ਪੌਣੇ ਦੋ ਕਿੱਲੋ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਦੋ ਤਸਕਰ ਗ੍ਰਿਫ਼ਤਾਰ, ਪਾਕਿ ਸਮੱਗਲਰਾਂ ਜੁੜੇ ਤਾਰ
ਥਾਣਾ ਖਾਲੜਾ ਦੀ ਪੁਲਿਸ ਨੇ ਸਰਹੱਦੀ ਖੇਤਰ ਵਿੱਚੋਂ ਪੌਣੇ ਦੋ ਕਿਲੋ ਹੈਰੋਇਨ ਬਰਾਮਦ ਕਰਕੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਦੋਵਾਂ ਕੋਲੋਂ ਪੁੱਛਗਿੱਛ ਦੌਰਾਨ ਇਨ੍ਹਾਂ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹੋਣ ਦੀ ਗੱਲ ਸਾਹਮਣੇ ਆਈ ਹੈ ਅਤੇ ਬਰਾਮਦ ਖੇਪ ਪਾਕਿਸਤਾਨੋਂ ਮੰਗਵਾਈ ਹੋ ਸਕਦੀ ਹੈ। ਫਿਲਹਾਲ ਪੁਲਿਸ ਨੇ ਦੋਵਾਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਖਾਲੜਾ ਵਿਖੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਕਰਦਿਆਂ ਡੀਐੱਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਮੁਖੀ ਇੰਸਪੈਕਟਰ ਰਬਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਉਨ੍ਹਾਂ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਜਿਨ੍ਹਾਂ ਦੀ ਪਛਾਣ ਗੁਰਲਾਲ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਪਿੰਡ ਬੁਰਜ 169 ਅਤੇ ਲਵਪ੍ਰੀਤ ਸਿੰਘ ਲਵ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਕਲਸ ਵਜੋਂ ਹੋਈ ਹੈ ਕੋਲੋਂ 1 ਕਿਲੋ 762 ਗ੍ਰਾਮ ਹੈਰੋਇਨ ਦਾ ਪੈਕੇਟ ਬਰਾਮਦ ਕਰਕੇ ਗਿ੍ਫਤਾਰ ਕੀਤਾ। ਉਨ੍ਹਾਂ ਦੱਸ਼ਿਆ ਕਿ ਦੋਵਾਂ ਮੁਲਜ਼ਮਾਂ ਕੋਲੋਂ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਜਦੋਂਕਿ ਦੋਵਾਂ ਨੂੰ ਥਾਣਾ ਖਾਲੜਾ ਵਿਖੇ ਐੱਨਡੀਪੀਐੱਸ ਐਕਟ ਦੇ ਤਹਿਤ ਨਾਮਜ਼ਦ ਕਰਕੇ ਕੀਤੀ ਗਈ ਪੁੱਛਗਿੱਛ ਦੌਰਾਨ ਇਨ੍ਹਾਂ ਦੇ ਪਾਕਿਸਤਾਨ ਬੈਠੇ ਸਮੱਗਲਰਾਂ ਨਾਲ ਸਬੰਧ ਹੋਣ ਦਾ ਪਤਾ ਲੱਗਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ ਅਤੇ ਇਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।