ਭਾਰਤ-ਕੈਨੇਡਾ ਵਿਵਾਦ : ਸ਼੍ਰੋਮਣੀ ਕਮੇਟੀ ਵੱਲੋਂ ਮੀਡੀਆ ‘ਤੇ ਸਿੱਖ ਅਤੇ ਪੰਜਾਬ ਵਿਰੋਧੀ ਨਫ਼ਰਤੀ ਪ੍ਰਚਾਰ ਦੀ ਕਰੜੀ ਨਿੰਦਾ – ਸਿੱਖਾਂ ਦੇ ਅਕਸ ਨੂੰ ਖ਼ਰਾਬ ਕਰਨ ਵਾਲੇ ਲੋਕਾਂ ’ਤੇ ਕਾਰਵਾਈ ਕਰੇ ਸਰਕਾਰ 

ਪਾਰਲੀਮੈਂਟ ਅੰਦਰ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਆਖੀ ਗਈ ਹਰ ਗੱਲ ਨੂੰ ਸਹਿਜੇ ਹੀ ਨਕਾਰਿਆ ਨਹੀਂ ਜਾ ਸਕਦਾ। ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤੀ ਏਜੰਸੀਆਂ ‘ਤੇ ਲਗਾਏ ਦੋਸ਼ਾਂ ਦੀ ਸੱਚਾਈ ਦੋਹਾਂ ਦੇਸ਼ਾਂ ਨੂੰ ਰਾਜਨੀਤੀ ਤੋਂ ਪਰ੍ਹੇ ਜਾ ਕੇ ਇਕ ਸੁਹਿਰਦ ਪਹੁੰਚ ਰਾਹੀਂ ਲੋਕਾਂ ਸਾਹਮਣੇ ਲਿਆਣੀ ਚਾਹੀਦੀ ਹੈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 

ਨਿਊਜ਼ ਪੰਜਾਬ ਬਿਊਰੋ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਦੀ ਸੰਸਦ ਅੰਦਰ ਕੈਨੇਡਾ ਦੇ ਵਸਨੀਕ ਸਿੱਖ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਭਾਰਤੀ ਏਜੰਸੀਆਂ ਦੇ ਅਧਿਕਾਰੀਆਂ ਦਾ ਹੱਥ ਹੋਣ ਬਾਰੇ ਲਗਾਏ ਦੋਸ਼ਾਂ ’ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਗਈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਪਾਸ ਕੀਤੇ ਗਏ ਇਕ ਵਿਸ਼ੇਸ਼ ਮਤੇ ਵਿਚ ਕਿਹਾ ਗਿਆ ਕਿ ਕਿਸੇ ਵੀ ਦੇਸ਼ ਦੀ ਸੰਸਦ ਵਿਚ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਗਿਆ ਬਿਆਨ ਆਮ ਨਹੀਂ ਸਮਝਿਆ ਜਾਂਦਾ, ਸਗੋਂ ਦੇਸ਼ ਦੇ ਸੰਵਿਧਾਨ ਦੀ ਮਾਣ-ਮਰਯਾਦਾ ਦੇ ਦਾਇਰੇ ਵਿਚ ਤੱਥਾਂ ਅਧਾਰਿਤ ਮੰਨਿਆ ਜਾਂਦਾ ਹੈ।

ਪਾਰਲੀਮੈਂਟ ਅੰਦਰ ਪ੍ਰਧਾਨ ਮੰਤਰੀ ਵੱਲੋਂ ਆਖੀ ਗਈ ਹਰ ਗੱਲ ਨੂੰ ਸਹਿਜੇ ਹੀ ਨਕਾਰਿਆ ਨਹੀਂ ਜਾ ਸਕਦਾ। ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤੀ ਏਜੰਸੀਆਂ ‘ਤੇ ਲਗਾਏ ਦੋਸ਼ਾਂ ਦੀ ਸੱਚਾਈ ਦੋਹਾਂ ਦੇਸ਼ਾਂ ਨੂੰ ਰਾਜਨੀਤੀ ਤੋਂ ਪਰ੍ਹੇ ਜਾ ਕੇ ਇਕ ਸੁਹਿਰਦ ਪਹੁੰਚ ਰਾਹੀਂ ਲੋਕਾਂ ਸਾਹਮਣੇ ਰੱਖਣੀ ਚਾਹੀਦੀ ਹੈ। ਜੇਕਰ ਇਸ ਨੂੰ ਸਿਰਫ਼ ਰਾਜਨੀਤੀ ਕਰਕੇ ਹੀ ਦਬਾ ਦਿੱਤਾ ਜਾਂਦਾ ਹੈ ਤਾਂ ਇਹ ਮਾਨਵੀ ਅਧਿਕਾਰਾਂ ਨਾਲ ਨਾਇਨਸਾਫ਼ੀ ਮੰਨੀ ਜਾਵੇਗੀ। ਇਸ ਸਮੁੱਚੇ ਵਰਤਾਰੇ ਵਿਚ ਮੁੱਖ ਮੀਡੀਆ ਅਤੇ ਸ਼ੋਸ਼ਲ ਮੀਡੀਆ ਮੰਚਾਂ ‘ਤੇ ਸਿੱਖ ਅਤੇ ਪੰਜਾਬ ਵਿਰੋਧੀ ਫੈਲਾਏ ਜਾ ਰਹੇ ਨਫ਼ਰਤੀ ਕੁੜ ਪ੍ਰਚਾਰ ਦੀ ਵੀ ਕਰੜੀ ਨਿੰਦਾ ਕਰਦਿਆਂ ਕਿਹਾ ਗਿਆ ਹੈ ਕਿ ਮੀਡੀਆ ਦੇ ਵੱਡੇ ਹਿੱਸੇ ਵੱਲੋਂ ਜਾਣਬੁਝ ਕੇ ਭਾਰਤ ਕੈਨੇਡਾ ਮਾਮਲਾ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ‘ਤੇ ਹੀ ਕੇਂਦਰਿਤ ਕਰ ਦਿੱਤਾ ਗਿਆ ਹੈ।

ਅੰਤ੍ਰਿੰਗ ਕਮੇਟੀ ਨੇ ਮਤੇ ਰਾਹੀਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਮਸਲੇ ਨੂੰ ਸੰਜੀਦਗੀ ਨਾਲ ਲੈ ਕੇ ਇਸ ਵਿਚ ਸਿੱਖਾਂ ਦੇ ਅਕਸ ਨੂੰ ਖ਼ਰਾਬ ਕਰਨ ਵਾਲੇ ਲੋਕਾਂ ’ਤੇ ਕਾਰਵਾਈ ਕਰੇ। ਇਹ ਵੀ ਸਪੱਸ਼ਟ ਕੀਤਾ ਗਿਆ ਕਿ ਸਿੱਖ ਕੌਮ ਹਰ ਧਰਮ ਦਾ ਸਤਿਕਾਰ ਕਰਦੀ ਹੈ ਅਤੇ ਕਿਸੇ ਨਾਲ ਵੀ ਵੈਰ ਨਹੀਂ ਰੱਖਦੀ। ਕੁਝ ਲੋਕ ਮੌਜੂਦਾ ਸਥਿਤੀ ਨੂੰ ਕੌਮਾਂ ਵਿਚ ਵੰਡੀਆਂ ਪਾਉਣ ਲਈ ਇਕ ਹਥਿਆਰ ਵਜੋਂ ਵਰਤ ਰਹੇ ਹਨ, ਜਿਸ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ। ਅੰਤ੍ਰਿੰਗ ਕਮੇਟੀ ਨੇ ਭਾਰਤ ਸਰਕਾਰ ਨੂੰ ਕਿਹਾ ਕਿ ਉਹ ਇਸ ਗੱਲ ਵੱਲ ਗੌਰ ਕਰੇ। ਇਹ ਵੀ ਕਿਹਾ ਗਿਆ ਕਿ ਜਿਹੜੀਆਂ ਸ਼ਕਤੀਆਂ ਸਿੱਖਾਂ ਦਾ ਅਕਸ ਖਰਾਬ ਕਰ ਰਹੀਆਂ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਇਸ ਦੇ ਨਾਲ ਹੀ ਸਿੱਖਾਂ ਅੰਦਰ ਪਨਪ ਰਹੀ ਬੇਵਿਸ਼ਵਾਸੀ ਨੂੰ ਖ਼ਤਮ ਕਰਨ ਵਾਸਤੇ ਵੀ ਢੁੱਕਵੇਂ ਕਦਮ ਚੁੱਕੇ ਜਾਣ।