ਮੇਰਾ ਘਰ ਮੇਰੇ ਨਾਮ’ ਸਕੀਮ ਨਗਰ ਨਿਗਮ ਲੁਧਿਆਣਾ ਦੀ ਹਦੂਦ ‘ਚ ਕੀਤੀ ਜਾਵੇਗੀ ਸ਼ੁਰੂ – ਵਿਧਾਇਕ ਗੁਰਪ੍ਰੀਤ ਬੱਸੀ ਗੋਗੀ
ਲੁਧਿਆਣਾ, 13 ਅਕਤੂਬਰ – ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਨੂੰ ਜਾਇਦਾਦ ਦੇ ਅਧਿਕਾਰ ਦਿਵਾਉਣ ਲਈ ਨਗਰ ਨਿਗਮ ਦੀ ਹਦੂਦ ਵਿੱਚ ‘ਮੇਰਾ ਘਰ ਮੇਰੇ ਨਾਮ’ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤੱਤਪਰ ਹੈ। ਇਸ ਸਬੰਧੀ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਹੋਈ ਜਿਸ ਵਿੱਚ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਗੋਗੀ ਨੇ ਦੱਸਿਆ ਕਿ ਪਹਿਲਾਂ ਇਹ ਸਕੀਮ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ ਚੱਲ ਰਹੀ ਸੀ, ਜਿਸ ਨੂੰ ਹੁਣ ਲੁਧਿਆਣਾ ਦੀ ਨਗਰ ਨਿਗਮ ਦੀ ਹੱਦ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਧਾਇਕ ਗੋਗੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਉਨ੍ਹਾਂ ਦੇ ਹਲਕੇ ਵਿੱਚ ਪੈਂਦੇ ਹੈਬੋਵਾਲ ਕਲਾਂ, ਜਵੱਦੀ, ਸੁਨੇਤ ਵਿਖੇ ਆਗਾਮੀ ਦਿਨਾਂ ਵਿੱਚ ਮਾਲ ਵੈਰੀਫਿਕੇਸ਼ਨ ਅਤੇ ਡਰੋਨ ਸਰਵੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਰਵੇਖਣ ਦੇ ਮੁਕੰਮਲ ਹੋਣ ਤੋਂ ਬਾਅਦ ਵਸਨੀਕਾਂ ਨੂੰ ਜਾਇਦਾਦ ਦੇ ਅਧਿਕਾਰ ਮਿਲ ਜਾਣਗੇ।
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਅੱਗੇ ਦੱਸਿਆ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਉਦੇਸ਼ ਲਾਲ ਲਕੀਰ ਵਾਲੇ ਖੇਤਰਾਂ ਵਿੱਚ ਰਹਿੰਦੇ ਵਸਨੀਕਾਂ ਨੂੰ ਜਾਇਦਾਦ ਦੇ ਅਧਿਕਾਰ ਪ੍ਰਦਾਨ ਕਰਨਾ ਹੈ ਜਿੱਥੇ ਜ਼ਮੀਨੀ ਰਿਕਾਰਡ ਨਹੀਂ ਬਣਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਅਜਿਹੀ ਜਾਇਦਾਦ ਦੀ ਵਿਕਰੀ ਜਾਂ ਅਜਿਹੀ ਜਾਇਦਾਦ ‘ਤੇ ਕਰਜ਼ਾ ਲੈਣ ਦੀ ਮੰਗ ਕੀਤੀ ਜਾਂਦੀ ਹੈ ਤਾਂ ਜ਼ਮੀਨੀ ਰਿਕਾਰਡ ਦੀ ਅਣਹੋਂਦ ਅੜਿੱਕਾ ਪਾਉਂਦੀ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਇਸ ਸਕੀਮ ਨੂੰ ਪੰਜਾਬ ਅਬਾਦੀ ਦੇਹ ਐਕਟ, 2021 ਦੇ ਲਾਗੂ ਹੋਣ ਨਾਲ ਸਮਰੱਥ ਬਣਾਇਆ ਗਿਆ ਹੈ।
ਮੀਟਿੰਗ ਦੌਰਾਨ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਨੇ ਦੱਸਿਆ ਕਿ ਇਸ ਵਿਸ਼ਾਲ ਅਭਿਆਸ ਲਈ ਨਗਰ ਨਿਗਮ ਲੁਧਿਆਣਾ ਮੈਨ ਪਾਵਰ ਮੁਹੱਈਆ ਕਰਵਾਏਗਾ ਤਾਂ ਜੋ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਸਕੇ ਕਿਉਂਕਿ ਲੁਧਿਆਣਾ ਸ਼ਹਿਰ ਦੀ ਬਹੁਤ ਜ਼ਿਆਦਾ ਆਬਾਦੀ ਹੋਣ ਕਰਕੇ ਇਸ ਲਈ ਸਾਰੇ ਉਪਲਬਧ ਸਾਧਨਾਂ ਦੀ ਸਹਾਇਤਾ ਦੀ ਲੋੜ ਹੈ।
ਇਸ ਤੋਂ ਇਲਾਵਾ ਇਸ ਸਕੀਮ ਨੂੰ 2021 ਦੇ ਐਕਟ ਅਤੇ ਨਿਯਮਤ ਸਮੀਖਿਆਵਾਂ ਵਿੱਚ ਪ੍ਰਦਾਨ ਕੀਤੇ ਅਨੁਸਾਰ ਸਮਾਂਬੱਧ ਤਰੀਕੇ ਨਾਲ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਤਾਂ ਜੋ ਇਸਦੀ ਸਹੀ ਨਿਗਰਾਨੀ ਕੀਤੀ ਜਾ ਸਕੇ।