕਾਰਡ 112.2 ਮਿਲੀਅਨ ਟਨ ਕਣਕ ਦੀ ਪੈਦਾਵਾਰ ਦਾ ਅਨੁਮਾਨ ਲਗਾ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਗਿਰਦਾਵਰੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਨਿਬੇੜੇ ਲਈ ਫੀਲਡ ਦੇ ਦੌਰੇ ਵਧਾਉਣ ਲਈ ਕਿਹਾ ਹੈ।ਮੁੱਖ ਮੰਤਰੀ ਨੇ ਕਿਹਾ, “ਵਿਧਾਇਕਾਂ ਨੂੰ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨੀਆਂ ਚਾਹੀਦੀਆਂ ਹਨ। ਇਸੇ ਤਰ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਸ਼ੇਸ਼ ਗਿਰਦਾਵਰੀ ਜਲਦੀ ਮੁਕੰਮਲ ਕੀਤੀ ਜਾਵੇ ਤਾਂ ਜੋ ਅਸੀਂ ਵਿਸਾਖੀ ਤੋਂ ਪਹਿਲਾਂ ਮੁਆਵਜ਼ੇ ਦੀ ਅਦਾਇਗੀ ਕਰ ਸਕੀਏ।”
ਲਗਾਤਾਰ ਮੀਂਹ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ ਝੱਲਣ ਵਾਲੇ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਔਖੀ ਘੜੀ ਵਿੱਚ ਅੰਨਦਾਤਾ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਕ-ਇਕ ਪੈਸੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ਰਾਬ ਮੌਸਮ ਕਾਰਨ ਹੋਏ ਭਾਰੀ ਨੁਕਸਾਨ ਕਾਰਨ ਕਿਸਾਨ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਇਸ ਸਾਰੀ ਮੁਹਿੰਮ ਦੀ ਰੋਜ਼ਾਨਾ ਆਧਾਰ ‘ਤੇ ਨਿਗਰਾਨੀ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਭਾਵਿਤ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਅਤੇ ਤੇਜ਼ੀ ਨਾਲ ਮੁਆਵਜ਼ਾ ਦਿੱਤਾ ਜਾਵੇ।