ਪ੍ਰਧਾਨ ਮੰਤਰੀ ਮੋਦੀ ਦੀ ਸ਼ਰਧਾਂਜਲੀ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਹੋਈ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਪੁੱਜੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਚੰਡੀਗੜ੍ਹ ਹਵਾਈ ਅੱਡੇ ਤੋਂ ਸਿੱਧੇ ਸੈਕਟਰ-28 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪੁੱਜੇ। ਜਿੱਥੇ ਸਵਰਗੀ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ। ਪ੍ਰਧਾਨ ਮੰਤਰੀ ਮੋਦੀ ਦੁਪਹਿਰ ਕਰੀਬ 12:45 ਵਜੇ ਅਕਾਲੀ ਦਲ ਦੇ ਦਫ਼ਤਰ ਪੁੱਜੇ ਅਤੇ ਸੰਗਤਾਂ ਦੀ ਭੀੜ ਵਿਚਕਾਰ ਬਾਦਲ ਦੀ ਮ੍ਰਿਤਕ ਦੇਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਪੀਐਮ ਮੋਦੀ ਸਿੱਖ ਧਰਮ ਦੇ ਨਿਯਮਾਂ ਅਨੁਸਾਰ ਸਿਰ ‘ਤੇ ਭਗਵਾ ਪਟਕਾ ਬੰਨ੍ਹ ਕੇ ਪਹੁੰਚੇ। ਉਹ ਕਰੀਬ 10 ਮਿੰਟ ਤੱਕ ਸ਼ੋਕ ਸਭਾ ਵਿੱਚ ਰਹੇ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕੀਤਾ। ਅਰਦਾਸ ਉਪਰੰਤ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਪਾਰਟੀ ਦੇ ਝੰਡੇ ਹੇਠ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਲਿਜਾਇਆ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ਰਧਾਂਜਲੀ ਦੇਣ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਸ਼ੁਰੂ ਹੋ ਗਈ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਤੋਂ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਲਿਜਾਇਆ ਜਾ ਰਿਹਾ ਹੈ। ਬਿਕਰਮ ਸਿੰਘ ਮਜੀਠੀਆ ਖੁਦ ਐਂਬੂਲੈਂਸ ਚਲਾ ਰਹੇ ਹਨ।