ਮੁੱਖ ਮੰਤਰੀ ਨੇ ਹਵਾਈ ਸਰਵੇਖਣ ਕਰਨ ਦੀ ਰਵਾਇਤ ਖਤਮ ਕੀਤੀ, ਖੁਦ ਹੜ੍ਹਾਂ ਦੇ ਪਾਣੀ ਵਿੱਚ ਉਤਰ ਕੇ ਲਿਆ ਰਾਹਤ ਕਾਰਜਾਂ ਦਾ ਜਾਇਜ਼ਾ
ਨਿਊਜ਼ ਪੰਜਾਬ
ਸੰਗਰੂਰ, 13 ਜੁਲਾਈ
ਕਿਸੇ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨ ਦੀ ਪੁਰਾਣੀ ਰਵਾਇਤ ਨੂੰ ਖਤਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੜ੍ਹਾਂ ਦੇ ਪਾਣੀਆਂ ਵਿਚ ਖੁਦ ਉਤਰ ਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ।
ਮੁੱਖ ਮੰਤਰੀ ਨੇ ਚਿੱਟਾ-ਕੁੜਤਾ ਪਜਾਮਾ ਪਾਇਆ ਹੋਇਆ ਸੀ ਪਰ ਰਾਹਤ ਕੰਮਾਂ ਦੀ ਨਿਗਰਾਨੀ ਕਰਨ ਲਈ ਉਹ ਬਿਨਾਂ ਕੋਈ ਝਿਜਕ ਮਹਿਸੂਸ ਕੀਤੀਆਂ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੜ੍ਹਾਂ ਦੇ ਪਾਣੀ ਵਿਚ ਉਤਰ ਗਏ। ਭਗਵੰਤ ਮਾਨ ਹੜ੍ਹਾਂ ਤੋਂ ਪ੍ਰਭਾਵਿਤ ਪਾਣੀ ਨਾਲ ਭਰੇ ਖੇਤਾਂ ਵਿਚ ਵੀ ਗਏ ਜਿੱਥੇ ਜੇ.ਸੀ.ਬੀ. ਨਾਲ ਕੀਤੇ ਜਾ ਰਹੇ ਕੰਮ ਦੀ ਖੁਦ ਨਿਗਾਰਨੀ ਕੀਤੀ। ਘੱਗਰ ਨਾਲ ਲਗਦੇ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਦੌਰਾਨ ਮੁੱਖ ਮੰਤਰੀ ਨੇ ਮੌਕੇ ਉਤੇ ਹੀ ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਜੁਟੇ ਰਹਿਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ।
ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕਾ, ਸਪੇਨ ਵਰਗੇ ਵਿਕਸਤ ਦੇਸ਼ਾਂ ਨੂੰ ਵੀ ਹੜ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕੁਦਰਤ ਨੇ ਸੂਬੇ ਵਿਚ ਤਬਾਹੀ ਮਚਾਈ ਹੈ। ਉਨ੍ਹਾਂ ਕਿਹਾ ਕਿ ਪਹਾੜੀ ਸੂਬਿਆਂ ਅਤੇ ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਸੂਬੇ ਵਿੱਚ ਇਹ ਸਥਿਤੀ ਪੈਦਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖੀ ਜੀਵਨ ਸਭ ਤੋਂ ਮਹੱਤਵਪੂਰਨ ਹੈ ਜਿਸ ਕਾਰਨ ਇਸ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਨੀਵੇਂ ਅਤੇ ਹੜ੍ਹਾਂ ਦੀ ਸੰਭਾਵਨਾ ਵਾਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਤਾਂ ਜੋ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ‘ਤੇ ਸਿਆਸਤ ਕਰਨ ਦਾ ਸਮਾਂ ਨਹੀਂ ਹੈ, ਸਗੋਂ ਸਾਰੇ ਪੰਜਾਬੀਆਂ ਨੂੰ ਇਸ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਇਕਜੁੱਟ ਹੋਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣੇ ਤੋਂ ਪਹਿਲੇ ਮੁੱਖ ਮੰਤਰੀਆਂ ਵਾਂਗ ਸਰਵੇਖਣ ਕਰਨ ਲਈ ਹੈਲੀਕਾਪਟਰ ‘ਤੇ ਗੇੜੇ ਨਹੀਂ ਲਾ ਰਹੇ ਸਗੋਂ ਉਹ ਜ਼ਮੀਨੀ ਪੱਧਰ ‘ਤੇ ਅਸਲ ਸਥਿਤੀ ਦਾ ਜਾਇਜ਼ਾ ਲੈਣ ਲਈ ਮੈਦਾਨ ਵਿਚ ਉਤਰੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਪਰ ਫਿਰ ਵੀ ਸੂਬਾ ਸਰਕਾਰ ਲੋਕਾਂ ਦੇ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੀਂਹਾਂ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਅਧਾਰ ‘ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਸੂਬਾ ਭਰ ਵਿੱਚ ਲਗਾਤਾਰ ਮੀਂਹ ਪੈਣ ਤੋਂ ਬਾਅਦ ਪੈਦਾ ਹੋਈ ਸਥਿਤੀ ‘ਤੇ ਬਾਕਾਇਦਾ ਨਜ਼ਰ ਰੱਖ ਕੇ ਉਨ੍ਹਾਂ ਦੀ ਸੇਵਾ ਕਰਨ ਲਈ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਸਾਰਿਆਂ ਦੇ ਪੂਰਨ ਸਹਿਯੋਗ ਸਦਕਾ ਇਸ ਦਾ ਜ਼ੋਰਦਾਰ ਢੰਗ ਨਾਲ ਮੁਕਾਬਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਇਸ ਸੰਕਟ ਤੋਂ ਨਿਜਾਤ ਪਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਲੋਕਾਂ ਨੂੰ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ ਦੀ ਅਪੀਲ ਕੀਤੀ ਕਿਉਂਕਿ ਸੂਬਾ ਸਰਕਾਰ ਪਹਿਲਾਂ ਹੀ ਸਥਿਤੀ ਨੂੰ ਸੁਖਾਵਾਂ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਸੂਬੇ ਦੇ ਹਰ ਕੋਨੇ ਤੋਂ ਮਿੰਟ-ਮਿੰਟ ਉਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਿਸੇ ਵੀ ਵਿਅਕਤੀ ਦੇ ਵੱਸ ਤੋਂ ਬਾਹਰ ਹੈ ਪਰ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਹੀ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਆਪੋ-ਆਪਣੇ ਖੇਤਰਾਂ ਵਿੱਚ ਜੁਟੇ ਹੋਏ ਹਨ ਅਤੇ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਤੱਕ ਪਹੁੰਚ ਕਰ ਰਹੇ ਹਨ।