ਫੀਸ ਮੰਗਣ ਵਾਲੇ ਲੁਧਿਆਣਾ ਦੇ 2 ਹੋਰ ਪ੍ਰਾਈਵੇਟ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ- ਬੱਸਾਂ ਦਾ ਕਿਰਾਇਆ ਤੇ ਕਿਤਾਬਾਂ ਦਾ ਖ਼ਰਚਾ ਵੀ ਨਾ ਵਸੂਲਣ –ਸਿੱਖਿਆ ਮੰਤਰੀ

-ਹਾਲਾਤ ਆਮ ਵਾਂਗ ਹੋਣ ‘ਤੇ ਨਵੇਂ ਦਾਖ਼ਲਿਆਂ ਲਈ ਮਾਪਿਆਂ ਨੂੰ ਫੀਸ ਭਰਨ ਲਈ ਇੱਕ ਮਹੀਨੇ ਦਾ ਸਮਾਂ ਦੇਣ ਸਾਰੇ ਸਕੂਲ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ
-ਕੈਬਨਿਟ ਮੰਤਰੀ ਵੱਲੋਂ ਸਕੂਲਾਂ ਨੂੰ ਲਾਕਡਾਊਨ ਖ਼ਤਮ ਹੋਣ ਤੱਕ ਬੱਸਾਂ ਦਾ ਕਿਰਾਇਆ ਤੇ ਕਿਤਾਬਾਂ ਦਾ ਖ਼ਰਚਾ ਵੀ ਨਾ ਵਸੂਲਣ ਦੀ ਹਦਾਇਤ
ਲੁਧਿਆਣਾ, 8 ਅਪ੍ਰੈਲ ( ਨਿਊਜ਼ ਪੰਜਾਬ )-ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਉਲਟ ਕਰਫਿਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫੀਸ ਮੰਗਣ ਵਾਲੇ ਲੁਧਿਆਣਾ ਜ਼ਿਲ•ੇ ਦੇ 2 ਹੋਰ ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਬੁੱਧਵਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜ਼ਿਲ•ੇ ਦੇ 3 ਸਕੂਲਾਂ ਨੂੰ ਅਜਿਹੇ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਅੱਜ ਆਤਮ ਦੇਵਕੀ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਅਤੇ ਭਾਰਤਮ ਵਰਲਡ ਸਕੂਲ ਖੰਨਾ ਨੂੰ 7 ਦਿਨਾਂ ਦੇ ਅੰਦਰ-ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਨੋਟਿਸ ਭੇਜਿਆ ਗਿਆ ਹੈ। ਉਨ•ਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਦਿੱਲੀ ਪਬਲਿਕ ਸਕੂਲ ਲੁਧਿਆਣਾ, ਐਮ.ਸੀ.ਐਮ. ਪਬਲਿਕ ਸਕੂਲ ਦੁੱਗਰੀ ਅਤੇ ਗਰੀਨ ਲੈਂਡ ਕਾਨਵੈਂਟ ਸਕੂਲ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਲਈ ਨੋਟਿਸ ਭੇਜੇ ਜਾ ਚੁੱਕੇ ਹਨ।
ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਲਾਕਡਾਊਨ ਖ਼ਤਮ ਹੋਣ ਤੱਕ ਸਕੂਲਾਂ ਵੱਲੋਂ ਅਗਲੇ ਅਕਾਦਮਿਕ ਸਾਲ ਲਈ ਬੱਸਾਂ ਦੇ ਕਿਰਾਏ ਅਤੇ ਕਿਤਾਬਾਂ ਦਾ ਖ਼ਰਚਾ ਨਾ ਵਸੂਲਿਆ ਜਾਵੇ। ਉਨ•ਾਂ ਕਿਹਾ ਕਿ ਇਨ•ਾਂ ਸਕੂਲਾਂ ਤੋਂ ਇਲਾਵਾ ਜੇਕਰ ਕੋਈ ਹੋਰ ਸਕੂਲ ਵੀ ਕਰਫਿਊ ਦੌਰਾਨ ਫੀਸ ਦੀ ਮੰਗ ਕਰਦਾ ਹੈ ਤਾਂ ਵਿਦਿਆਰਥੀ ਜਾਂ ਉਨ•ਾਂ ਦੇ ਮਾਪੇ ਆਪਣੀ ਸ਼ਿਕਾਇਤ ਸਿੱਧਾ ਉਨ•ਾਂ ਨੂੰ ਈ-ਮੇਲ, vijayindersingla0gmail.com ‘ਤੇ ਭੇਜ ਸਕਦੇ ਹਨ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਰੋਨਾਵਾਇਰਸ ਦੇ ਹਮਲੇ ਤੋਂ ਪੂਰੀ ਦੁਨੀਆਂ ਪ੍ਰਭਾਵਿਤ ਹੋਈ ਹੈ ਜਿਸ ਕਰਕੇ ਹਾਲਾਤ ਆਮ ਵਾਂਗ ਹੋਣ ਤੱਕ ਪੰਜਾਬ ਦੇ ਸਾਰੇ ਸਕੂਲਾਂ ਨੂੰ ਦਾਖ਼ਲਿਆਂ ਤੇ ਫੀਸਾਂ ਲੈਣ ਤੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਸਨ। ਉਨ•ਾਂ ਕਿਹਾ ਕਿ ਪਰ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਇਨ•ਾਂ ਹਦਾਇਤਾਂ ਦੀ ਉਲੰਘਣਾ ਕਰਕੇ ਵੱਖ-ਵੱਖ ਮਾਧਿਅਮਾਂ ਰਾਹੀਂ ਮਾਪਿਆਂ ਨੂੰ ਫੀਸ ਭਰਨ ਲਈ ਸੁਨੇਹੇ ਲਗਾਏ ਜਾ ਰਹੇ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ 23 ਮਾਰਚ 2020 ਨੂੰ ਸਿੱਖਿਆ ਵਿਭਾਗ ਵੱਲੋਂ ਸਾਰੀਆਂ ਗੈਰਸਰਕਾਰੀ ਵਿੱਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਸਾਲ 2020-21 ਲਈ ਦਾਖਲਿਆਂ ਦੀ ਅੰਤਿਮ ਮਿਤੀ ਨੂੰ ਦੁਬਾਰਾ ਮਿੱਥਿਆ ਜਾਵੇ ਅਤੇ ਹਾਲਾਤ ਸੁਧਰਨ ਉਪਰੰਤ ਫੀਸਾਂ ਫਰਨ ਲਈ ਇੱਕ ਮਹੀਨੇ ਦਾ ਸਮਾਂ ਜ਼ਰੂਰ ਉਪਲਬਧ ਕਰਵਾਇਆ ਜਾਵੇ। ਉਨ•ਾਂ ਕਿਹਾ ਕਿ ਇਨ•ਾਂ ਹੁਕਮਾਂ ਰਾਹੀਂ ਹੀ ਲੌਕਡਾਊਨ ਲਾਗੂ ਰਹਿਣ ਤੱਕ ਕੋਈ ਜ਼ੁਰਮਾਨਾ ਜਾਂ ਲੇਟ ਫੀਸ ਲਗਾਉਣ ਤੋਂ ਮਨਾਹੀ ਕੀਤੀ ਗਈ ਸੀ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ 7 ਦਿਨ ਦਾ ਸਮਾਂ ਦਿੱਤਾ ਗਿਆ ਹੈ ਅਤੇ ਜੇਕਰ ਇਹ ਸਕੂਲ ਤਸੱਲੀਬਖ਼ਸ ਜਵਾਬ ਦੇਣ ਤੋਂ ਅਸਮਰੱਥ ਰਹੇ ਤਾਂ ਇਨ•ਾਂ ਦੀ ਮਾਨਤਾ ਜਾਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਰੱਦ ਕਰ ਦਿੱਤੀ ਜਾਵੇਗੀ।