ਦੇਸ਼ ਦੇ ਕਈ ਸੂਬਿਆਂ ‘ਚ ਭਾਰੀ ਮੀਂਹ ਦਾ ਅਲਰਟ! ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਕਈ ਸੂਬਿਆਂ ‘ਚ ਮੌਸਮ ਬਦਲ ਗਿਆ ਹੈ। ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਸਬੰਧ ‘ਚ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਸਥਾਨਾਂ ‘ਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਪਹਿਲਾਂ ਦੇਸ਼ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਅਤੇ ਭਾਰੀ ਬਾਰਿਸ਼ ਹੋਈ ਸੀ। ਦਿੱਲੀ-ਐਨਸੀਆਰ ਸਮੇਤ ਦੇਸ਼ ਦੇ 12 ਤੋਂ ਵੱਧ ਰਾਜਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ, ਉੱਤਰਾਖੰਡ, ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਪੱਛਮ ਤੋਂ ਪੂਰਬ ਅਤੇ ਉੱਤਰ ਤੋਂ ਦੱਖਣੀ ਭਾਰਤ ਸਮੇਤ ਕਈ ਥਾਵਾਂ ‘ਤੇ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਥਾਵਾਂ ‘ਤੇ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਬਿਜਲੀ ਵੀ ਚੱਲਣ ਦੀ ਸੰਭਾਵਨਾ ਹੈ।ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਭਾਰੀ ਮੀਂਹ ਦੇ ਅਲਰਟ ਦੇ ਵਿਚਕਾਰ, ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਸਕੂਲੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਲਖਨਊ ਪ੍ਰਸ਼ਾਸਨ ਨੇ ਸਾਰੇ ਸਰਕਾਰੀ, ਗੈਰ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਸਬੰਧੀ ਸਿੱਖਿਆ ਵਿਭਾਗ ਵੱਲੋਂ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਇਹ ਮੀਂਹ 12 ਸਤੰਬਰ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਮੀਂਹ ਨੇ ਲੋਕਾਂ ਨੂੰ ਪਿਛਲੇ ਇੱਕ ਹਫ਼ਤੇ ਤੋਂ ਪੈ ਰਹੀ ਕਹਿਰ ਦੀ ਗਰਮੀ ਤੋਂ ਕਾਫ਼ੀ ਰਾਹਤ ਦਿੱਤੀ ਹੈ। ਦੂਜੇ ਪਾਸੇ ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਸ਼ਨੀਵਾਰ, ਐਤਵਾਰ ਮੀਂਹ ਜਾਰੀ ਰਿਹਾ। ਮੀਡੀਆ ਰਿਪੋਰਟਾਂ ਮੁਤਾਬਕ ਚੱਕਰਵਾਤੀ ਹਾਲਾਤਾਂ ਕਾਰਨ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਵੱਖ-ਵੱਖ ਪੱਧਰਾਂ ਦੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਚਿਤ ਕੀਤਾ ਹੈ ਕਿ ਇਟਾਵਾ, ਔਰੈਯਾ, ਗੋਂਡਾ, ਕਨੌਜ, ਅਯੁੱਧਿਆ ਅਤੇ ਬਸਤੀ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਾ ਅਲਰਟ ਹੈ। ਇਸ ਤੋਂ ਇਲਾਵਾ ਯੂਪੀ ਦੇ ਕਰੀਬ 35 ਜ਼ਿਲ੍ਹਿਆਂ ਵਿੱਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।