ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਦਿੱਤਾ ਫੈਂਸਲਾ – ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਬਾਰੇ ਸਮਰੱਥ ਅਥਾਰਟੀ ਫੈਸਲਾ ਕਰੇਗੀ
ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸਮਰੱਥ ਅਥਾਰਟੀ ਫੈਸਲਾ ਕਰੇਗੀ।
ਜਿਕਰਯੋਗ ਹੈ ਕਿ ਸ੍ਰ. ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਚ ਸੁਣਵਾਈ ਹੋਈ ਜਿਸ ’ਤੇ ਸੁਪਰੀਮ ਕੋਰਟ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ।
ਮੀਡੀਆ ਜਾਣਕਾਰੀ ਮੁਤਾਬਿਕ ਸੁਪਰੀਮ ਕੋਰਟ ਨੇ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਜਲਦ ਫੈਸਲਾ ਲੈਣ ਦੇ ਹੁਕਮ ਵੀ ਦਿੱਤੇ ਹਨ। ਦੱਸ ਦਈਏ ਕਿ ਸਾਲ 2012 ਤੋਂ ਕੇਂਦਰ ਸਰਕਾਰ ਕੋਲ ਰਾਜੋਆਣਾ ਦੀ ਰਹਿਮ ਦੀ ਅਪੀਲ ਪੈਂਡਿੰਗ ਪਈ ਹੈ। ਬੇਅੰਤ ਸਿੰਘ ਕਤਲ ਮਾਮਲੇ ’ਚ ਸਾਲ 2007 ਜੁਲਾਈ ਚ ਰਾਜੋਆਣਾ ਨੂੰ ਕੋਰਟ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ।
ਜ਼ਿਕਰਯੋਗ ਹੈ ਕਿ ਰਾਜੋਆਣਾ ਨੇ 26 ਸਾਲ ਦੀ ਲੰਬੀ ਕੈਦ ਦੇ ਆਧਾਰ ‘ਤੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਮੰਗ ਕੀਤੀ ਸੀ। ਸਿਖਰਲੀ ਅਦਾਲਤ ਨੇ ਪਿਛਲੇ ਸਾਲ 2 ਮਈ ਨੂੰ ਕੇਂਦਰ ਨੂੰ ਰਾਜੋਆਣਾ ਵੱਲੋਂ ਦਾਇਰ ਕੀਤੀ ਪਟੀਸ਼ਨ ‘ਤੇ ਦੋ ਮਹੀਨਿਆਂ ਦੇ ਅੰਦਰ ਫੈਸਲਾ ਕਰਨ ਲਈ ਕਿਹਾ ਸੀ। ਹਾਲਾਂਕਿ ਪਿਛਲੇ ਸਾਲ 28 ਸਤੰਬਰ ਨੂੰ ਕੇਂਦਰ ਵੱਲੋਂ ਕੋਈ ਫੈਸਲਾ ਨਾ ਆਉਣ ‘ਤੇ ਸੁਪਰੀਮ ਕੋਰਟ ਨੇ ਮਾਮਲੇ ਨੂੰ ਆਪਣੇ ਹੱਥਾਂ ‘ਚ ਲੈ ਲਿਆ ਸੀ।
ਤਸਵੀਰ – ਸ਼ੋਸ਼ਲ ਮੀਡੀਆ