ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਵੱਲੋ ਮੁੱਖਮੰਤਰੀ ਦੀ ਰਿਹਾਇਸ਼ ਅੱਗੇ ਧਰਨਾ, ਪੁਲਿਸ ਨਾਲ ਹੋਈ ਝੜਪ।
ਸੰਗਰੂਰ 26 ਫ਼ਰਵਰੀ 2024
ਪੰਜਾਬ ਵਿੱਚ ਪਿਛਲੇ ਕਾਫੀ ਸਮੇਂ ਤੋਂ ਸੰਘਰਸ਼ ਕਰ ਰਹੀਆਂ ਮੁਲਾਜ਼ਮ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ‘ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ’ ਪੰਜਾਬ ਦੇ ਸੂਬਾਈ ਕਨਵੀਨਰ ਜਸਵੀਰ ਸਿੰਘ ਗੁਰਜੰਟ ਸਿੰਘ ਤੇ ਅਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਨੇੜੇ ਰੋਹ ਭਰਪੂਰ ਰੈਲੀ ਕਰ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ।
ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਨੇ ਰੈਲੀ ਵਿੱਚ ਝੰਡੇ ਅਤੇ ਮੰਗਾਂ ਦੀਆਂ ਤਖਤੀਆਂ ਚੁੱਕ ਕੇ ਸ਼ਮੂਲੀਅਤ ਕੀਤੀ। ਪੁਲਿਸ ਵੱਲੋਂ ਕਾਫੀ ਵੱਡੇ ਪੱਧਰ ’ਤੇ ਰੋਕਾਂ ਲਾਈ ਗਈਆਂ ਸਨ। ਕਾਫੀ ਦੇਰ ਬੈਰੀਕੇਡ ’ਤੇ ਮੁਲਾਜ਼ਮਾਂ ਨਾਲ ਧੱਕਾ ਮੁੱਕੀ ਹੋਣ ਉਪਰੰਤ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਆਗੂਆਂ ਦੀ ਕੈਬਨਿਟ ਸਬ ਕਮੇਟੀ ਨਾਲ 28 ਫਰਵਰੀ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕਰਵਾਉਣ ਦਾ ਲਿਖਤੀ ਸੱਦਾ ਪੱਤਰ ਸੌਂਪਿਆ ਗਿਆ।
ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 28 ਫਰਵਰੀ ਨੂੰ ਹੋਣ ਵਾਲੀ ਕੈਬਨਟ ਸਬ ਕਮੇਟੀ ਦੀ ਮੀਟਿੰਗ ਵਿੱਚ ਇਸ ਮਸਲੇ ਦਾ ਸਾਰਥਕ ਹੱਲ ਨਾ ਕੀਤਾ ਗਿਆ ਤਾਂ ਪੰਜਾਬ ਵਿਧਾਨ ਸਭਾ ਦੇ ਬਾਲ ਸੈਸ਼ਨ ਦੌਰਾਨ ਪੰਜਾਬ ਮੁਲਾਜ਼ਮ ਤੇ ਪੈਨਸ਼ਨ ਸਾਂਝਾ ਫਰੰਟ ਵੱਲੋਂ ਮਿਤੀ ਮਾਰਚ ਨੂੰ ਮੋਹਾਲੀ ਵਿਖੇ ਕੀਤੇ ਜਾਣ ਵਾਲੇ ਐਕਸ਼ਨ ਅਤੇ ਪੰਜਾਬ ਵਿਧਾਨ ਸਭਾ ਵੱਲ 4 ਮਾਰਚ ਨੂੰ ਰੋਸ ਮਾਰਚ ਕਰਨ ਦੇ ਐਕਸ਼ਨ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਪੰਜਾਬ ਵੱਲੋਂ ਭਰਵੀ ਸ਼ਮੂਲੀਅਤ ਕੀਤੀ ਜਾਵੇਗੀ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਅੱਗੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਪੁਰਾਣੇ ਪੈਨਸ਼ਨ ਸਕੀਮ ਲਾਗੂ ਕਰਨ ਵਿੱਚ ਹੋਰ ਟਾਰਮਟੋਲ ਕੀਤੀ ਗਈ ਤਾਂ ਪੰਜਾਬ ਦੇ ਮੁਲਾਜ਼ਮ ਨੂੰ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ।