ਸਿੱਖ ਵਿਰੋਧੀ ਦੰਗੇ – ਸੀ ਬੀ ਆਈ ਵਲੋਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਿੱਲੀ ਦੀ ਵਿਸ਼ੇਸ਼ ਅਦਾਲਤ ਵਿਚ ਚਾਰਜਸ਼ੀਟ ਦਾਖ਼ਲ


ਸੀਬੀਆਈ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਪੁਲ ਬੰਗਸ਼ ਮਾਮਲੇ ਵਿੱਚ ਅੱਜ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਿੱਲੀ ਦੀ ਵਿਸ਼ੇਸ਼ ਅਦਾਲਤ ਵਿਚ ਚਾਰਜਸ਼ੀਟ ਦਾਖ਼ਲ ਕੀਤੀ ਹੈ । ਸੀ ਬੀ ਆਈ ਨੇ ਟਾਈਟਲਰ ‘ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 147 (ਦੰਗੇ), 109 (ਉਕਸਾਉਣਾ) ਅਤੇ 302 (ਕਤਲ) ਦੇ ਤਹਿਤ ਦੋਸ਼ ਲਗਾਏ ਹਨ। ਅਦਾਲਤ 2 ਜੂਨ ਨੂੰ ਦੋਸ਼ਾਂ ‘ਤੇ ਵਿਚਾਰ ਕਰੇਗੀ।

ਇਹ ਮਾਮਲਾ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਇਕ ਦਿਨ ਬਾਅਦ 1 ਨਵੰਬਰ 1984 ਨੂੰ ਪੁਲ ਬੰਗਸ਼ ਇਲਾਕੇ ਵਿਚ ਗੁਰਦੁਆਰੇ ਨੂੰ ਸਾੜਨ ਅਤੇ ਤਿੰਨ ਵਿਅਕਤੀਆਂ ਦੀ ਹੱਤਿਆ ਨਾਲ ਸਬੰਧਤ ਹੈ। ਸੀਬੀਆਈ ਨੇ ਇਥੇ ਵਿਸ਼ੇਸ਼ ਅਦਾਲਤ ਵਿਚ ਦਾਇਰ ਆਪਣੀ ਚਾਰਜਸ਼ੀਟ ਵਿਚ ਕਿਹਾ ਕਿ 1 ਨਵੰਬਰ 1984 ਨੂੰ ਟਾਈਟਲਰ ਨੇ ਗੁਰਦੁਆਰਾ ਆਜ਼ਾਦ ਮਾਰਕੀਟ ਵਿਖੇ ਭੀੜ ਨੂੰ ਭੜਕਾਇਆ, ਜਿਸ ਨੇ ਗੁਰਦੁਆਰੇ ਨੂੰ ਸਾੜ ਦਿੱਤਾ ਅਤੇ ਤਿੰਨ ਸਿੱਖਾਂ ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਨ ਸਿੰਘ ਦਾ ਕਤਲ ਕਰ ਦਿੱਤਾ।