26 ਜਨਵਰੀ ਨੂੰ ਤਿਰੰਗਾ ਨਹੀਂ ਲਹਿਰਾਉਣਗੇ ਅਮਨ ਅਰੋੜਾ ! HC ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਪੰਜਾਬ ਅਤੇ ਹਰਿਆਣਾ ਹਾਈ ਕੋਰਟ  ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੁਨਾਮ ਅਦਾਲਤ ਵੱਲੋਂ ਸੁਣਾਈ ਦੋ ਸਾਲ ਦੀ ਸਜ਼ਾ ਦੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੌਰਾਨ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਅਰੋੜਾ ਦੀ ਸਜ਼ਾ ‘ਤੇ ਰੋਕ ਨਹੀਂ ਲਗਾਈ ਗਈ ਤਾਂ ਉਹ ਝੰਡਾ ਨਹੀਂ ਲਹਿਰਾਉਣਗੇ। ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਮੰਤਰੀ ਅਮਨ ਅਰੋੜਾ ਨੂੰ 21 ਦਸੰਬਰ 2023 ਨੂੰ ਇਕ ਕੇਸ ‘ਚ ਸੁਨਾਮ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਵਿਧਾਇਕ ਵਜੋਂ ਅਯੋਗ ਕਰਾਰ ਦਿੰਦਿਆਂ ਅੰਮ੍ਰਿਤਸਰ ‘ਚ ਝੰਡਾ ਲਹਿਰਾਉਣ ਤੋਂ ਰੋਕਣ ਲਈ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ‘ਤੇ ਅੱਜ ਸੁਣਵਾਈ ਹੋਈ।

ਪਟੀਸ਼ਨ ਦਾਇਰ ਕਰਦੇ ਹੋਏ ਸੰਗਰੂਰ ਨਿਵਾਸੀ ਅਨਿਲ ਕੁਮਾਰ ਤਾਇਲ ਨੇ ਹਾਈਕੋਰਟ ਨੂੰ ਦੱਸਿਆ ਕਿ ਸੁਪਰੀਮ ਕੋਰਟ ਨੇ 2013 ‘ਚ ਆਪਣੇ ਹੁਕਮਾਂ ‘ਚ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਅਦਾਲਤ ਕਿਸੇ ਲੋਕ ਨੁਮਾਇੰਦੇ ਨੂੰ ਦੋ ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਸੁਣਾਉਂਦੀ ਹੈ ਤਾਂ ਉਹ ਲੋਕ ਨੁਮਾਇੰਦਗੀ ਐਕਟ ਤਹਿਤ ਅਯੋਗ ਮੰਨਿਆ ਜਾਵੇਗਾ।