ਭਾਜਪਾ ਮੇਰੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਅਦਾਲਤ ਦਾ ਦਰ ਖੜਕਾਵਾਂਗਾ: ਚੱਢਾ
ਨਵੀਂ ਦਿੱਲੀ, 10 ਅਗਸਤ
ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਦਿੱਲੀ ਸਰਵਿਸਿਜ਼ ਬਿੱਲ ਨਾਲ ਸਬੰਧਤ ਮਤੇ ਵਿਚ ਪੰਜ ਸੰਸਦ ਮੈਂਬਰਾਂ ਨੇ ਜਾਅਲੀ ਦਸਤਖਤ ਕਰਾਉਣ ਦੇ ਭਾਜਪਾ ਦੇ ਦੋਸ਼ਾਂ ਦਾ ਅੱਜ ਜੁਆਬ ਦਿੰਦਿਆਂ ਕਿਹਾ ਕਿ ਉਹ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣਾ ਦੀ ਕੋਸ਼ਿਸ਼ ਕਰ ਰਹੀ ਹੈ। ਚਾਰ ਸੰਸਦ ਮੈਂਬਰਾਂ ਨੇ ਸ੍ਰੀ ਚੱਢਾ ‘ਤੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਚੋਣ ਕਮੇਟੀ ਦੇ ਗਠਨ ਲਈ ਉਨ੍ਹਾਂ ਦੇ ਨਾਮ ਪ੍ਰਸਤਾਵਿਤ ਕਰਨ ਦਾ ਦੋਸ਼ ਲਗਾਇਆ ਹੈ। ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਉਨ੍ਹਾਂ ਸੰਸਦ ਮੈਂਬਰਾਂ ਦੀਆਂ ਸ਼ਿਕਾਇਤਾਂ ਦਾ ਹਵਾਲਾ ਦਿੰਦੇ ਹੋਏ ਮਾਮਲੇ ਨੂੰ ਜਾਂਚ ਲਈ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਭੇਜ ਦਿੱਤਾ। ਇਸ ਘਟਨਾਕ੍ਰਮ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ‘ਚ ‘ਆਪ’ ਨੇਤਾ ਨੇ ਕਿਹਾ ਕਿ ਉਹ ਇਸ ਮਾਮਲੇ ‘ਤੇ ਕਮੇਟੀ ਅਤੇ ਅਦਾਲਤ ਤੱਕ ਪਹੁੰਚ ਕਰਨਗੇ। ਉਨ੍ਹਾਂ ਪ੍ਰੈਸ ਕਾਨਫਰੰਸ ਵਿੱਚ ਇਹ ਵੀ ਕਿਹਾ ਕਿ ਇਹ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਰਾਜ ਸਭਾ ’ਚ ਚੋਣ ਕਮੇਟੀ ਦੇ ਮੈਂਬਰਾਂ ਦੀ ਨਾਮਜ਼ਦਗੀ ਲਈ ਦਸਤਖਤ ਅਤੇ ਲਿਖਤੀ ਸਹਿਮਤੀ ਦੀ ਲੋੜ ਹੁੰਦੀ ਹੈ। ਸ੍ਰੀ ਚੱਢਾ ਨੇ ਕਿਹਾ, ‘ਮੈਂ ਭਾਜਪਾ ਦੇ ਉਨ੍ਹਾਂ ਲੋਕ ਸਭਾ ਮੈਂਬਰਾਂ ਵਿਰੁੱਧ ਵਿਸ਼ੇਸ਼ ਅਧਿਕਾਰ ਕਮੇਟੀ ਅਤੇ ਅਦਾਲਤ ਤੱਕ ਪਹੁੰਚ ਕਰਾਂਗਾ, ਜਿਨ੍ਹਾਂ ਨੇ ਮੇਰੇ ‘ਤੇ ਜਾਅਲਸਾਜ਼ੀ ਦੇ ਝੂਠੇ ਦੋਸ਼ ਲਾਏ ਹਨ।’