ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਇਆ ਜਾਂ ਖੁਦ ਹੀ ਛੱਡਿਆ ਅਹੁਦਾ, ਸ਼੍ਰੋਮਣੀ ਕਮੇਟੀ ਦੇ ਦਾਅਵੇ ਮਗਰੋਂ ਛਿੜੀ ਬਹਿਸ
ਨਿਊਜ਼ ਪੰਜਾਬ
ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਗਿਆਨੀ ਰਘਬੀਰ ਸਿੰਘ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬਣ ਗਏ ਹਨ। ਹੁਣ ਇਸ ਉੱਪਰ ਬਹਿਸ ਛਿੜ ਗਈ ਹੈ ਕਿ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਗਿਆ ਹੈ ਜਾਂ ਫਿਰ ਉਨ੍ਹਾਂ ਨੇ ਖੁਦ ਹੀ ਲਾਂਭੇ ਹੋਣ ਦਾ ਫੈਸਲਾ ਲਿਆ ਹੈ। ਸੂਤਰਾਂ ਮੁਤਾਬਕ ਪਿਛਲੇ ਸਮੇਂ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦੀਆਂ ਟਿੱਪਣੀਆਂ ਤੋਂ ਅਕਾਲੀ ਦਲ ਦੇ ਕਈ ਲੀਡਰ ਖਫਾ ਸੀ। ਇਸ ਲਈ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਗਿਆ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਾਅਵਾ ਕੀਤਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਵੈਇੱਛਾ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀਆਂ ਸੇਵਾਵਾਂ ਨੂੰ ਛੱਡਿਆ ਹੈ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਆਸਟਰੇਲੀਆ ਦੌਰੇ ’ਤੇ ਹਨ ਤੇ ਅੱਜ-ਕੱਲ੍ਹ ਵਿੱਚ ਵਾਪਸੀ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸ ਸਬੰਧ ਵਿੱਚ ਗਿਆਨੀ ਹਰਪ੍ਰੀਤ ਸਿੰਘ ਨਾਲ ਨਾਲ ਗੱਲਬਾਤ ਹੋ ਚੁੱਕੀ ਹੈ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖਤ ਦੇ ਜਥੇਦਾਰ ਨੂੰ ਬਦਲਣ ਲਈ ਅੱਜ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਸੀ। ਕਮੇਟੀ ਵੱਲੋਂ ਇਸ ਮਾਮਲੇ ’ਤੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ 72 ਘੰਟੇ ਦੇ ਨੋਟਿਸ ’ਤੇ ਸੱਦੀ ਗਈ। ਮੀਟਿੰਗ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾਵਾਂ ਛੱਡਣ ਦੀ ਇੱਛਾ ਪ੍ਰਗਟਾਈ ਗਈ ਸੀ, ਜਿਸ ਤੋਂ ਬਾਅਦ ਅੰਤ੍ਰਿੰਗ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖਤ ਦੇ ਜਥੇਦਾਰ ਵਜੋਂ ਨਿਯੁਕਤ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਬਣੇ।
ਇਸ ਦੌਰਾਨ ਗਿਆਨੀ ਰਘਬੀਰ ਸਿੰਘ ਨੂੰ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਇਸ ਵੇਲੇ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ ਹਰਿਮੰਦਰ ਸਾਹਿਬ ਦੇ ਐਕਟਿੰਗ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ ਪਰ ਉਹ ਹੁਣ ਪਹਿਲਾਂ ਵਾਂਗ ਹੀ ਵਧੀਕ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ। ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੰਗਣੀ ਵਿੱਚ ਸ਼ਾਮਲ ਹੋਏ ਸਨ ਤੇ ਉਸ ਤੋਂ ਬਾਅਦ ਉਹ ਵਿਵਾਦ ਦੇ ਘੇਰੇ ਵਿੱਚ ਸਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਉਨ੍ਹਾਂ ਦੀ ਸ਼ਮੂਲੀਅਤ ’ਤੇ ਕਿੰਤੂ-ਪ੍ਰੰਤੂ ਕੀਤਾ ਗਿਆ ਸੀ ਇਸ ਦੌਰਾਨ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਹੈ।
Giani Harpreet Singh Removed Or Left The Post Himself The Debate Started After The Sgpc s Claim